
ਕਾਲੇ ਕਾਨੂੰਨ ਨੂੰ ਰੱਦ ਕਰਨਾ ਹੀ ਕੇਵਲ ਹੱਲ, ਕਮੇਟੀ ਬਣਾਉਣਾ ਕੋਈ ਹਲ ਨਹੀਂ: ਭਗਵੰਤ ਮਾਨ
ਚੰਡੀਗੜ੍ਹ, 12 ਜਨਵਰੀ (ਸੁਰਜੀਤ ਸਿੰਘ ਸੱਤੀ): ਸੁਪਰੀਮ ਕੋਰਟ ਵਲੋਂ ਖੇਤੀ ਕਾਨੂੰਨ ਉੱਤੇ ਤੁਰਤ ਰੋਕ ਲਗਾਉਣ ਅਤੇ ਹੱਲ ਕੱਢਣ ਲਈ ਅਦਾਲਤ ਵਲੋਂ ਕਮੇਟੀ ਗਠਨ ਕਰਨ ਦੇ ਫ਼ੈਸਲੇ ਉੱਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਅਸੀਂ ਕਿਸਾਨਾਂ ਦੀ ਮੰਗ ਦਾ ਸਮਰਥਨ ਕਰਦੇ ਹਾਂ ਅਤੇ ਕੇਂਦਰ ਵਲੋਂ ਬਣਾਏ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣਾ ਚਾਹੁੰਦੇ ਹਾਂ | ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਕੋਈ ਅਜਿਹਾ ਸਮਝੌਤਾ ਨਹੀਂ ਚਾਹੁੰਦੀ ਜਿਸ ਦੀ ਕਿਸਾਨਾਂ ਨੂੰ ਕੀਮਤ ਚੁਕਾਉਣੀ ਪਵੇ | ਉਨ੍ਹਾਂ ਕਿਹਾ ਕਿ ਕਈ ਮਹੀਨਿਆਂ ਤੋਂ ਜਾਰੀ ਟਕਰਾਅ ਨੂੰ ਖ਼ਤਮ ਕਰਨ ਦਾ ਕੇਵਲ ਇਕ ਹੀ ਹਲ ਹੈ ਕਿ ਕਾਲੇ ਖੇਤੀ ਕਾਨੂੰਨਾ ਨੂੰ ਰੱਦ ਕੀਤਾ ਜਾਵੇ | ਕਮੇਟੀ ਬਣਾਉਣਾ ਇਸ ਦਾ ਕੋਈ ਪੱਕਾ ਹਲ ਨਹੀਂ ਹੈ | ਕਮੇਟੀ ਦੀ ਨਿਰਪੱਖਤਾ ਉੱਤੇ ਸਵਾਲ ਖੜ੍ਹੇ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਕਮੇਟੀ ਵਿਚ ਜੋ ਲੋਕ ਸ਼ਾਮਲ ਕੀਤੇ ਗਏ ਹਨ | ਉਨ੍ਹਾਂ ਵਿਚੋਂ ਜ਼ਿਆਦਾਤਰ ਕੇਂਦਰ ਸਰਕਾਰ ਦੇ ਨੁਮਾਇੰਦੇ ਹਨ | ਸਾਨੂੰ ਸ਼ੱਕ ਹੈ ਕਿ ਇਹ ਕਮੇਟੀ ਕਿਸਾਨਾਂ ਦੀਆਂ ਅਸਲ ਸਮੱਸਿਆਵਾਂ ਨੂੰ ਸਮਝਕੇ ਉਨ੍ਹਾਂ ਦਾ ਕੋਈ ਸਥਾਈ ਹੱਲ ਕਰ ਸਕੇਗੀ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਹ ਲੜਾਈ ਕੋਈ ਕਮੇਟੀ ਬਣਾਉਣ ਲਈ ਨਹੀਂ ਹੈ | ਕਿਸੇ ਕਿਸਾਨ ਜਥੇਬੰਦੀ ਨੇ ਕਦੇ ਵੀ ਹੱਲ ਲਈ ਕੋਈ ਕਮੇਟੀ ਦੀ ਨੰਦ ਤੋਂ ਕੀਤੀ ਤੇ ਸਿਰਫ਼ ਇਕ ਹੀ ਮੰਗ ਹੈ ਕਿ ਕਿਸਾਨਾਂ ਦੇ ਭਵਿੱਖ ਨੂੰ ਖ਼ਤਰੇ ਵਿਚ ਪਾਉਣ ਵਾਲੇ ਇਨ੍ਹਾਂ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ |
image