
ਕਿਸਾਨੀ ਹੱਕਾਂ ਲਈ ਸੰਘਰਸ਼ ਕਰ ਰਹੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਅੰਦਰ 30 ਦਿਨਾਂ ਵਿੱਚ 70 ...
ਸੁਨਾਮ ਊਧਮ ਸਿੰਘ ਵਾਲਾ : ਕਿਸਾਨੀ ਹੱਕਾਂ ਲਈ ਸੰਘਰਸ਼ ਕਰ ਰਹੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਅੰਦਰ 30 ਦਿਨਾਂ ਵਿੱਚ 70 ਕਿਸਾਨ ਅਤੇ ਮਜ਼ਦੂਰ ਕਰਜ਼ੇ ਦੇ ਬੋਝ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰ ਗਏ ਹਨ। ਜਥੇਬੰਦੀ ਦਾ ਤਰਕ ਹੈ ਕਿ ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਰਾਜ ਅੰਦਰ ਕਰਜ਼ਈ ਹੋਏ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਰਗਰਮ ਆਗੂਆਂ ਸੁਖਪਾਲ ਸਿੰਘ ਮਾਣਕ, ਰਾਮਸਰਨ ਸਿੰਘ ਉਗਰਾਹਾਂ ਅਤੇ ਗੋਬਿੰਦ ਸਿੰਘ ਚੱਠਾ ਨਨਹੇੜਾ ਨੇ 11 ਮਈ ਤੋਂ 9 ਜੂਨ ਤੱਕ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਗਏ ਕਿਸਾਨਾਂ ਅਤੇ ਮਜ਼ਦੂਰਾਂ ਦੀ ਮਹੀਨਾਵਾਰ ਸੂਚੀ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਨਿਤ ਕਿਸਾਨ ਅਤੇ ਮਜ਼ਦੂਰ ਮੌਤ ਨੂੰ ਗਲੇ ਲਾ ਰਹੇ ਹਨ ਪ੍ਰੰਤੂ ਸਰਕਾਰਾਂ ਕਰਜ਼ੇ ਦੀ ਮਾਰ ਹੇਠ ਆਏ ਕਿਸਾਨਾਂ ਅਤੇ ਮਜ਼ਦੂਰਾਂ ਦੇ ਘਰਾਂ ਅੰਦਰ ਸੱਥਰ ਵਿਛਦੇ ਦੇਖ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ 435 ਦਿਨਾਂ ਦੇ ਕਾਰਜਕਾਲ ਦੌਰਾਨ 631 ਕਿਸਾਨ ਤੇ ਮਜ਼ਦੂਰ ਖ਼ੁਦਕੁਸ਼ੀ ਕਰ ਗਏ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਖ਼ੁਦਕੁਸ਼ੀਆਂ ਦੇ ਇਹ ਅਖ਼ਬਾਰੀ ਅੰਕੜੇ ਹਨ। ਜੇਕਰ ਸਹੀ ਸਰਵੇ ਕਰਵਾਇਆ ਜਾਵੇ ਤਾਂ ਇਨ੍ਹ੍ਰਾਂ ਦੀ ਗਿਣਤੀ ਵਿੱਚ ਹੋਰ ਵੀ ਵਾਧਾ ਹੋ ਸਕਦਾ ਹੈ ਕਿਉਂਕਿ ਬਹੁਤੇ ਪਰਵਾਰ ਪੋਸਟ ਮਾਰਟਮ ਜਾਂ ਸਮਾਜ ਵਿੱਚ ਬਦਨਾਮੀ ਦੇ ਡਰੋਂ ਅਜਿਹੀ ਮੌਤ ਨੂੰ ਛੁਪਾ ਲੈਂਦੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਕਿਸਾਨੀ ਦੀ ਦਿਨ-ਬ-ਦਿਨ ਵਿਗੜ ਰਹੀ ਹਾਲਤ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਦਾ ਮਾਮਲਾ ਸਰਕਾਰਾਂ ਲਈ ਨਾਸੂਰ ਬਣ ਜਾਵੇਗਾ। ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਤੁਰਤ ਲਾਗੂ ਕਰੇ ਅਤੇ ਸੂਬੇ ਦੀ ਕਾਂਗਰਸ ਸਰਕਾਰ ਚੋਣਾਂ ਸਮੇਂ ਕੀਤੇ ਵਾਅਦੇ ਮੁਤਾਬਿਕ ਰਾਜ ਦੇ ਕਿਸਾਨਾਂ ਸਿਰ ਚੜਿਆ ਸਾਰਾ ਕਰਜ਼ਾ ਮਾਫ ਕਰਨਾ ਯਕੀਨੀ ਬਣਾਵੇ।