
ਖੇਤੀਬਾੜੀ ਮੰਤਰੀ ਨੇ ਗ਼ਲਤ ਦਸਿਆ, ਮੀਟਿੰਗ ਦੌਰਾਨ ਕੋਈ ਵੀ ਮੰਗ ਮਨਜ਼ੂਰ ਨਹੀਂ ਕੀਤੀ ਗਈ : ਡੱਲੇਵਾਲ
ਚੰਡੀਗੜ੍ਹ: ਕਿਸਾਨ ਨੇਤਾਵਾਂ ਨੇ ਮੰਗਲਵਾਰ ਨੂੰ ਨਰਿੰਦਰ ਮੋਦੀ ਸਰਕਾਰ ਦੀ ਆਲੋਚਨਾ ਕਰਦਿਆਂ ਦਾਅਵਾ ਕੀਤਾ ਕਿ ਉਸ ਨੇ ਅੰਬਾਲਾ ਨੇੜੇ ਅੱਥਰੂ ਗੈਸ ਦੇ ਗੋਲੇ ਚਲਾ ਕੇ ਦਿੱਲੀ ਵਲ ਮਾਰਚ ਕਰ ਰਹੇ ਪ੍ਰਦਰਸ਼ਨਕਾਰੀਆਂ ’ਤੇ ਹਮਲਾ ਕੀਤਾ, ਜਿਸ ’ਚ 60 ਲੋਕ ਜ਼ਖਮੀ ਹੋ ਗਏ। ਪੰਜਾਬ ਦੇ ਕਿਸਾਨਾਂ ਨੂੰ ਦੋ ਸਰਹੱਦੀ ਥਾਵਾਂ ’ਤੇ ਅੱਥਰੂ ਗੈਸ ਦੇ ਗੋਲਿਆਂ ਦਾ ਸਾਹਮਣਾ ਕਰਨਾ ਪਿਆ, ਜਿਨ੍ਹਾਂ ਵਿਚੋਂ ਕੁੱਝ ਡਰੋਨ ਰਾਹੀਂ ਸੁੱਟੇ ਗਏ। ਇਹ ਉਦੋਂ ਹੋਇਆ ਜਦਕਿ ਸਾਨਾਂ ਨੇ ਕੌਮੀ ਰਾਜਧਾਨੀ ਵਲ ਵਧਣ ਦੀ ਕੋਸ਼ਿਸ਼ ਕਰਦਿਆਂ ਹਰਿਆਣਾ ਪੁਲਿਸ ਵਲੋਂ ਲਗਾਏ ਗਏ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ ’ਤੇ ਪੱਤਰਕਾਰਾਂ ਨੂੰ ਕਿਹਾ, ‘‘ਅੱਜ ਭਾਰਤ ਦੇ ਇਤਿਹਾਸ ਦਾ ਕਾਲਾ ਦਿਨ ਹੈ। ਜਿਸ ਤਰ੍ਹਾਂ ਮੋਦੀ ਸਰਕਾਰ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ’ਤੇ ਹਮਲਾ ਕੀਤਾ, ਉਹ ਸ਼ਰਮਨਾਕ ਹੈ।’’ ਉਨ੍ਹਾਂ ਅੱਗੇ ਕਿਹਾ, ‘‘ਅੱਜ ਵੀ ਅਸੀਂ ਕਹਿੰਦੇ ਹਾਂ ਕਿ ਅਸੀਂ ਦੇਸ਼ ਦੇ ਕਿਸਾਨ ਅਤੇ ਮਜ਼ਦੂਰ ਹਾਂ ਅਤੇ ਕੋਈ ਲੜਾਈ ਨਹੀਂ ਚਾਹੁੰਦੇ।’’
ਉਨ੍ਹਾਂ ਨੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਅਤੇ ਕਰਜ਼ਾ ਮੁਆਫੀ ਲਈ ਕਾਨੂੰਨੀ ਗਰੰਟੀ ਦੀ ਕਿਸਾਨਾਂ ਦੀ ਮੰਗ ਨੂੰ ਦੁਹਰਾਇਆ। ਪੰਧੇਰ ਨੇ ਕਿਹਾ ਕਿ ਜਦ ਕਿ ਸੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਤਾਂ ਕਿਸਾਨਾਂ ਨੂੰ ਸੜਕਾਂ ’ਤੇ ਉਤਰਨ ਅਤੇ ਦਿੱਲੀ ਵਲ ਮਾਰਚ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦਾ ਅੰਦੋਲਨ ਸ਼ਾਂਤਮਈ ਰਿਹਾ ਹੈ। ਕਿਸਾਨ ਆਗੂ ਨੇ ਕਿਹਾ, ‘‘ਹੁਣ ਸ਼ਾਮ ਹੋ ਗਈ ਹੈ। ਅਸੀਂ ਅਪਣੇ ਨੌਜੁਆਨਾਂ ਨੂੰ ਦੱਸਾਂਗੇ ਕਿ ਦੋਹਾਂ ਧਿਰਾਂ ਵਿਚਾਲੇ ਟਕਰਾਅ ਬੰਦ ਹੋਣਾ ਚਾਹੀਦਾ ਹੈ। ਅਸੀਂ ਕੱਲ੍ਹ ਦੁਬਾਰਾ ਮਿਲਾਂਗੇ।’’
ਇਕ ਹੋਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦਾਅਵਾ ਕੀਤਾ ਕਿ ਪੁਲਿਸ ਕਾਰਵਾਈ ਵਿਚ ਲਗਭਗ 60 ਨੌਜੁਆਨ ਕਿਸਾਨ ਜ਼ਖਮੀ ਹੋਏ ਹਨ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਨੁਮਾਇੰਦਗੀ ਕਰਨ ਵਾਲੇ ਡੱਲੇਵਾਲ ਨੇ ਕਿਹਾ ਕਿ ਕੇਂਦਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਕੋਈ ਗੰਭੀਰਤਾ ਨਹੀਂ ਵਿਖਾ ਰਿਹਾ ਹੈ। ਉਨ੍ਹਾਂ ਕਿਹਾ, ‘‘ਅਸੀਂ ਅਪਣੇ ਵਿਚਾਰ ਰਖਣਾ ਚਾਹੁੰਦੇ ਹਾਂ। ਕੋਈ ਨਵੀਂ ਮੰਗ ਨਹੀਂ ਹੈ ਅਤੇ ਇਹ ਸਰਕਾਰ ਵਲੋਂ ਕੀਤੇ ਗਏ ਵਾਅਦੇ ਹਨ।’’
ਕੇਂਦਰੀ ਮੰਤਰੀ ਅਰਜੁਨ ਮੁੰਡਾ ਦੇ ਬਿਆਨ ਕਿ ਸੋਮਵਾਰ ਨੂੰ ਹੋਈ ਮੀਟਿੰਗ ਦੌਰਾਨ ਜ਼ਿਆਦਾਤਰ ਮੰਗਾਂ ’ਤੇ ਸਹਿਮਤੀ ਬਣੀ ਸੀ, ਦਾ ਹਵਾਲਾ ਦਿੰਦਿਆਂ ਡੱਲੇਵਾਲ ਨੇ ਕਿਹਾ ਕਿ ਕੋਈ ਵੀ ਮੰਗ ਮਨਜ਼ੂਰ ਨਹੀਂ ਕੀਤੀ ਗਈ। ਇਕ ਹੋਰ ਕਿਸਾਨ ਆਗੂ ਸੁਰਜੀਤ ਸਿੰਘ ਫੂਲ ਨੇ ਦਾਅਵਾ ਕੀਤਾ ਕਿ ਹਰਿਆਣਾ ਦੇ ਸੁਰੱਖਿਆ ਕਰਮੀਆਂ ਨੇ ਪ੍ਰਦਰਸ਼ਨਕਾਰੀਆਂ ’ਤੇ ਅੱਠ ਘੰਟੇ ਤੋਂ ਵੱਧ ਸਮੇਂ ਤਕ ਅੱਥਰੂ ਗੈਸ ਦੇ ਹਜ਼ਾਰਾਂ ਗੋਲੇ ਛੱਡੇ।