
ਟਿੱਡੀ ਦਲ ਦੇ ਖ਼ਤਰੇ ਨਾਲ ਨਿਪਟਨ ਲਈ ਪੁਖਤਾ ਪ੍ਰਬੰਧ ਕਰਨ ਦਾ ਦਾਅਵਾ
ਚੰਡੀਗੜ੍ਹ : ਮੱਛਮ ਵੱਲੋਂ ਆਉਂਦੀ ਟਿੱਡੀ ਦਲ ਰੂਪੀ ਆਫ਼ਤ ਦੇ ਇਕ ਵਾਰ ਫਿਰ ਸਰਗਰਮ ਹੋਣ ਦੀਆਂ ਖ਼ਬਰਾਂ ਨੇ ਸਰਹੱਦੀ ਇਲਾਕਿਆਂ ਦੇ ਕਿਸਾਨਾਂ ਅੰਦਰ ਦਹਿਸ਼ਤ ਦਾ ਮਾਹੌਲ ਬਣਾ ਦਿਤਾ ਹੈ। ਲੰਘੀਆਂ ਸਰਦੀਆਂ ਤੋਂ ਸਰਗਰਮ ਇਨ੍ਹਾਂ ਟਿੱਡੀ ਦਲਾਂ ਦੇ ਵਾਰ-ਵਾਰ ਹੋ ਰਹੇ ਹਮਲਿਆਂ ਨਾਲ ਨਜਿੱਠਣ ਲਈ ਸਰਕਾਰਾਂ ਦੇ ਨਾਲ-ਨਾਲ ਕਿਸਾਨਾਂ ਨੂੰ ਖ਼ੂਬ ਪਸੀਨਾ ਵਹਾਉਣਾ ਪੈ ਰਿਹਾ ਹੈ। ਬੀਤੇ ਦਿਨੀਂ ਟਿੱਡੀ ਦਲਾਂ ਨਾਲ ਨਜਿੱਠਣ ਲਈ ਡਰੋਨਾਂ ਦੀ ਵਰਤੋਂ ਕਰਨੀ ਪਈ ਸੀ।
Locust attack
ਹੁਣ ਇਕ ਵਾਰ ਫਿਰ ਰਾਜਸਥਾਨ ਦੇ ਚੁਰੂ ਤੋਂ ਇਲਾਵਾ ਹਰਿਆਣਾ ਦੇ ਸਿਰਸਾ ਤੇ ਪੰਜਾਬ ਦੇ ਸਰਹੱਦ ਨਾਲ ਲੱਗਦੇ ਇਲਾਕਿਆਂ ਅੰਦਰ ਟਿੱਡੀ ਦਲ ਦੇ ਕਿਸੇ ਵੀ ਸਮੇਂ ਹਮਲੇ ਸਬੰਧੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਮਹਿਕਮੇ ਦੇ ਸਕੱਤਰ ਕਾਹਨ ਸਿੰਘ ਪੰਨੂੰ ਨੇ ਪੱਤਰ ਜਾਰੀ ਕਰਦਿਆਂ ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਨੂੰ ਟਿੱਡੀ ਦਲ ਦੀ ਆਮਦ ਸਬੰਧੀ ਚੌਕਿਸ ਕੀਤਾ ਹੈ। ਉਨ੍ਹਾਂ ਨੇ ਜ਼ਿਲ੍ਹੇ ਅੰਦਰ ਗਠਿਤ ਟੀਮਾਂ ਨੂੰ ਹਾਈ ਅਲਰਟ 'ਤੇ ਰਹਿਣ ਦੇ ਹੁਕਮ ਜਾਰੀ ਕੀਤੇ ਹਨ।
Locust Dal
ਸਕੱਤਰ ਕਾਹਨ ਸਿੰਘ ਪੰਨੂੰ ਨੇ ਖੇਤੀਬਾੜੀ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ ਟਿੱਡੀ ਦਲ ਦੇ ਸੰਭਾਵਿਤ ਹਮਲੇ ਦੇ ਮੱਦੇਨਜ਼ਰ ਕਿਸੇ ਵੀ ਅਧਿਕਾਰੀ ਨੂੰ ਅਗੇਤੀ ਛੁੱਟੀ ਨਹੀਂ ਦਿਤੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਛੁੱਟੀ ਵਾਲੇ ਦਿਨ ਵੀ ਦਫ਼ਤਰ 'ਚ ਹਾਜ਼ਰ ਰਹਿਣ ਲਈ ਕਿਹਾ ਹੈ।
Locusts
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਗਰੂਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਪਾਲ ਸਿੰਘ ਗਰੇਵਾਲ ਨੇ ਦਸਿਆ ਕਿ ਹਵਾ ਦੀ ਦਸ਼ਾ ਅਤੇ ਉਕਤ ਜ਼ਿਲ੍ਹਿਆਂ ਦੀ ਹੱਦ ਹਰਿਆਣਾ ਨਾਲ ਲੱਗਦੀ ਹੋਣ ਕਾਰਨ ਟਿੱਡੀ ਦਲ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਮਹਿਕਮੇ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਕਾਬਲੇਗੌਰ ਹੈ ਕਿ ਪੰਜਾਬ ਦੇ ਗੁਆਢੀ ਸੂਬੇ ਹਰਿਆਣਾ ਅਤੇ ਰਾਜਸਥਾਨ ਅੰਦਰ ਟਿੱਡੀ ਦਲ ਫ਼ਸਲਾਂ ਦਾ ਕਾਫ਼ੀ ਨੁਕਸਾਨ ਕਰ ਚੁੱਕਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਇਨ੍ਹਾਂ ਚਾਰ ਜ਼ਿਲ੍ਹਿਆਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ, ਤਾਂ ਜੋ ਸੰਭਾਵਿਤ ਖ਼ਤਰੇ ਨਾਲ ਟਿਪਟਿਆ ਜਾ ਸਕੇ।
Locusts
ਇਸ ਸਬੰਧੀ ਸਥਾਨਕ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਟਿੱਡੀ ਦਲ ਦੀ ਕਿਸੇ ਵੀ ਤਰ੍ਹਾਂ ਦੀ ਹਰਕਤ ਬਾਰੇ ਜਾਣਕਾਰੀ ਮਿਲਣ 'ਤੇ ਤੁਰਤ ਖੇਤੀਬਾੜੀ ਮਹਿਕਮੇ ਨੂੰ ਸੂਚਨਾ ਦੇਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਟਿੱਡੀ ਦਲ ਦੀ ਆਮਦ ਦੌਰਾਨ ਉਸ ਨੂੰ ਬੈਠਣ ਤੋਂ ਰੋਕਣ ਲਈ ਪੀਪੇ ਖੜਕਾਉਣ, ਸਾਊਡ ਸਿਸਟਮ ਨਾਲ ਭਜਾਉਣ ਆਦਿ ਵਰਗੇ ਉਪਾਵਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।