
ਪੁਲਿਸ ਕੋਲ ਲਿਖਤੀ ਤੌਰ ’ਤੇ ਦਰਜ ਕਰਵਾਏ ਬਿਆਨ
ਚੰਡੀਗੜ੍ਹ - ਪੰਜਾਬ ਦੇ ਮੰਤਰੀ ਲਾਲਚੰਦ ਕਟਾਰੂਚੱਕ 'ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਮਾਮਲੇ 'ਚ ਨਵਾਂ ਮੋੜ ਆਇਆ ਹੈ। ਦੱਸ ਦਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੀਡੀਓ ਮਾਮਲੇ 'ਚ ਸ਼ਿਕਾਇਤਕਰਤਾ ਨੇ ਯੂ-ਟਰਨ ਲਿਆ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਾਪਸ ਲੈ ਲਈ ਹੈ।
ਇਹ ਗੱਲ ਵੀ ਸਾਹਮਣੇ ਆਈ ਹੈ ਕਿ ਉਸ ਨੇ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਹਾਲਾਂਕਿ ਅਧਿਕਾਰੀ ਪੂਰੇ ਮਾਮਲੇ ਬਾਰੇ ਕੋਈ ਵੀ ਬਿਆਨ ਨਹੀਂ ਦੇ ਰਹੇ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੀ ਰਿਪੋਰਟ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਭੇਜ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਹ ਮਾਮਲਾ ਜਲੰਧਰ ਲੋਕ ਸਭਾ ਉਪ ਚੋਣ ਤੋਂ ਠੀਕ ਪਹਿਲਾਂ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਵਿਰੋਧੀਆਂ ਨੇ ਸੱਤਾਧਾਰੀ ਪਾਰਟੀ 'ਤੇ ਸ਼ਬਦੀ ਹਮਲੇ ਕਰਨੇ ਸ਼ੁਰੂ ਕਰ ਦਿੱਤੇ। ਇਸ ਤੋਂ ਬਾਅਦ ਮਾਮਲਾ ਕਮਿਸ਼ਨ ਕੋਲ ਪਹੁੰਚ ਗਿਆ ਸੀ। ਕਮਿਸ਼ਨ ਨੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਵਿਸ਼ੇਸ਼ ਐਸਆਈਟੀ ਦਾ ਗਠਨ ਕਰ ਦਿੱਤਾ ਸੀ।
ਦੱਸ ਦਈਏ ਕਿ ਐਸਆਈਟੀ ਵੱਲੋਂ 5 ਜੂਨ 2023 ਨੂੰ ਆਪਣਾ ਬਿਆਨ ਭੇਜ ਕੇ ਅਪੀਲ ਕੀਤੀ ਗਈ ਸੀ ਕਿ ਸ਼ਿਕਾਇਤਕਰਤਾ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕਰਵਾਉਣਾ ਚਾਹੁੰਦਾ। ਸ਼ਿਕਾਇਤਕਰਤਾ ਵੱਲੋਂ ਕਾਰਵਾਈ ਨਾ ਕਰਨ ਦਾ ਬਿਆਨ ਲਿਖਦੇ ਹੋਏ ਇਕ ਵੀਡੀਓ ਵੀ ਬਣਾਈ ਗਈ ਹੈ। ਆਪਣੇ ਹੱਥਾਂ ਨਾਲ ਸ਼ਿਕਾਇਤਕਰਤਾ ਨੇ ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿਚ ਕਿਹਾ ਹੈ ਕਿ ਉਸ ਦਾ ਮੋਬਾਈਲ ਫੋਨ ਗੁੰਮ ਹੋ ਗਿਆ ਸੀ। ਕੋਈ ਵਿਅਕਤੀ ਉਸ ਕੋਲ ਮੋਬਾਈਲ ਲੈ ਕੇ ਆਇਆ ਤੇ ਵੀਡੀਓ ਦਿਖਾਈ ਜੋ ਕਿ ਬਦਲੀ ਹੋਈ ਸੀ।
ਸ਼ਿਕਾਇਤਕਰਤਾ ਨੇ ਐਸਆਈਟੀ ਤੋਂ ਸੁਰੱਖਿਆ ਲੈਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਰਾਸ਼ਟਰੀ ਅਨੁਸੂਚਿਤ ਜਾਤੀ ਵੱਲੋਂ ਇਸ ਮਾਮਲੇ 'ਚ 6 ਜੂਨ ਨੂੰ ਤੀਜਾ ਨੋਟਿਸ ਭੇਜ ਕੇ 12 ਜੂਨ ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਸੀ। ਜਲੰਧਰ ਜ਼ਿਮਨੀ ਚੋਣ 'ਚ ਇਸ ਮੁੱਦੇ 'ਤੇ ਵਿਰੋਧੀ ਧਿਰ ਵਲੋਂ ਸਰਕਾਰ ਨੂੰ ਘੇਰਿਆ ਗਿਆ ਸੀ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵੀ ਆਪਣੇ ਪੱਧਰ 'ਤੇ ਇਸ ਵੀਡੀਓ ਦੀ ਜਾਂਚ ਕਰਵਾਈ ਸੀ।