
ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੂੰ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ...
ਚੰਡੀਗੜ੍ਹ,: ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੂੰ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿੱਚ ਸ਼ਾਮਲ ਕਰਨ ਦੇ ਦਿੱਤੇ ਸੁਝਾਅ 'ਤੇ ਤਿਖ਼ੀ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਪਾਰਟੀ ਲੀਡਰਾਂ ਨੂੰ ਅਜਿਹੀ ਜਨਤਕ ਬਿਆਨਬਾਜ਼ੀ ਕਰਨ ਤੋਂ ਸੰਜਣ ਵਰਤਣ ਲਈ ਆਖਿਆ ਹੈ।
ਉਨ੍ਹਾਂ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਲੀਡਰਾਂ ਨੂੰ ਕਾਂਗਰਸ ਪਾਰਟੀ ਵਿੱਚ ਲਿਆਉਣ ਬਾਰੇ ਕੋਈ ਵੀ ਫੈਸਲਾ ਲੈਣਾ ਪਾਰਟੀ ਹਾਈ ਕਮਾਂਡ ਦੇ ਅਧਿਕਾਰ ਖੇਤਰ ਵਿੱਚ ਹੁੰਦਾ ਹੈ। ਪਾਰਟੀ ਦੇ ਮਸਲਿਆਂ ਨਾਲ ਸਬੰਧਤ ਵਿਚਾਰ-ਚਰਚਾ ਕਰਨ ਲਈ ਪਾਰਟੀ ਮੰਚ ਹੀ ਸਹੀ ਥਾਂ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੇ ਨਿਯਮਾਂ ਮੁਤਾਬਕ ਕਿਸੇ ਸੰਸਦ ਮੈਂਬਰ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਕਾਂਗਰਸ ਦੇ ਕੌਮੀ ਪ੍ਰਧਾਨ ਦੀ ਵਿਸ਼ੇਸ਼ ਪ੍ਰਵਾਨਗੀ ਦੀ ਲੋੜ ਹੁੰਦੀ ਹੈ।
ਬਿੱਟੂ ਪਾਰਟੀ ਦੇ ਸੀਨੀਅਰ ਨੇਤਾ ਹੋਣ ਨਾਤੇ ਪਾਰਟੀ ਦੀ ਕਾਰਜ ਪ੍ਰਣਾਲੀ ਤੋਂ ਭਲੀਭਾਂਤ ਜਾਣੂ ਹਨ ਜਿਸ ਕਰਕੇ ਉਨ੍ਹਾਂ ਨੂੰ ਅਜਿਹੇ ਮਾਮਲਿਆਂ ਵਿੱਚ ਲੋੜੀਂਦੀ ਪ੍ਰਕ੍ਰਿਆ ਅਪਣਾਉਣੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਸਬੰਧਤ ਮਾਮਲਿਆਂ ਨੂੰ ਜਨਤਕ ਤੌਰ 'ਤੇ ਉਠਾਉਣਾ ਪਾਰਟੀ ਦੀਆਂ ਸੰਵਿਧਾਨਕ ਕਦਰਾਂ-ਕੀਮਤਾਂ ਦੇ ਵਿਰੁੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੇ ਅੰਦਰੂਨੀ ਮਸਲਿਆਂ ਨੂੰ ਉਠਾਉਣ ਜਾਂ ਵਿਚਾਰਨ ਲਈ ਮੀਡੀਆ ਢੁਕਵਾਂ ਮੰਚ ਨਹੀਂ ਹੈ ਅਤੇ ਉਨ੍ਹਾਂ ਨੇ ਸਾਰੇ ਕਾਂਗਰਸੀ ਲੀਡਰਾਂ ਨੂੰ ਅਜਿਹੇ ਮਾਮਲਿਆਂ 'ਤੇ ਅਨੁਸ਼ਾਨਿਕ ਪਹੁੰਚ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੀ ਬਿਆਨਬਾਜ਼ੀ ਕਿਆਸਅਰਾਈਆਂ ਨੂੰ ਤੂਲ ਦੇ ਸਕਦੀ ਹੈ ਜੋ ਅਗਾਮੀ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਲਈ ਘਾਤਕ ਸਾਬਤ ਹੋ ਸਕਦੀ ਹੈ।