
ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਐਲਾਨ ਉਪਰੰਤ ਪੰਜਾਬ 'ਚ ਸਿਆਸੀ ਪਾਰਟੀਆਂ ਨੇ ਸਰਗਰਮੀ ਤੇਜ਼ ਕਰ ਦਿੱਤੀ ਹੈ। ਸਾਰੀਆਂ ਪਾਰਟੀਆਂ ਵੱਖ-ਵੱਖ ਸੀਟਾਂ ਤੋਂ ਉਮੀਦਵਾਰਾਂ...
ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਐਲਾਨ ਉਪਰੰਤ ਪੰਜਾਬ 'ਚ ਸਿਆਸੀ ਪਾਰਟੀਆਂ ਨੇ ਸਰਗਰਮੀ ਤੇਜ਼ ਕਰ ਦਿੱਤੀ ਹੈ। ਸਾਰੀਆਂ ਪਾਰਟੀਆਂ ਵੱਖ-ਵੱਖ ਸੀਟਾਂ ਤੋਂ ਉਮੀਦਵਾਰਾਂ ਦੇ ਨਾਵਾਂ ਦੀ ਅੰਤਮ ਸੂਚੀ ਲਈ ਮੀਟਿੰਗਾਂ ਕਰ ਰਹੀਆਂ ਹਨ। ਇਸ ਵਾਰ ਖਡੂਰ ਸਾਹਿਬ ਸੀਟ ਤੋਂ ਮੁਕਾਬਲਾ ਕਾਫ਼ੀ ਦਿਲਚਸਪ ਹੋਣ ਵਾਲਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਹਲਕਾ ਖਡੂਰ ਸਾਹਿਬ ਤੋਂ ਚੋਣ ਮੈਦਾਨ 'ਚ ਉਤਾਰਿਆ ਹੈ। ਉੱਥੇ ਹੀ ਪੰਜਾਬ ਡੈਮੋਕ੍ਰੇਟਿਕ ਗਠਜੋੜ ਵੱਲੋਂ ਪਰਮਜੀਤ ਕੌਰ ਖਾਲੜਾ ਨੂੰ ਇਸ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ. ਸਿੰਘ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਕਾਂਗਰਸ ਨੇ ਹਾਲੇ ਤਕ ਇੱਥੋਂ ਆਪਣਾ ਕੋਈ ਉਮੀਦਵਾਰ ਨਹੀਂ ਐਲਾਨਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਤਰਨ ਤਾਰਨ 'ਚ ਪਾਰਟੀ ਵਰਕਰਾਂ ਦੀ ਮੀਟਿੰਗ 'ਚ ਬੀਬੀ ਜਗੀਰ ਕੌਰ ਦੇ ਨਾਂ ਦਾ ਐਲਾਨ ਕੀਤਾ। ਬੀਬੀ ਜਗੀਰ ਕੌਰ ਵਲੋਂ ਕੁਝ ਦਿਨਾਂ ਤੋਂ ਖਡੂਰ ਸਾਹਿਬ ਹਲਕੇ 'ਚ ਰੈਲੀਆਂ ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਸਨ, ਜਿਸ ਤੋਂ ਅੰਦਾਜਾ ਲਗਾਇਆ ਜਾ ਰਿਹਾ ਸੀ ਕਿ ਪਾਰਟੀ ਇਸ ਵਾਰ ਉਨ੍ਹਾਂ ਨੂੰ ਇੱਥੋਂ ਚੋਣ ਲੜਵਾਏਗੀ।
Bibi Jagir Kaur-2
ਬੀਬੀ ਜਗੀਰ ਕੌਰ ਕਪੂਰਥਲਾ ਜ਼ਿਲ੍ਹੇ ਦੇ ਭੁਲੱਥ ਹਲਕੇ ਨਾਲ ਸਬੰਧਤ ਹਨ। ਉਹ ਪੰਜਾਬ ਦੇ ਸਾਬਕਾ ਮੰਤਰੀ ਹਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ 'ਤੇ ਰਹਿ ਚੁੱਕੇ ਹਨ। ਬੀਬੀ ਜਗੀਰ ਕੌਰ ਨੂੰ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਿਤਾ ਪਰਕਾਸ਼ ਸਿੰਘ ਬਾਦਲ ਦੇ ਵਫ਼ਾਦਾਰ ਸਿਆਸੀ ਆਗੂ ਵਜੋਂ ਵੇਖਿਆ ਜਾਂਦਾ ਹੈ। ਬੀਬੀ ਜਾਗੀਰ ਕੌਰ ਦਾ ਪਰਿਵਾਰਕ ਪਿਛੋਕੜ ਇੱਕ ਧਾਰਮਕ ਡੇਰੇ ਦਾ ਹੈ।
ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਉੱਤੇ ਸਾਲ 2000 ਦੌਰਾਨ ਦੋਸ਼ ਲੱਗਿਆ ਸੀ ਕਿ ਉਹ ਪ੍ਰੇਮ ਵਿਆਹ ਕਰਵਾਉਣ ਵਾਲੀ ਆਪਣੀ ਹੀ ਧੀ ਦੀ ਸ਼ੱਕੀ ਮੌਤ 'ਚ ਸ਼ਾਮਲ ਸਨ। ਸਜ਼ਾ ਹੋਣ ਕਾਰਨ ਉਹ ਪਿਛਲੀਆਂ ਵਿਧਾਨ ਸਭਾ ਚੋਣਾਂ ਨਹੀਂ ਲੜ ਸਕੇ ਸਨ। ਦਸੰਬਰ 2018 ਵਿੱਚ ਹਾਈ ਕੋਰਟ ਨੇ ਉਨ੍ਹਾਂ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਸੀ ਅਤੇ ਉਨ੍ਹਾਂ ਦਾ ਚੋਣ ਲੜਨ ਦਾ ਰਸਤਾ ਸਾਫ਼ ਹੋ ਗਿਆ ਸੀ।
Bibi Paramjeet Kaur Khalra
ਉਧਰ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਖਡੂਰ ਸਾਹਿਬ ਸੀਟ ਤੋਂ ਪੰਜਾਬ ਡੈਮੋਕ੍ਰੇਟਿਕ ਗਠਜੋੜ ਦੀ ਉਮੀਦਵਾਰ ਹੋਵੇਗੀ। ਆਪਣੇ ਪਤੀ ਦੇ ਅਚਾਨਕ ਗ਼ਾਇਬ ਹੋਣ ਦੇ ਮਾਮਲੇ 'ਚ ਇਨਸਾਫ ਲਈ 20 ਸਾਲ ਲੰਮਾ ਸਮਾਂ ਇੰਤਜ਼ਾਰ ਕਰਨ ਵਾਲੀ ਬੀਬੀ ਖਾਲੜਾ ਨੂੰ ਇਹ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਬੀਬੀ ਖਾਲੜਾ ਇਸ ਤੋਂ ਪਹਿਲਾਂ ਗੁਰਚਰਨ ਸਿੰਘ ਟੌਹੜਾ ਦੀ ਅਗਵਾਈ ਵਾਲੇ ਸਰਬ ਹਿੰਦ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਤਰਨ ਤਾਰਨ ਸੀਟ ਤੋਂ ਲੋਕ ਸਭਾ ਚੋਣ ਲੜ ਚੁੱਕੇ ਹਨ। ਉਦੋਂ ਉਹ ਅਸਫਲ ਰਹੇ ਸਨ।