
ਪੰਜਾਬ ਮੰਡੀ ਬੋਰਡ ਵਲੋਂ ਪੇਂਡੂ ਲਿੰਕ ਸੜਕਾਂ ’ਤੇ ਬਰਮਾਂ ਦੀ ਮੁੜ ਉਸਾਰੀ ਲਈ ਸੂਬਾ ਭਰ ’ਚ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ
ਚੰਡੀਗੜ੍ਹ , 12 ਜੂਨ (ਨਰਿੰਦਰ ਸਿੰਘ ਝਾਮਪੁਰ): ਰਾਹਗੀਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਮੰਡੀ ਬੋਰਡ ਨੇ ਕਣਕ ਦੀ ਵਾਢੀ ਦੇ ਸੀਜ਼ਨ ਤੋਂ ਬਾਅਦ ਕਿਸਾਨਾਂ ਅਤੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੂਬੇ ਭਰ ਵਿਚ ਪੇਂਡੂ ਲਿੰਕ ਸੜਕਾਂ ਦੇ ਕਿਨਾਰੇ ’ਤੇ ਬਰਮਾਂ (ਕੱਚੇ ਕਿਨਾਰੇ) ਦੇ ਮੁੜ ਨਿਰਮਾਣ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਤਹਿਤ ਹੁਣ ਤਕ ਕਰੀਬ 2500 ਕਿਲੋਮੀਟਰ ਲਿੰਕ ਸੜਕਾਂ ਨੂੰ ਕਵਰ ਕੀਤਾ ਜਾ ਚੁੱਕਾ ਹੈ।
ਗੌਰਤਲਬ ਹੈ ਕਿ ਸੜਕ ਦੀਆਂ ਬਰਮਾਂ ਨਾ ਹੋਣ ਕਰ ਕੇ ਕਈ ਹਾਦਸੇ ਵਾਪਰਨ ਤੋਂ ਇਲਾਵਾ ਨਵੀਆਂ ਬਣੀਆਂ ਸੜਕਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਕਈ ਲਿੰਕ ਸੜਕਾਂ ਦੇ ਨਾਲ ਬਰਮਾਂ ਨਾ ਹੋਣ ਕਰ ਕੇ ਰਾਹਗੀਰਾਂ ਨੂੰ ਖੱਜਲ-ਖੁਆਰ ਹੋਣਾ ਪਿਆ ਕਿਉਂਕਿ ਇਸ ਨਾਲ ਪੇਂਡੂ ਲਿੰਕ ਸੜਕਾਂ ਤੰਗ ਹੋ ਗਈਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸਰਵਜੀਤ ਸਿੰਘ ਨੇ ਦਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਲੋਕਾਂ ਦੀ ਸਹੂਲਤ ਅਤੇ ਸੜਕ ਹਾਦਸਿਆਂ ਨੂੰ ਘਟਾਉਣ ਲਈ ਕਈ ਉਪਰਾਲੇ ਕਰਨ ’ਤੇ ਵਿਸ਼ੇਸ਼ ਜ਼ੋਰ ਦਿਤਾ ਹੈ।
ਉਨ੍ਹਾਂ ਕਿਹਾ ਕਿ ਇਸ ਦੇ ਹਿੱਸੇ ਵਜੋਂ ਮੰਡੀ ਬੋਰਡ ਨੇ ਲਿੰਕ ਸੜਕਾਂ ਦੇ ਦੋਵੇਂ ਪਾਸੇ ਬਰਮਾਂ ਦੀ ਮੁੜ ਉਸਾਰੀ ਲਈ ਇਕ ਵਿਸ਼ਾਲ ਮੁਹਿੰਮ ਸ਼ੁਰੂ ਕਰ ਕੇ ਇਸ ਵਿਸ਼ੇਸ਼ ਪਹਿਲਕਦਮੀ ਦੀ ਅਗਵਾਈ ਕੀਤੀ ਹੈ। ਚੇਅਰਮੈਨ ਨੇ ਕਿਹਾ ਕਿ ਕਿਸਾਨ ਵੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਨੇਕ ਉਪਰਾਲੇ ਲਈ ਅਧਿਕਾਰੀਆਂ ਨੂੰ ਦਿਲੋਂ ਸਹਿਯੋਗ ਦੇ ਰਹੇ ਹਨ।
ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕਦਮ ਤੰਗ ਲਿੰਕ ਸੜਕਾਂ ਕਾਰਨ ਵਾਪਰ ਰਹੇ ਸੜਕ ਹਾਦਸਿਆਂ ਦੀਆਂ ਘਟਨਾਵਾਂ ਨੂੰ ਘਟਾਉਣ ਵਿਚ ਸਹਾਈ ਸਿੱਧ ਹੋਵੇਗਾ ਜਿਸ ਨਾਲ ਕਈ ਕੀਮਤੀ ਜਾਨਾਂ ਬਚ ਜਾਣਗੀਆਂ।
ਐਸਏਐਸ-ਨਰਿੰਦਰ-12-3