
ਸਾਬਕਾ ਡੀ.ਜੀ.ਪੀ. ਦੀ ਕੋਟਕਪੂਰਾ ਗੋਲੀਕਾਂਡ ਵਿਚ ਜ਼ਮਾਨਤ ਦੀ ਅਰਜ਼ੀ 16 ਫ਼ਰਵਰੀ ਤਕ ਮੁਲਤਵੀ
ਕੋਟਕਪੂਰਾ, 12 ਫ਼ਰਵਰੀ (ਗੁਰਿੰਦਰ ਸਿੰਘ): ਸ਼ੈਸ਼ਨ ਜੱਜ ਸੁਮਿਤ ਮਲਹੋਤਰਾ ਦੀ ਅਦਾਲਤ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਹੁਣ ਕੋਟਕਪੂਰਾ ਗੋਲੀਕਾਂਡ ਵਿਚ ਵੀ ਗਿ੍ਰਫ਼ਤਾਰੀ ਦਾ ਖ਼ਦਸ਼ਾ ਪ੍ਰਗਟਾਉਂਦਿਆਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ ਜਿਸ ’ਤੇ ਸ਼ੈਸ਼ਨ ਜੱਜ ਸੁਮਿਤ ਮਲਹੋਤਰਾ ਨੇ ਇਸ ਜ਼ਮਾਨਤ ਦੀ ਅਰਜ਼ੀ ’ਤੇ ਪੰਜਾਬ ਸਰਕਾਰ ਅਤੇ ਐਸਆਈਟੀ ਨੂੰ 16 ਫ਼ਰਵਰੀ ਲਈ ਨੋਟਿਸ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿਚ ਐਸਆਈਟੀ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਵਿਰੁਧ ਚਲਾਨ ਜੁਡੀਸ਼ੀਅਲ ਮੈਜਿਸਟ੍ਰੇਟ ਏਕਤਾ ਉੱਪਲ ਦੀ ਅਦਾਲਤ ਵਿਚ ਪੇਸ਼ ਕਰ ਦਿਤਾ ਹੈ। ਐਸਆਈਟੀ ਨੇ ਤਤਕਾਲੀ ਡੀਜੀਪੀ ਸੁਮੇਧ ਸੈਣੀ ਨੂੰ ਕੋਟਕਪੂਰਾ ਗੋਲੀਕਾਂਡ ਦੀ ਸਾਜਸ਼ ਰਚਣ ਦੇ ਦੋਸ਼ਾਂ ਤਹਿਤ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ ਜਿਸ ਦੀ ਸੁਣਵਾਈ 18 ਫ਼ਰਵਰੀ ਤਕ ਮੁਲਤਵੀ ਕਰਦਿਆਂ ਸਾਬਕਾ ਡੀਜੀਪੀ ਨੂੰ ਹੁਕਮ ਦਿਤੇ ਹਨ ਕਿ ਉਹ ਅਦਾਲਤ ਸਾਹਮਣੇ ਪੇਸ਼ ਹੋਣ। ਇਸ ਤੋਂ ਪਹਿਲਾਂ ਐਸਆਈਟੀ ਨੇ ਕੋਟਕਪੂਰਾ ਗੋਲੀਕਾਂਡ ਵਿਚ ਮੁੁਅੱਤਲੀ ਅਧੀਨ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਐਸ.ਪੀ. ਬਲਜੀਤ ਸਿੰਘ ਸਿੱਧੂ, ਡੀਐਸਪੀ ਪਰਮਜੀਤ ਸਿੰਘ ਪੰਨੂ, ਸਿਟੀ ਕੋਟਕਪੂਰਾ ਦੇ ਸਾਬਕਾ ਐਸਐਚਉ ਗੁਰਦੀਪ ਸਿੰਘ ਪੰਧੇਰ ਅਤੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਵਿਰੁਧ ਅਦਾਲਤ ਵਿਚ ਚਲਾਨ ਪੇਸ਼ ਕਰ ਕਰ ਚੁੱਕੀ ਹੈ। ਜ਼ਿਕਰਯੋਗ ਹੈ ਕਿ ਐਸਆਈਟੀ ਨੇ 15 ਜਨਵਰੀ ਨੂੰ ਬਹਿਬਲ ਗੋਲੀਕਾਂਡ ਵਿਚ ਸਾਬਕਾ ਡੀਜੀਪੀ ਖ਼ਿਲਾਫ਼ ਚਲਾਨ ਪੇਸ਼ ਕਰ ਦਿਤਾ ਸੀ। ਚਲਾਨ ਪੇਸ਼ ਹੋਣ ਨਾਲ ਸਾਬਕਾ ਡੀਜੀਪੀ ਸੁੁਮੇਧ ਸੈਣੀ ਦੀਆਂ ਮੁਸ਼ਕਲਾਂ ਜਰੂਰ ਵਧ ਗਈਆਂ ਹਨ ਕਿਉਂਕਿ ਹੁਕਮ ਮੁਤਾਬਕ ਸੈਣੀ ਦਾ ਅਦਾਲਤ ਵਿਚ ਪੇਸ਼ ਹੋਣਾ ਲਾਜ਼ਮੀ ਹੈ।