
40 ਹਜ਼ਾਰ ਤੋਂ ਵੱਧ ਕਾਰੋਬਾਰੀਆਂ ਨੂੰ ਯਕਮੁਸ਼ਤ ਨਿਪਟਾਰਾ ਸਕੀਮ ਤਹਿਤ ਮਿਲੇਗੀ ਰਾਹਤ: ਸੋਨੀ
ਪੰਜਾਬ ਪ੍ਰਦੇਸ਼ ਵਪਾਰ ਮੰਡਲ ਨੇ ਕੈਬਨਿਟ ਮੰਤਰੀ ਸੋਨੀ ਦਾ ਕੀਤਾ ਧਨਵਾਦ
ਅੰਮਿ੍ਰਤਸਰ, 12 ਜਨਵਰੀ: (ਜਗਜੀਤ ਸਿੰਘ ਜੱਗਾ): ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ 2021 ਨੂੰ ਪੰਜਾਬ ਕੈਬਨਿਟ ਵਲੋਂ ਪ੍ਰਵਾਨਗੀ ਦੇ ਦਿਤੀ ਗਈ ਜਿਸ ਤਹਿਤ 40 ਹਜ਼ਾਰ ਤੋਂ ਵੱਧ ਕਾਰੋਬਾਰੀਆਂ ਨੂੰ ਟੈਕਸ ਵਿਚ 90 ਫ਼ੀ ਸਦੀ ਦੀ ਛੋਟ ਅਤੇ ਵਿਆਜ ਅਤੇ ਜੁਰਮਾਨੇ ਵਿਚ 100 ਫ਼ੀ ਸਦੀ ਰਾਹਤ ਮਿਲੇਗੀ ਅਤੇ ਵਪਾਰੀਆਂ ਨੂੰ ਬਕਾਇਆ ਟੈਕਸ ਦੀ ਸਿਰਫ਼ 10 ਫ਼ੀ ਸਦੀ ਅਦਾਇਗੀ ਅਤੇ ਵਿਆਜ ਅਤੇ ਜੁਰਮਾਨੇ ਦੀ ਕੋਈ ਵੀ ਕੀਮਤ ਅਦਾ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਵਰਚੂਅਲ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਸਮੇਂ ਕੀਤਾ।
ਸੋਨੀ ਨੇ ਕਿਹਾ ਕਿ ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ ਦੇ ਲਾਗੂ ਹੋਣ ਨਾਲ ਸਰਕਾਰੀ ਖ਼ਜਾਨੇ ਤੇ 121.06 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ ਅਤੇ ਇਹ ਯੋਜਨਾ 1 ਫ਼ਰਵਰੀ 2021 ਤੋਂ ਪੂਰੇ ਰਾਜ ਵਿਚ ਲਾਗੂ ਕੀਤੀ ਜਾਵੇਗੀ ਜਿਸ ਤਹਿਤ ਸਾਰੇ ਕਾਰੋਬਾਰੀ ਜਿੰਨਾਂ ਦੀਆਂ ਅਸੈਸਮੈਂਟ 31 ਦਸੰਬਰ 2020 ਤਕ ਕੀਤੀਆਂ ਜਾ ਚੁੱਕੀਆਂ ਹਨ। ਉਹ 30 ਅਪ੍ਰੈਲ ਤਕ ਇਸ ਸਕੀਮ ਤਹਿਤ ਅਪਲਾਈ ਕਰ ਸਕਦੇ ਹਨ। ਇਸ ਦੇ ਨਾਲ ਹੀ ਕਾਰੋਬਾਰੀ ਕਾਨੂੰਨੀ ਫ਼ਾਰਮ ਜਿਵੇਂ ਸੀ ਫ਼ਾਰਮ ਵੀ ਜਮ੍ਹਾ ਕਰਵਾ ਸਕਦਾ ਹੈ ਜੋ ਕਿ ਅਸੈਸਮੈਂਟ ਦੇ ਸਮੇਂ ਨਹੀਂ ਦਿਤਾ ਗਿਆ ਅਤੇ ਕਾਰੋਬਾਰੀ ਨੂੰ ਸਵੈ ਅਸੈਸਮੈਂਟ ਕਰਨੀ ਹੋਵੇਗੀ।
ਉਨ੍ਹਾਂ ਕਿਹਾ ਕਿ ਕੋਵਿਡ 19 ਕਰ ਕੇ ਖਾਸਕਰ ਕਾਰੋਬਾਰੀ ਭਾਈਚਾਰੇ ਨੂੰ ਤਾਲਾਬੰਦੀ ਦੌਰਾਨ ਕਾਫ਼ੀ ਨੁਕਸਾਨ ਝੱਲਣਾ ਪਿਆ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਵਲੋਂ ਇਹ ਸਕੀਮ ਲਿਆਂਦੀ ਗਈ ਹੈ। ਉਨ੍ਹਾਂ ਵਲੋਂ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿਚ ਵਪਾਰੀਆਂ ਦੀਆਂ ਇਸ ਮੁਸ਼ਕਲ ਨੂੰ ਲਿਆਂਦਾ ਗਿਆ ਸੀ ਅਤੇ ਮੁੱਖ ਮੰਤਰੀ ਪੰਜਾਬ ਵਲੋਂ ਗੌਰ ਕਰਦੇ ਹੋਏ ਇਸ ਸਕੀਮ ਨੂੰ ਪ੍ਰਵਾਨਗੀ ਦਿਤੀ ਹੈ।
1sr News 4