
ਦਰਬਾਰ ਸਾਹਿਬ ਤਰਨਤਾਰਨ ਦੀ ਦਰਸ਼ਨੀ ਡਿਉੜੀ ਢਾਹੁਣ ਦਾ ਮਾਮਲਾ ਇਕ ਵਾਰ ਫਿਰ ਤੋਂ ਧੂੜ ਫੜਦਾ ਨਜ਼ਰ ਆ ਰਿਹਾ ਹੈ।
ਤਰਨਤਾਰਨ: ਦਰਬਾਰ ਸਾਹਿਬ ਤਰਨਤਾਰਨ ਦੀ ਦਰਸ਼ਨੀ ਡਿਉੜੀ ਢਾਹੁਣ ਦਾ ਮਾਮਲਾ ਇਕ ਵਾਰ ਫਿਰ ਤੋਂ ਧੂੜ ਫੜਦਾ ਨਜ਼ਰ ਆ ਰਿਹਾ ਹੈ। ਇਸਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਲਈ ਜਿੱਥੇ ਇਕ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਤਾਂ ਦੂਜੇ ਪਾਸੇ ਸਿੱਖ ਸਦਭਾਵਨਾ ਦਲ ਵੱਲੋਂ ਵੀ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸਦੇ ਨਾਲ ਹੀ ਦਲ ਵੱਲੋਂ ਤਰਨਤਾਰਨ ਦੇ ਐਸਐਸਪੀ ਕੋਲ ਇੱਕ ਸ਼ਿਕਾਇਤ ਵੀ ਦਰਜ ਕਰਵਾਈ ਗਈ ਜਿਸ ਵਿਚ ਇਤਿਹਾਸਿਕ ਦਰਸ਼ਨੀ ਡਿਉੜੀ ਨੂੰ ਢਾਹੁਣ ਲਈ ਜ਼ਿੰਮੇਵਾਰ ਵਿਅਕਤੀ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ ਸੀ।
Sikh Sadbhawna Dal
ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੱਤ ਦਿਨ ਦਾ ਸਮਾਂ ਦਿੱਤਾ ਗਿਆ ਸੀ ਅਤੇ ਉਹਨਾਂ ਵੱਲੋਂ ਸੱਤ ਦਿਨ ਪਹਿਲਾਂ ਇੱਕ ਮੰਗ ਪੱਤਰ ਵੀ ਦਿੱਤਾ ਗਿਆ ਸੀ ਜਿਸ ਵਿਚ ਲਿਖਿਆ ਸੀ ਕਿ ਸੱਤ ਦਿਨਾਂ ਵਿਚਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਜੇਕਰ ਕੋਈ ਰਿਪੋਰਟ ਨਾ ਦੇ ਸਕੀ ਤਾਂ ਤਰਨਤਾਰਨ ਦੇ ਗੁਰਦੁਆਰਾ ਸਾਹਿਬ ਦੀ ਇਤਿਹਾਸਕ ਦਰਸ਼ਨੀ ਡਿਉੜੀ ਦਾ ਕੰਮ ਸਿੱਖ ਸਦਭਾਵਨਾ ਦਲ ਵੱਲੋਂ ਕਰਵਾਇਆ ਜਾਵੇਗਾ।
Baldev Singh
ਉਨ੍ਹਾਂ ਨੇ ਕਿਹਾ ਕਿ ਹੁਣ ਇਹ ਸਮਾਂ ਬੀਤ ਚੁੱਕਾ ਹੈ ਅਤੇ 14 ਤਰੀਕ ਨੂੰ ਉਹ 12 ਵਜੇ ਤਰਨਤਾਰਨ ਵਿਖੇ ਦਰਸ਼ਨੀ ਡਿਉੜੀ ਦੇ ਕੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ 1984 ਦਾ ਮੁੱਦਾ ਇੱਕ ਵਾਰ ਫਿਰ ਤੋਂ ਵੋਟਾਂ ਵਿਚ ਨਜ਼ਰ ਆ ਰਿਹਾ ਹੈ। ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ 1984 ਲਈ ਜਿੰਨੀ ਜ਼ਿੰਮੇਵਾਰ ਇੰਦਰਾ ਗਾਂਧੀ ਹੈ ਓਨਾ ਹੀ ਦੋਸ਼ੀ ਪ੍ਰਕਾਸ਼ ਸਿੰਘ ਬਾਦਲ ਵੀ ਹੈ।
Darshani Deodi Darbar Sahib Taran Taran
ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਹੁਣ ਇਨ੍ਹਾਂ ਨੂੰ 1984, ਪੰਜਾਬ ਦਾ ਪਾਣੀ ਅਤੇ ਪੰਜਾਬੀ ਬੋਲਦੇ ਹੋਏ ਇਲਾਕੇ ਵੀ ਕੁਝ ਦਿਨਾਂ ਤੱਕ ਯਾਦ ਆਉਣਗੇ ਪਰ ਵੋਟਾਂ ਪੈਣ ਤੋਂ ਬਾਅਦ ਇਹ ਸਭ ਕੁਝ ਭੁੱਲ ਜਾਣਗੇ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਅਤੇ ਕਿਹਾ ਕਿ ਵੋਟ ਪਾਉਣ ਤੋਂ ਪਹਿਲਾਂ ਹਰ ਇੱਕ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਜ਼ਰੂਰ ਯਾਦ ਰੱਖੇ। ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਕਿ ਇਨ੍ਹਾਂ ਵੋਟਾਂ ਵਿਚ ਲੋਕ ਸ਼੍ਰੋਮਣੀ ਅਕਾਲੀ ਦਲ ਦਾ ਬਾਈਕਾਟ ਕਰਨ।