
ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਜੇਕਰ ਉਹ ਕਿਸਾਨਾਂ ਦੀ ਆਮਦਨ.........
ਚੰਡੀਗੜ : ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਜੇਕਰ ਉਹ ਕਿਸਾਨਾਂ ਦੀ ਆਮਦਨ ਵਧਾਉਣ ਬਾਰੇ ਸੰਜੀਦਾ ਹਨ ਤਾਂ ਤੁਰੰਤ ਝੋਨੇ ਉੱਤੇ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਐਲਾਨ ਕਰਕੇ ਆਪਣੀ ਕਥਨੀ ਨੂੰ ਕਰਨੀ ਵਿਚ ਬਦਲ ਕੇ ਵਿਖਾਉਣ। ਉਹਨਾਂ ਨੇ ਮੁੱਖ ਮੰਤਰੀ ਨੂੰ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ 200 ਰੁਪਏ ਪ੍ਰਤੀ ਕੁਇੰਟਲ ਦੇ ਇਤਿਹਾਸਕ ਵਾਧੇ ਨੂੰ ਫਜ਼ੂਲ ਕਹਿ ਕੇ ਸੌੜੀ ਸਿਆਸਤ ਕਰਨ ਤੋਂ ਪਰਹੇਜ਼ ਕਰਨ ਲਈ ਆਖਿਆ ਹੈ। ਇਸ ਦੇ ਨਾਲ ਹੀ ਉਹਨਾਂ ਨੂੰ ਕਪਾਹ ਉੱਤੇ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਐਲਾਨ ਕਰਨਾ ਚਾਹੀਦਾ ਹੈ।
ਇੱਥੇ ਇੱਕ ਬਿਆਨ ਰਾਹੀਂ ਬੀਬੀ ਹਰਸਿਮਰਤ ਬਾਦਲ ਨੇ ਕਿਹਾ ਕਿ ਇਹ ਗੱਲ ਬਹੁਤ ਹੀ ਨਿੰਦਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਝੋਨੇ ਅਤੇ ਕਪਾਹ ਦੇ ਸਮਰਥਨ ਮੁੱਲ ਵਿਚ ਕੀਤੇ ਗਏ ਰਿਕਾਰਡ ਵਾਧੇ ਨੂੰ ਮਾਮੂਲੀ ਕਹਿ ਰਹੇ ਹਨ। ਉਹਨਾਂ ਕਿਹਾ ਕਿ ਕਪਾਹ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ 1100 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ, ਕਾਂਗਰਸੀ ਮੁੱਖ ਮੰਤਰੀ ਘੱਟੋ ਘੱਟ ਸਮਝਾਉਣ ਤਾਂ ਸਹੀ ਇਹ ਵਾਧਾ ਮਾਮੂਲੀ ਕਿਵੇਂ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਕੋਲ ਮੋਦੀ ਵਲੋਂ ਸਮਰਥਨ ਮੁੱਲ ਵਧਾ ਕੇ ਕਿਸਾਨਾਂ ਦੀ ਐਲਾਨੀ ਇਸ ਮੱਦਦ ਵਿਚ ਹੋਰ ਵਾਧਾ ਕਰਨ ਵਾਸਤੇ ਸਰੋਤ ਮੌਜੂਦ ਹਨ, ਕਿਉਂਕਿ ਸਮਰਥਨ ਮੁੱਲ ਵਿਚ ਕੀਤੇ ਗਏ ਤਾਜ਼ਾ ਵਾਧੇ ਸਦਕਾ ਸੂਬੇ ਨੂੰ ਮਾਰਕੀਟ ਫੀਸ ਅਤੇ ਦਿਹਾਤੀ ਵਿਕਾਸ ਫੀਸ ਦੇ ਰੂਪ ਵਿਚ 200 ਕਰੋੜ ਰੁਪਏ ਦੀ ਵਾਧੂ ਆਮਦਨ ਹੋਵੇਗੀ।