
ਕੋਵਿਡ-19 ਦੀ ਰੋਕਥਾਮ ਅਤੇ ਇਸ ਤੋਂ ਪੀੜਤ ਮਰੀਜ਼ਾਂ ਦੀ ਸਿਹਤਯਾਬੀ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ
ਚੰਡੀਗੜ੍ਹ, 12 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ): ਕੋਵਿਡ-19 ਦੀ ਰੋਕਥਾਮ ਅਤੇ ਇਸ ਤੋਂ ਪੀੜਤ ਮਰੀਜ਼ਾਂ ਦੀ ਸਿਹਤਯਾਬੀ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਰਜਿੰਦਰਾ ਹਸਪਤਾਲ, ਪਟਿਆਲਾ ਦੇ ਮੈਡੀਸਨ ਵਿਭਾਗ ਵਲੋਂ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ ਦਾ ਆਈਸੋਲੇਸ਼ਨ ਸਹੂਲਤ ਵਿਚ ਸਫ਼ਲਤਾਪੂਰਵਕ ਪਹਿਲਾ ਡਾਇਲਸਿਸ ਪੂਰਾ ਕੀਤਾ ਗਿਆ ਹੈ। ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ ਨੇ ਦਸਿਆ ਕਿ ਰਜਿੰਦਰਾ ਹਸਪਤਾਲ, ਪਟਿਆਲਾ ਵਿਖੇ ਕੋਵਿਡ-19 ਤੋਂ ਪੀੜਤ ਮਰੀਜ਼ਾਂ ਦੇ ਡਾਇਲਸਿਸ ਲਈ ਵਖਰੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਮਰੀਜ਼ ਜਿਨ੍ਹਾਂ ਨੂੰ ਗੁਰਦੇ ਫੇਲ ਹੋਣ ਕਾਰਨ ਡਾਇਲਸਿਸ ਕਰਵਾਉਣਾ ਪੈਂਦਾ ਹੈ ਅਤੇ ਜੋ ਕੋਰੋਨਾ ਤੋਂ ਵੀ ਪੀੜਤ ਹਨ, ਉਨ੍ਹਾਂ ਨੂੰ ਰਜਿੰਦਰਾ ਹਸਪਤਾਲ, ਪਟਿਆਲਾ ਵਿਖੇ ਵਖਰੀਆਂ ਡਾਇਲਸਿਸ ਸਹੂਲਤਾਂ ਸ਼ੁਰੂ ਹੋ ਜਾਣ ਨਾਲ ਬਹੁਤ ਰਾਹਤ ਮਿਲੇਗੀ। ਉਨ੍ਹਾਂ ਇਸ ਪ੍ਰਾਪਤੀ ਲਈ ਰਜਿੰਦਰਾ ਹਸਪਤਾਲ ਦੇ ਡਾਕਟਰਾਂ ਅਤੇ ਹੋਰ ਮੈਡੀਕਲ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਸਰਕਾਰ ਲਈ ਕੋਵਿਡ 19 ’ਤੇ ਮਿਸ਼ਨ ਫ਼ਤਿਹ ਤਹਿਤ ਜਿੱਤ ਹਾਸਲ ਕਰਨ ਵਿਚ ਸਹਾਇਕ ਸਿੱਧ ਹੋਵੇਗੀ।