
ਮਾਲ ਵਿਭਾਗ 'ਚ ਕਿਸੇ ਵੀ ਪੱਧਰ 'ਤੇ ਭਿ੍ਸ਼ਟਾਚਾਰ ਬਰਦਾਸ਼ਤ ਨਹੀਂ : ਜਿੰਪਾ
ਚੰਡੀਗੜ੍ਹ, 12 ਜਨਵਰੀ (ਭੁੱਲਰ) : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਾਸੀਆਂ ਨੂੰ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੇ ਕੀਤੇ ਵਾਅਦੇ ਤਹਿਤ ਪਿਛਲੇ 9 ਮਹੀਨਿਆਂ ਤੋਂ ਰਿਸ਼ਵਤਖੋਰਾਂ ਵਿਰੁਧ ਵਿੱਢੀ ਮੁਹਿੰਮ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਭਰਵੇਂ ਸ਼ਬਦਾਂ ਵਿਚ ਪ੍ਰਸ਼ੰਸਾ ਕੀਤੀ ਹੈ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵਲੋਂ ਦਿ੍ੜ ਇਰਾਦੇ ਨਾਲ ਭਿ੍ਸ਼ਟਾਚਾਰੀਆਂ ਵਿਰੁਧ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸ ਮੁਹਿੰਮ ਦੀ ਕਾਮਯਾਬੀ ਲਈ ਆਮ ਲੋਕਾਂ ਨੂੰ ਪੰਜਾਬ ਸਰਕਾਰ ਦਾ ਖੁਲ੍ਹ ਕੇ ਸਾਥ ਦੇਣਾ ਚਾਹੀਦਾ ਹੈ |
ਜਿੰਪਾ ਨੇ ਕਿਹਾ ਕਿ ਸਰਕਾਰ ਬਣਦੇ ਸਾਰ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਨੇ ਪ੍ਰਣ ਕੀਤਾ ਸੀ ਕਿ ਰਿਸ਼ਵਤਖੋਰੀ ਦੇ ਕੋਹੜ ਨੂੰ ਪੰਜਾਬ 'ਚੋਂ ਖ਼ਤਮ ਕਰ ਕੇ ਦਮ ਲਿਆ ਜਾਵੇਗਾ ਅਤੇ ਇਸ ਮਕਸਦ ਦੀ ਪੂਰਤੀ ਲਈ ਕਿਸੇ ਵੀ ਪੱਧਰ ਦੇ ਭਿ੍ਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਭਿ੍ਸ਼ਟਾਚਾਰੀਆਂ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਕਿਸੇ ਵੀ ਪੱਧਰ ਦਾ ਦਬਾਅ ਰਿਸ਼ਵਤਖੋਰਾਂ ਨੂੰ ਕਾਰਵਾਈ ਤੋਂ ਬਚਾਅ ਨਹੀਂ ਸਕਦਾ |
ਮਾਲ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਰਾਜ ਦੌਰਾਨ ਕਈ ਵਿਭਾਗਾਂ ਦੀ ਕਾਰਗੁਜ਼ਾਰੀ ਤੋਂ ਆਮ ਲੋਕ ਕਾਫ਼ੀ ਦੁਖੀ ਸਨ ਪਰ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਸੇਵਾ ਸੰਭਾਲੀ ਹੈ ਉਦੋਂ ਤੋਂ ਸਾਰਥਕ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ | ਅਪਣੀ ਹੀ ਸਰਕਾਰ ਦੇ ਇਕ ਮੰਤਰੀ ਤੋਂ ਲੈ ਕੇ ਪਿਛਲੀਆਂ ਸਰਕਾਰਾਂ ਵਿਚ ਭਿ੍ਸ਼ਟਾਚਾਰੀ ਤਰੀਕਿਆਂ ਰਾਹੀਂ ਪੰਜਾਬ ਨੂੰ ਲੁੱਟਣ ਵਾਲੇ ਸਿਆਸਤਦਾਨਾਂ ਅਤੇ ਅਫ਼ਸਰਾਂ ਦਾ ਪਰਦਾਫ਼ਾਸ਼ ਕਰ ਕੇ ਮਾਨ ਸਰਕਾਰ ਨੇ ਇਹ ਸਪੱਸ਼ਟ ਸੰਕੇਤ ਦਿਤਾ ਹੈ ਕਿ ਰਿਸ਼ਵਤਖੋਰੀ ਕਰਨ ਵਾਲੇ ਕਿਸੇ ਵੀ ਮੰਤਰੀ, ਅਫ਼ਸਰ ਜਾਂ ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ |