
CM Bhagwant Mann ਨੇ ਕਿਹਾ ਕਿ ਅਸੀਂ ਪਹਿਲਾਂ ਗਾਇਕਾਂ ਨੂੰ ਅਜਿਹੇ ਰੁਝਾਨ ਨੂੰ ਅੱਗੇ ਨਾ ਵਧਾਉਣ ਦੀ ਅਪੀਲ ਕਰਦੇ ਹਾਂ, ਨਹੀਂ ਤਾਂ ਸਰਕਾਰ ਸਖਤ ਕਾਰਵਾਈ ਕਰੇਗੀ।
ਚੰਡੀਗੜ੍ਹ: ਪੰਜਾਬੀ ਗਾਇਕਾਂ ਵੱਲੋਂ ਫੈਲਾਏ ਜਾ ਰਹੇ ਬੰਦੂਕ ਸੱਭਿਆਚਾਰ ਅਤੇ ਗੈਂਗਸਟਰਵਾਦ ਦੇ ਰੁਝਾਨ ਦੀ ਨਿਖੇਧੀ ਕਰਦਿਆਂ ਭਗਵੰਤ ਮਾਨ ਨੇ ਉਹਨਾਂ ਨੂੰ ਆਪਣੇ ਗੀਤਾਂ ਰਾਹੀਂ ਸਮਾਜ ਵਿਚ ਹਿੰਸਾ, ਨਫ਼ਰਤ ਅਤੇ ਦੁਸਮਣੀ ਨੂੰ ਭੜਕਾਉਣ ਤੋਂ ਗੁਰੇਜ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਗਾਇਕਾਂ ਨੂੰ ਸੱਦਾ ਦਿੱਤਾ ਕਿ ਉਹ ਅਜਿਹੇ ਗੀਤਾਂ ਰਾਹੀਂ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਤੂਲ ਦੇਣ ਦੀ ਬਜਾਏ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਕਦਰਾਂ-ਕੀਮਤਾਂ ‘ਤੇ ਚੱਲਦਿਆਂ ਭਾਈਚਾਰਕ ਸਾਂਝ, ਸਾਂਤੀ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਯੋਗਦਾਨ ਪਾਉਣ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਗਾਇਕਾਂ ਨੂੰ ਕਿਹਾ ਕਿ ਉਹ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਉਸਾਰੂ ਭੂਮਿਕਾ ਨਿਭਾਉਣ ਜਿਸ ਬਾਰੇ ਇਸ ਨੂੰ ਵਿਸਵ ਭਰ ਵਿਚ ਜਾਣਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇਹ ਸਾਡਾ ਫਰਜ਼ ਬਣਦਾ ਹੈ ਕਿ ਅਜਿਹੇ ਗਾਇਕਾਂ ਨੂੰ ਆਪਣੇ ਗੀਤਾਂ ਰਾਹੀਂ ਹਿੰਸਾ ਫੈਲਾਉਣ ਦੀ ਇਜ਼ਾਜਤ ਨਾ ਦਿੱਤੀ ਜਾਵੇ ਜੋ ਅਕਸਰ ਨੌਜਵਾਨਾਂ ਖਾਸ ਕਰਕੇ ਛੇਤੀ ਪ੍ਰਭਾਵਿਤ ਹੋਣ ਵਾਲੇ ਬੱਚਿਆਂ ਨੂੰ ਵਿਗਾੜਦੇ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਸੀਂ ਪਹਿਲਾਂ ਤਾਂ ਪੰਜਾਬੀ ਗਾਇਕਾਂ ਨੂੰ ਅਜਿਹੇ ਰੁਝਾਨ ਨੂੰ ਅੱਗੇ ਨਾ ਵਧਾਉਣ ਦੀ ਅਪੀਲ ਕਰਦੇ ਹਾਂ, ਨਹੀਂ ਤਾਂ ਸਰਕਾਰ ਉਹਨਾਂ ਵਿਰੁੱਧ ਸਖਤ ਕਾਰਵਾਈ ਕਰੇਗੀ। ਵੀਰਵਾਰ ਨੂੰ ਹੋਈ ਮੀਟਿੰਗ ਵਿਚ ਸੀਐਮ ਮਾਨ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ, ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰਾਂ ਨੂੰ ਇਸ 'ਤੇ ਨਜ਼ਰ ਰੱਖਣ ਲਈ ਕਿਹਾ ਹੈ।