
ਮਾਮਲਾ ਕਿਲਾ ਰਾਏਪੁਰ ਦੀਆਂ ਖੇਡਾਂ 'ਚ ਬੈਲ ਗੱਡੀਆਂ ਦੀਆਂ ਦੌੜਾਂ ਦਾ.....
ਡੇਹਲੋਂ : ਕਿਲਾ ਰਾਏਪੁਰ ਦੀਆਂ ਖੇਡਾਂ ਵਿਚ ਬੈਲ ਗੱਡੀਆਂ ਦੀਆਂ ਦੌੜਾਂ ਸ਼ੁਰੂ ਕਰਵਾਏ ਜਾਣ ਦੀ ਮੰਗ ਸਬੰਧੀ ਮੰਗ ਨੂੰ ਵਿਧਾਨ ਸਭਾ ਦੇ ਅਗਲੇ ਸ਼ੈਸ਼ਨ ਵਿਚ ਰੱਖਿਆ ਜਾਵੇਗਾ ਜਦਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਨ੍ਹਾਂ ਖੇਡਾਂ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਿੰਡ ਕਿਲਾ ਰਾਏਪੁਰ ਵਿਖੇ ਰਣਜੀਤ ਸਿੰਘ ਮਾਂਗਟ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਭ੍ਰਿਸ਼ਟਾਚਾਰ ਤੇ ਨਸ਼ੇ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ
ਜਦਕਿ ਸਰਕਾਰ ਵਲੋਂ ਅਜਿਹੇ ਲੋਕਾਂ ਨਾਲ ਸਖ਼ਤੀ ਨਾਲ ਨਜਿਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ 24 ਕਰੋੜ ਰੁਪਿਆ ਆ ਚੁੱਕਾ ਹੈ ਜਿਸ ਨਾਲ ਜਲਦ ਹੀ ਜ਼ਿਲ੍ਹੇ ਦੇ ਪਿੰਡਾਂ ਦੇ ਵਿਕਾਸ ਕਾਰਜ ਕੀਤੇ ਜਾਣਗੇ। ਪੰਚਾਇਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਬਹੁਤ ਹੀ ਸ਼ਾਂਤਮਈ ਢੰਗ ਨਾਲ ਪੰਚਾਇਤੀ ਚੋਣਾਂ ਕਰਵਾਈਆਂ ਗਈਆਂ ਹਨ ਜਦਕਿ ਚੁਣੇ ਗਏ ਪੰਚਾਇਤੀ ਨੁਮਾਇੰਦਿਆਂ ਨੂੰ ਆਪੋ ਅਪਣੇ ਪਿੰਡਾਂ ਦੇ ਵਿਕਾਸ ਲਈ ਨਿਰਪੱਖ ਤਰੀਕੇ ਤੇ ਇਮਾਨਦਾਰੀ ਨਾਲ ਕੰਮ ਕਰਨਾਂ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਉਨ੍ਹਾਂ ਕੋਲੋਂ ਕਿਸੇ ਗ੍ਰਾਂਟ ਜਾਂ ਹੋਰ ਕੰਮ ਸਬੰਧੀ ਕਮਿਸ਼ਨ ਮੰਗੇ ਤਾਂ ਉਨ੍ਹਾਂ ਨੂੰ ਸ਼ਿਕਾਇਤ ਕੀਤੀ ਜਾਵੇ। ਇਸ ਮੌਕੇ ਪੰਚਾਇਤ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਰਵਨੀਤ ਸ਼ਿੰਘ ਬਿੱਟੂ, ਵਿਧਾਇਕ ਕੁਲਦੀਪ ਸਿੰਘ ਵੈਦ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਵਿਧਾਇਕ ਅਮਰੀਕ ਸਿੰਘ ਢਿੱਲੋਂ, ਰਣਜੀਤ ਸਿੰਘ ਮਾਂਗਟ, ਅਵਤਾਰ ਸਿੰਘ ਗਰੇਵਾਲ, ਜਗਦੀਪ ਸਿੰਘ ਗਰੇਵਾਲ, ਗੁਰਦੀਪ ਸਿੰਘ ਦੀਪਾ ਹਾਜ਼ਰ ਸਨ।