
20 ਦਸੰਬਰ ਨੂੰ ਜਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਪੰਜਾਬ ਸਰਕਾਰ ਦੇ ਅਧਿਕਾਰੀਆਂ ਵਿਰੁਧ ਮਾਨਹਾਨੀ ਦੀ ਕਾਰਵਾਈ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਵੀ ਸੁਣਵਾਈ ਹੋਵੇਗੀ
ਨਵੀਂ ਦਿੱਲੀ : ਸੁਪਰੀਮ ਕੋਰਟ ’ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨਾਲ ਜੁੜੀਆਂ ਪਟੀਸ਼ਨਾਂ ’ਤੇ 15 ਜਨਵਰੀ ਨੂੰ ਸੁਣਵਾਈ ਹੋਵੇਗੀ। ਡੱਲੇਵਾਲ ਅਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਹਨ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਐਨ. ਕੋਟੀਸ਼ਵਰ ਸਿੰਘ ਦੀ ਬੈਂਚ ਡੱਲੇਵਾਲ ਵਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰੇਗੀ।
ਪਟੀਸ਼ਨ ’ਚ ਕੇਂਦਰ ਸਰਕਾਰ ਨੂੰ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਰੰਟੀ ਵਰਗੇ ਪ੍ਰਸਤਾਵਾਂ ਨੂੰ ਲਾਗੂ ਕਰਨ ਦਾ ਹੁਕਮ ਦੇਣ ਦੀ ਮੰਗ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕੇਂਦਰ ਤੋਂ ਪੁਛਿਆ ਸੀ ਕਿ ਸਰਕਾਰ ਇਹ ਕਿਉਂ ਨਹੀਂ ਕਹਿ ਸਕਦੀ ਕਿ ਉਸ ਦੇ ਦਰਵਾਜ਼ੇ (ਕਿਸਾਨਾਂ ਲਈ) ਖੁੱਲ੍ਹੇ ਹਨ ਅਤੇ ਉਹ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ ਅੰਦੋਲਨਕਾਰੀ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ’ਤੇ ਉਨ੍ਹਾਂ ਦੀਆਂ ਜਾਇਜ਼ ਸ਼ਿਕਾਇਤਾਂ ’ਤੇ ਵਿਚਾਰ ਕਰੇਗੀ।
ਸੁਪਰੀਮ ਕੋਰਟ ਡੱਲੇਵਾਲ ਨੂੰ ਹਸਪਤਾਲ ਤਬਦੀਲ ਕਰਨ ਲਈ ਪਿਛਲੇ ਸਾਲ 20 ਦਸੰਬਰ ਨੂੰ ਜਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਪੰਜਾਬ ਸਰਕਾਰ ਦੇ ਅਧਿਕਾਰੀਆਂ ਵਿਰੁਧ ਮਾਨਹਾਨੀ ਦੀ ਕਾਰਵਾਈ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਵੀ ਸੁਣਵਾਈ ਕਰੇਗੀ। 12 ਦਸੰਬਰ, 2024 ਨੂੰ ਡੱਲੇਵਾਲ ਨੇ ਕਈ ਧਾਰਮਕ ਆਗੂਆਂ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਸੀ ਕਿ ਉਹ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕਰਨ, ਜਿਸ ’ਚ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਵੀ ਸ਼ਾਮਲ ਹੈ।
ਡੱਲੇਵਾਲ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) (ਗੈਰ-ਸਿਆਸੀ) ਦੇ ਕਨਵੀਨਰ ਹਨ ਅਤੇ ਉਨ੍ਹਾਂ ਨੇ 26 ਨਵੰਬਰ, 2024 ਨੂੰ ਮਰਨ ਵਰਤ ਸ਼ੁਰੂ ਕੀਤਾ ਸੀ। ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਦਿਤੀ ਗਈ ਡਾਕਟਰੀ ਸਹਾਇਤਾ ਤੋਂ ਇਨਕਾਰ ਕਰ ਦਿਤਾ ਅਤੇ ਹਾਲ ਹੀ ’ਚ ਉਸ ਦੀ ਸਿਹਤ ਕਾਫ਼ੀ ਵਿਗੜ ਗਈ। ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ 13 ਫ਼ਰਵਰੀ ਨੂੰ ਸੁਰੱਖਿਆ ਬਲਾਂ ਵਲੋਂ ਦਿੱਲੀ ਵਲ ਮਾਰਚ ਰੋਕਣ ਤੋਂ ਬਾਅਦ ਕਿਸਾਨ ਪੰਜਾਬ ਅਤੇ ਹਰਿਆਣਾ ਦਰਮਿਆਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਡੇਰਾ ਲਾਈ ਬੈਠੇ ਹਨ।