
ਘਰਾਂ 'ਚ ਹੀ ਸਵੇਰੇ 11 ਵਜੇ ਮਹਾਮਾਰੀ ਦੇ ਖ਼ਾਤਮੇ ਲਈ ਅਰਦਾਸ ਕਰਨ ਲਈ ਆਖਿਆ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਅਪਣੇ ਬੱਚਿਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਸੁਰੱਖਿਆ ਲਈ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ 13 ਅਪਰੈਲ ਨੂੰ ਸਵੇਰੇ 11 ਵਜੇ ਆਪੋ-ਅਪਣੇ ਘਰਾਂ ਤੋਂ ਜਾਨਲੇਵਾ ਦੁਸ਼ਮਣ ਕੋਵਿਡ-19 'ਤੇ ਸੂਬੇ ਦੀ ਜਿੱਤ ਲਈ ਅਕਾਲ ਪੁਰਖ ਅੱਗੇ ਅਰਦਾਸ ਕਰਨ ਦੀ ਅਪੀਲ ਕੀਤੀ ਹੈ।
Photo
ਵਿਸਾਖੀ ਦੇ ਤਿਉਹਾਰ ਦੀ ਪੂਰਵ ਸੰਧਿਆ 'ਤੇ ਪੰਜਾਬ ਦੇ ਲੋਕਾਂ ਦੇ ਨਾਂ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾਵਾਇਰਸ ਦੀ ਮਹਾਮਾਰੀ ਦੇ ਮੱਦੇਨਜ਼ਰ ਇਸ ਵਾਰ ਦੀ ਵਿਸਾਖੀ ਪਹਿਲਾਂ ਨਾਲੋਂ ਵੱਖਰੀ ਹੈ ਜਿਸ ਕਰਕੇ ਲੋਕ ਵਿਸ਼ਾਲ ਇਕੱਠਾਂ ਦੇ ਰੂਪ ਵਿੱਚ ਰਵਾਇਤੀ ਜੋਸ਼ੋ-ਖਰੋਸ਼ ਨਾਲ ਇਸ ਤਿਉਹਾਰ ਨੂੰ ਮਨਾਉਣ ਲਈ ਬਾਹਰ ਨਹੀਂ ਨਿਕਲ ਸਕਦੇ।
File Photo
ਉਨ੍ਹਾਂ ਕਿਹਾ ਕਿ ਇਸ ਔਖੇ ਸਮੇਂ ਵਿੱਚ ਸਾਰਿਆਂ ਦਾ ਆਪਣੇ ਘਰਾਂ ਵਿੱਚ ਰਹਿਣਾ ਬਹੁਤ ਜ਼ਰੂਰੀ ਹੈ ਅਤੇ ਵਿਸਾਖੀ ਦੇ ਪਾਵਨ ਦਿਹਾੜੇ ਨੂੰ ਸੂਬੇ ਤੋਂ ਕੋਵਿਡ-19 ਦੇ ਮੁਕੰਮਲ ਖਾਤਮੇ ਲਈ ਅਰਦਾਸ ਕਰਕੇ ਮਨਾਇਆ ਜਾਵੇ।
File Photo
ਮੁੱਖ ਮੰਤਰੀ ਨੇ ਅਪੀਲ ਕਰਦਿਆਂ ਕਿਹਾ, ''ਆਓ ਅਸੀਂ ਸਾਰੇ ਵਾਹਿਗੁਰੂ ਅੱਗੇ ਅਰਦਾਸ ਕਰੀਏ ਕਿ ਸਾਨੂੰ ਅਤੇ ਸਾਡੇ ਪੰਜਾਬ ਨੂੰ ਚੜ੍ਹਦੀ ਕਲਾ ਵਿੱਚ ਰੱਖੇ ਅਤੇ ਸਾਡੇ ਲੋਕ ਸੁਰੱਖਿਅਤ ਤੇ ਸਦਾ ਖੁਸ਼ ਰਹਿਣ।'' ਉਨ੍ਹਾਂ ਕਿਹਾ ਕਿ ਇਹ ਅਪੀਲ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਲੋਕਾਂ ਨੂੰ ਕੀਤੀ ਗਈ ਹੈ ਕਿ ਉਹ ਇਸ ਸਾਲ ਵਿਸਾਖੀ ਮਨਾਉਣ ਲਈ ਇਕੱਠੇ ਜਾਂ ਬਾਹਰ ਨਾ ਹੋਣ।
Photo
ਇਹ ਆਸ ਤੇ ਵਿਸ਼ਵਾਸ ਕਰਦੇ ਹੋਏ ਕਿ ਪੰਜਾਬ ਇਸ ਮਹਾਮਾਰੀ ਉਤੇ ਜਿੱਤ ਪ੍ਰਾਪਤ ਕਰੇਗਾ, ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੜਾਈ ਖਿਲਾਫ ਆਪਣਾ ਫਰਜ਼ ਨਿਭਾਉਣ ਜਿਸ ਤਰ੍ਹਾਂ ਲੱਖਾਂ ਕਰਮਚਾਰੀ ਉਨ੍ਹਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਰੱਖਣ ਲਈ ਅੱਗੇ ਹੋ ਕੇ ਡਟੇ ਹੋਏ ਹਨ।