
ਬਿਰਕਮ ਸਿੰਘ ਮਜੀਠੀਆ ਵਿਰੁੱਧ ਮਾਣਹਾਨੀ ਦਾ ਮਾਮਲਾ ਦਾਇਰ ਕਰਨ ਦੀ ਤਿਆਰੀ
ਚੰਡੀਗੜ੍ਹ : ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਵਿਰੁੱਧ ਮੰਦੀ ਸ਼ਬਦਾਵਲੀ ਵਰਤਣ ਅਤੇ ਧਮਕੀਆਂ ਦੇਣ ਦੇ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਨੋਟਿਸ ਲੈਂਦਿਆਂ ਅਕਾਲੀ ਆਗੂ ਬਿਰਕਮ ਸਿੰਘ ਮਜੀਠੀਆ ਵਿਰੁੱਧ ਮਾਣਹਾਨੀ ਦਾ ਮਾਮਲਾ ਦਾਇਰ ਕਰਨ ਦੀ ਤਿਆਰੀ ਕਰ ਲਈ ਹੈ। ਇਸ ਬਾਰੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਦੱਸਿਆ ਕਿ ਇਹ ਕੇਸ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਦਾਇਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸੂਬਾ ਸਰਕਾਰ ਦੀ ਕਾਨੂੰਨੀ ਟੀਮ ਨੂੰ ਨਿਆਂਪਾਲਿਕਾ ਨਾਲ ਮਾਮਲੇ ਦੀ ਪੈਰਵੀ ਕਰਨ ਦੀ ਹਦਾਇਤ ਕੀਤੀ ਸੀ।
Bikram Singh Majithia
ਮੁੱਖ ਮੰਤਰੀ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਉਹ ਅਕਾਲੀਆਂ ਜਾਂ ਕਿਸੇ ਹੋਰ ਵੱਲੋਂ ਆਪਣੇ ਅਫਸਰਾਂ ਨੂੰ ਦਿੱਤੀਆਂ ਧਮਕੀਆਂ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਅਕਾਲੀਆਂ ਨੂੰ ਉਨ੍ਹਾਂ ਦੇ ਵਿਰੁੱਧ ਜਾਣ ਦੀ ਹਿੰਮਤ ਕਰਨ ਵਾਲਿਆਂ ਨੂੰ ਧਮਕਾਉਣ ਦੀ ਆਦਤ ਹੈ। ਇੱਥੇ ਉਨ੍ਹਾਂ ਜਸਟਿਸ ਰਣਜੀਤ ਸਿੰਘ ਦਾ ਜ਼ਿਕਰ ਕੀਤਾ ਜਿਨ੍ਹਾਂ ਅਕਾਲੀਆਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ। ਉਹ ਬੇਅਦਬੀ ਕਾਂਡ ਬਾਰੇ ਕਮਿਸ਼ਨ ਦੀ ਅਗਵਾਈ ਕਰ ਰਹੇ ਸਨ।
Kunwar Vijay Pratap
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਕ ਇੰਟਰਵਿਊ 'ਚ ਕਿਹਾ ਕਿ ਮਜੀਠੀਆ ਵੱਲੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਵਿਰੁੱਧ ਵਰਤੀ ਮੰਦੀ ਸ਼ਬਦਾਵਲੀ ਅਤੇ ਧਮਕੀਆਂ ਦੇਣਾ ਸਿੱਧ ਕਰਦਾ ਹੈ ਕਿ ਅਕਾਲੀ ਆਗੂ ਇਸ ਕਰ ਕੇ ਪੂਰੀ ਤਰ੍ਹਾਂ ਬੌਖ਼ਲਾਹਟ 'ਚ ਹਨ ਕਿ ਆਈ.ਜੀ. ਮੁੜ ਐਸ.ਆਈ.ਟੀ. 'ਚ ਪਰਤਣ ਵਾਲਾ ਹੈ ਅਤੇ ਬਰਗਾੜੀ ਤੇ ਬਹਿਬਲ ਕਲਾਂ ਮਾਮਲਿਆਂ 'ਚ ਇਨ੍ਹਾਂ ਵਿਰੁੱਧ ਜਾਂਚ ਸ਼ੁਰੂ ਹੋ ਜਾਣੀ ਹੈ।
Captain Amarinder Singh
ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਅਕਾਲੀ ਆਪਣੇ ਕੀਤੇ ਗਏ ਕਾਰਿਆਂ ਲਈ ਕਾਨੂੰਨ ਤੋਂ ਨਹੀਂ ਬਚਣਗੇ। ਉਨ੍ਹਾਂ ਨੇ ਦੁਹਰਾਇਆ ਕਿ ਬੇਅਦਬੀ ਦੀਆਂ ਘਟਨਾਵਾਂ ਬਾਦਲਾਂ ਦੇ ਉਨ੍ਹਾਂ ਦੀ ਜੁ਼ੰਡਲੀਆਂ ਨੇ ਨੱਕ ਹੇਠ ਵਾਪਰੀਆਂ ਅਤੇ ਗੋਲੀ ਚੱਲਣ ਦੀਆਂ ਘਟਨਾਵਾਂ ਵੀ ਇਨ੍ਹਾਂ ਦੀ ਜਾਣਕਾਰੀ ਤੋਂ ਬਿਨਾਂ ਨਹੀਂ ਵਾਪਰ ਸਕਦੀਆਂ। ਉਨ੍ਹਾਂ ਕਿਹਾ ਕਿ ਚੋਣਾਂ ਖ਼ਤਮ ਹੋਣ ਤੋਂ ਬਾਅਦ ਵਿਜੈ ਪ੍ਰਤਾਪ ਸਿੰਘ ਨੂੰ ਮੁੜ ਐਸ.ਆਈ.ਟੀ. 'ਚ ਸ਼ਾਮਲ ਕੀਤਾ ਜਾਵੇਗਾ ਤਾ ਕਿ ਜਾਂਚ ਨੂੰ ਸਿੱਟੇ 'ਤੇ ਲਿਜਾਇਆ ਜਾ ਸਕੇ।