
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਕ ਵੀਡੀਉ
ਚੰਡੀਗੜ੍ਹ, 12 ਮਈ (ਸਪੋਸਕਮੈਨ ਸਮਾਚਾਰ ਸੇਵਾ) : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਕ ਵੀਡੀਉ ਕਾਨਫ਼ਰੰਸ ਰਾਹੀਂ ਸੂਬੇ ਵਿਚ ਛੱਪੜਾਂ ਦੀ ਸਫ਼ਾਈ ਦੀ ਮੁਹਿੰਮ ਦਾ ਆਗ਼ਾਜ਼ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਅਤੇ ਪੰਚਾਇਤਾਂ ਨੂੰ ਛੱਪੜਾਂ ਦੀ ਸਫ਼ਾਈ ਦਾ ਕਾਰਜ 10 ਜੂਨ ਤਕ ਮੁਕੰਮਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਛੱਪੜਾਂ ਦੀ ਸਫ਼ਾਈ ਦਾ ਪਿੰਡਾਂ ਦੀ ਸਫ਼ਾਈ ਅਤੇ ਲੋਕਾਂ ਦੀ ਸਿਹਤ ਨਾਲ ਡੂੰਘਾ ਸਬੰਧ ਹੈ, ਇਸ ਲਈ ਇਹ ਕਾਰਜ ਪਹਿਲ ਦੇ ਆਧਾਰ 'ਤੇ ਸਿਰੇ ਚਾੜ੍ਹਿਆ ਜਾਣਾ ਚਾਹੀਦਾ ਹੈ।
ਸ੍ਰੀ ਬਾਜਵਾ ਨੇ ਕਿਹਾ ਕਿ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਤੰਦਰੁਸਤ ਮਿਸ਼ਨ ਪੰਜਾਬ ਦੇ ਡਾਇਰੈਕਟਰ ਕਾਹਨ ਸਿੰਘ ਪਨੂੰ ਇਸ ਕਾਰਜ ਸਬੰਧੀ ਪੰਚਾਇਤਾਂ ਅਤੇ ਵਿਭਾਗ ਦੇ ਫੀਲਡ ਸਟਾਫ਼ ਨੂੰ ਸਲਾਹ ਦੇਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਅਗਲੇ ਹਫ਼ਤੇ ਤੋਂ ਹੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਮਗਨਰੇਗਾ ਕਾਮਿਆਂ ਨੂੰ ਇਸ ਕੰਮ ਰਾਹੀਂ ਵੱਧ ਤੋਂ ਵੱਧ ਰੁਜ਼ਗਾਰ ਦਿਤਾ ਜਾਵੇ।
File photo
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਕੰਮ ਲਈ ਮਸ਼ੀਨਾਂ ਦੀ ਘੱਟ ਤੋਂ ਘੱਟ ਵਰਤੋਂ ਕੀਤੀ ਜਾਵੇ ਅਤੇ ਬੇਲੋੜੇ ਖਰਚੇ ਨਾ ਕੀਤੇ ਜਾਣ। ਸ. ਬਾਜਵਾ ਕਿਹਾ ਅੱਜ ਜਿੱਥੇ ਦੇਸ਼ ਭਰ ਵਿਚ ਕੋਰੋਨਾ ਵਾਇਰਸ ਕਾਰਨ ਗ਼ਰੀਬ ਲੋਕਾਂ ਕੋਲ ਕੋਈ ਰੁਜ਼ਗਾਰ ਨਹੀਂ ਰਿਹਾ ਅਤੇ ਨਾ ਹੀ ਆਮਦਨੀ ਦਾ ਕੋਈ ਹੋਰ ਸਾਧਨ, ਸੋ ਇਸ ਮੁਹਿੰਮ ਨਾਲ ਗ਼ਰੀਬ ਲੋਕਾਂ ਨੂੰ ਮਗਨਰੇਗਾ ਅਧੀਨ ਰੁਜ਼ਗਾਰ ਵੀ ਮਿਲੇਗਾ ਅਤੇ ਉਨ੍ਹਾਂ ਨੂੰ ਪਰਵਾਰਾਂ ਦੀਆਂ ਰਾਸ਼ਨ ਪਾਣੀ ਦੀਆਂ ਲੋੜਾਂ ਪੂਰੀਆਂ ਕਰਨ ਲਈ ਮਦਦ ਵੀ ਹੋਵੇਗੀ। ਇਸ ਦੇ ਨਾਲ ਹੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਮਗਨਰੇਗਾ ਕਾਮਿਆਂ ਦੀਆਂ ਅਦਾਇਗੀਆਂ ਵੀ ਨਾਲੋ-ਨਾਲ ਕੀਤੀਆਂ ਜਾਣ।
ਤੰਦਰੁਸਤ ਮਿਸ਼ਨ ਪੰਜਾਬ ਦੇ ਡਾਇਰੈਕਰ ਸ੍ਰੀ ਕਾਹਨ ਸਿੰਘ ਪੰਨੂ ਨੇ ਜਿੱਥੇ ਸੂਬੇ ਦੀਆਂ ਪੰਚਾਇਤਾਂ ਨੇ ਪਿੰਡਾਂ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਆਪਸੀ ਭਾਈਚਾਰੇ ਦੀ ਵੱਡੀ ਮਿਸਾਲ ਪੇਸ਼ ਕੀਤੀ ਹੈ, ਉਸੇ ਤਰਾਂ ਪਿੰਡਾਂ ਨੂੰ ਸਾਫ ਸੁਥਰਾ ਬਣਾਉਣ ਲਈ ਇਸ ਮੁਹਿੰਮ ਵਿਚ ਵਿਚ ਸਾਰੀਆਂ ਧਿਰਾਂ ਇੱਕਜੁਟ ਹੋ ਕੇ ਕੰਮ ਕਰਨ। ਮੀਟਿੰਗ ਵਿਚ ਡਾਇਰੈਕਟਰ ਡੀ.ਪੀ.ਐਸ ਖਰਬੰਦਾ, ਜੇ.ਡੀ.ਸੀ ਵਿਪੁਲ ਉਜਵਲ ਹਾਜ਼ਰ ਹੋਏ ਅਤੇ ਸਾਰੇ ਜ਼ਿਲਿਆਂ ਦੇ ਵਧੀਕ ਡਿਪਟੀ ਕਮਿਸ਼ਨਰਾਂ ਵਿਕਾਸ ਅਤੇ ਪੇਂਡੂ ਵਿਕਾਸ ਵਿਭਾਗ ਦੇ ਜ਼ਿਲ਼੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੇ ਵੀਡੀਉ ਕਾਨਫ਼ਰੰਸ ਰਾਹੀਂ ਭਾਗ ਲਿਆ।