
‘ਆਪ’ ਸਰਕਾਰ ਨੇ ਫਤਹਿਗੜ੍ਹ ਸਾਹਿਬ ਦੇ ਪਿੰਡ ਛਲੇੜੀ ਵੱਲੋਂ 417 ਏਕੜ ਪੰਚਾਇਤੀ ਜ਼ਮੀਨ ਸਰਕਾਰ ਹਵਾਲੇ ਕਰਨ ‘ਤੇ ਪਿੰਡ ਲਈ ਪਸ਼ੂ ਹਸਪਤਾਲ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ: ਸੂਬੇ ਨੂੰ ਆਰਥਕ ਪੱਖੋਂ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਦੇ ਪਿੰਡਾਂ ਵਿਚ ਲੰਮੇਂ ਸਮੇਂ ਤੋਂ ਪੰਚਾਇਤੀ, ਜੰਗਲਾਤ ਅਤੇ ਹੋਰ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੁਡਵਾਏ ਜਾ ਰਹੇ ਹਨ ਤਾਂ ਜੋ ਇਹਨਾਂ ਨੂੰ ਢੁੱਕਵੀਂ ਪ੍ਰਕਿਰਿਆ ਤਹਿਤ ਠੇਕੇ 'ਤੇ ਦੇ ਕੇ ਸਰਕਾਰ ਦੀ ਆਮਦਨ ਵਧਾਈ ਜਾ ਸਕੇ।
ਇਸ ਦੇ ਚਲਦਿਆਂ ਪੰਜਾਬ ਸਰਕਾਰ ਨੇ ਸਵੈ-ਇੱਛਾ ਨਾਲ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਛੱਡਣ ਵਾਲੇ ਪਿੰਡਾਂ ਨੂੰ ਵਿਸ਼ੇਸ਼ ਤੋਹਫ਼ਾ ਦੇਣ ਦਾ ਐਲਾਨ ਕੀਤਾ ਹੈ। ‘ਆਪ’ ਸਰਕਾਰ ਨੇ ਫਤਹਿਗੜ੍ਹ ਸਾਹਿਬ ਦੇ ਪਿੰਡ ਛਲੇੜੀ ਵੱਲੋਂ 417 ਏਕੜ ਪੰਚਾਇਤੀ ਜ਼ਮੀਨ ਸਰਕਾਰ ਹਵਾਲੇ ਕਰਨ ‘ਤੇ ਪਿੰਡ ਲਈ ਪਸ਼ੂ ਹਸਪਤਾਲ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਅੱਗੇ ਆਉਣ ਅਤੇ ਸਰਕਾਰ ਦੀ ਇਸ ਸਹੂਲਤ ਦਾ ਲਾਭ ਲੈਣ ਦਾ ਸੱਦਾ ਦਿੱਤਾ ਹੈ।
ਦੱਸ ਦੇਈਏ ਕਿ ਪਿੰਡ ਛਲੇੜੀ ਦੇ ਲੋਕ ਪਿਛਲੇ ਲੰਮੇਂ ਸਮੇਂ ਤੋਂ ਸ਼ਾਮਲਾਟ ਜ਼ਮੀਨ 'ਤੇ ਕਾਬਜ਼ ਸਨ, ਜਿਨ੍ਹਾਂ ਨੇ ਇਹ ਜ਼ਮੀਨ ਪੰਚਾਇਤ ਨੂੰ ਸੌਂਪ ਕੇ ਇਤਿਹਾਸਕ ਫ਼ੈਸਲਾ ਕੀਤਾ ਹੈ। ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਪਿੰਡ ਵਾਸੀਆਂ ਭਰੋਸਾ ਦਿੱਤਾ ਹੈ ਕਿ ਇਹ ਜ਼ਮੀਨ ਉਹਨਾਂ ਕਾਸ਼ਤਕਾਰਾਂ ਨੂੰ ਹੀ ਢੁਕਵੀਂ ਪ੍ਰਕਿਰਿਆ ਪੂਰੀ ਕਰ ਕੇ ਠੇਕੇ 'ਤੇ ਦਿਤੀ ਜਾਵੇਗੀ, ਜਿਹੜੇ ਇਸ 'ਤੇ ਪਹਿਲਾਂ ਕਾਸ਼ਤ ਕਰ ਰਹੇ ਸਨ।
ਪਿੰਡ ਵਾਸੀਆਂ ਵਲੋਂ ਪਿੰਡ ਵਿਚ ਪਸ਼ੂ ਹਸਪਤਾਲ ਬਣਾਉਣ ਦੀ ਮੰਗ ਕੀਤੀ ਗਈ ਅਤੇ ਨਾਲ ਹੀ ਬਰਸਾਤੀ ਪਾਣੀ ਦੇ ਨਿਕਾਸ ਦੀ ਸਮੱਸਿਆ ਦੇ ਹੱਲ ਦੀ ਮੰਗ ਕੀਤੀ ਗਈ ਜਿਸ ਸਬੰਧੀ ਧਾਲੀਵਾਲ ਨੇ ਭਰੋਸਾ ਦਿਵਾਇਆ ਕਿ ਜਲਦੀ ਹੀ ਪਿੰਡ ਵਿਚ ਪਸ਼ੂ ਹਸਪਤਾਲ ਬਣਾਉਣ ਲਈ ਕਾਰਵਾਈ ਆਰੰਭ ਕੀਤੀ ਜਾਵੇਗੀ ਅਤੇ ਨਾਲ ਹੀ ਬਰਸਾਤੀ ਪਾਣੀ ਦੇ ਨਿਕਾਸ ਦੀ ਸਮੱਸਿਆ ਦਾ ਵੀ ਹੱਲ ਕਰ ਦਿਤਾ ਜਾਵੇਗਾ।