
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਪਣੀ ਪਤਨੀ ਅੰਮ੍ਰਿਤਾ ਵੜਿੰਗ ਨਾਲ ਨਾਮਜ਼ਦਗੀ ਦਾਖ਼ਲ ਕਰਨ ਲਈ ਲੁਧਿਆਣਾ ਪਹੁੰਚੇ।
Lok Sabha Elections 2024: ਪੰਜਾਬ ਵਿਚ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਪ੍ਰਨੀਤ ਕੌਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੁਲਦੀਪ ਸਿੰਘ ਧਾਲੀਵਾਲ ਸਮੇਤ ਕਈ ਉਮੀਦਵਾਰਾਂ ਨੇ ਸੋਮਵਾਰ ਨੂੰ ਅਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਪਣੀ ਪਤਨੀ ਅੰਮ੍ਰਿਤਾ ਵੜਿੰਗ ਨਾਲ ਨਾਮਜ਼ਦਗੀ ਦਾਖ਼ਲ ਕਰਨ ਲਈ ਲੁਧਿਆਣਾ ਪਹੁੰਚੇ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਉਨ੍ਹਾਂ ਦੇ ਨਾਲ ਰਹੇ। ਪ੍ਰਨੀਤ ਕੌਰ ਅਤੇ ਉਨ੍ਹਾਂ ਵਿਰੁਧ ਚੋਣ ਲੜ ਰਹੇ 'ਆਪ' ਦੇ ਡਾ. ਬਲਬੀਰ ਸਿੰਘ ਨੇ ਪਟਿਆਲਾ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਦਕਿ ਆਮ ਆਦਮੀ ਪਾਰਟੀ ਦੇ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਸੰਗਰੂਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਅਰਵਿੰਦ ਖੰਨਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ। ਅੰਮ੍ਰਿਤਸਰ ਸੀਟ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਨੇ ਅੱਜ ਨਾਮਜ਼ਦਗੀ ਪੱਤਰ ਦਾਖਲ ਕੀਤਾ। ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਨੇ ਅੱਜ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ ਪੁੱਜੇ।
ਸ੍ਰੀ ਆਨੰਦਪੁਰ ਸਾਹਿਬ ਤੋਂ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਜਸਵੀਰ ਸਿੰਘ ਗੜ੍ਹੀ ਪੰਜਾਬ ਬਸਪਾ ਦੇ ਪ੍ਰਧਾਨ ਵੀ ਹਨ। ਇਸੇ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਵਿਜੇ ਕੁਮਾਰ ਸਿੰਗਲਾ ਨੇ ਵੀ ਨਾਮਜ਼ਦਗੀ ਭਰੀ ਹੈ। ਇਸ ਤੋਂ ਇਲਾਵਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤਰ ਹੇਅਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਨਾਮਜ਼ਦਗੀ ਭਰੀ।
ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਰੀਕ 14 ਮਈ ਹੈ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਹੋਵੇਗੀ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਤਰੀਕ 17 ਮਈ ਹੈ। 7 ਮਈ ਤੋਂ ਹੁਣ ਤਕ 143 ਉਮੀਦਵਾਰਾਂ ਵਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਚਾਰ ਵਾਰ ਸੰਸਦ ਮੈਂਬਰ ਰਹਿ ਚੁੱਕੀ ਪ੍ਰਨੀਤ ਕੌਰ ਦੇ ਨਾਲ ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ ਅਤੇ ਭਾਜਪਾ ਨੇਤਾ ਵੀ ਸਨ। ਨਾਮਜ਼ਦਗੀ ਕਾਗਜ਼ ਦਾਖਲ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਪਟਿਆਲਾ ਵਿਖੇ ਇਤਿਹਾਸਕ ਬੁਰਜ ਬਾਬਾ ਆਲਾ ਸਿੰਘ ਵਿਖੇ ਮੱਥਾ ਟੇਕਿਆ।
ਮਾਰਚ 'ਚ ਭਾਜਪਾ 'ਚ ਸ਼ਾਮਲ ਹੋਏ ਪ੍ਰਨੀਤ ਕੌਰ ਨੇ 1999, 2004, 2009 ਅਤੇ 2019 'ਚ ਕਾਂਗਰਸ ਦੀ ਟਿਕਟ 'ਤੇ ਪਟਿਆਲਾ ਹਲਕੇ ਦੀ ਨੁਮਾਇੰਦਗੀ ਕੀਤੀ ਸੀ। ਉਨ੍ਹਾਂ ਦੇ ਪਤੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਿਛਲੇ ਸਾਲ ਫਰਵਰੀ 'ਚ ਭਾਜਪਾ 'ਚ ਸ਼ਾਮਲ ਹੋਣ ਤੋਂ ਤੁਰੰਤ ਬਾਅਦ ਕਾਂਗਰਸ ਨੇ ਮੁਅੱਤਲ ਕਰ ਦਿਤਾ ਸੀ। ਅਰਵਿੰਦ ਖੰਨਾ ਨੇ ਸੰਗਰੂਰ ਲੋਕ ਸਭਾ ਹਲਕੇ ਤੋਂ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਅਤੇ ਉਨ੍ਹਾਂ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੀ ਸਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣਗੀਆਂ।
(For more Punjabi news apart from Punjab candidates file nominations for Lok Sabha Elections 2024 , stay tuned to Rozana Spokesman)