
ਸੁਤੰਰਤਤਾ ਸੰਗਰਾਮੀਆਂ ਬਾਰੇ ਭਲਾਈ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ, ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਵਚਨਬੱਧ ਹੈ................
ਚੰਡੀਗੜ੍ਹ : ਸੁਤੰਰਤਤਾ ਸੰਗਰਾਮੀਆਂ ਬਾਰੇ ਭਲਾਈ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ, ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਰਾਜ ਸਰਕਾਰ ਨੇ ਸੁਤੰਤਰਤਾ ਸੰਗਰਾਮੀਆਂ ਦਾ ਟੋਲ ਟੈਕਸ ਮੁਆਫ਼ ਕਰ ਦਿਤਾ ਹੈ। ਹੁਣ ਪੰਜਾਬ ਵਿਚ ਕੌਮੀ ਜਾਂ ਰਾਜ ਮਾਰਗ ਉਤੇ ਕਿਸੇ ਵੀ ਟੋਲ ਪਲਾਜ਼ਾ ਉਤੇ ਸੁਤੰਤਰਤਾ ਸੰਗਰਾਮੀਆਂ ਨੂੰ ਟੋਲ ਟੈਕਸ ਨਹੀਂ ਦੇਣਾ ਪਵੇਗਾ। ਇਸ ਲਈ ਆਜ਼ਾਦੀ ਘੁਲਾਟੀਆਂ ਨੂੰ ਸਰਕਾਰ ਵਲੋਂ ਸ਼ਨਾਖ਼ਤੀ ਕਾਰਡ ਜਾਰੀ ਕੀਤਾ ਜਾ ਰਿਹਾ ਹੈ।
ਸ਼੍ਰੀ ਸੋਨੀ ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੀ ਭਲਾਈ ਲਈ ਸੂਬਾ ਸਰਕਾਰ ਨੇ ਹੋਰ ਵੀ ਕਈ ਕਦਮ ਚੁੱਕੇ ਹਨ, ਜਿਸ ਤਹਿਤ 300 ਯੂਨਿਟ ਬਿਜਲੀ ਮੁਆਫ਼ੀ ਦਿਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਟਿਊਬਵੈੱਲ ਕੁਨੈਕਸ਼ਨ ਵੀ ਤਰਜੀਹੀ ਆਧਾਰ ਉਤੇ ਦਿੱਤੇ ਜਾ ਰਹੇ ਹਨ। ਸੁਤੰਤਰਤਾ ਸੰਗਰਾਮੀਆਂ ਲਈ ਕਿਸਾਨ ਭਵਨ, ਚੰਡੀਗੜ੍ਹ ਵਿਚ ਪੰਜ ਬੈÎੱਡ ਰਾਖਵੇਂ ਹਨ।
ਸੁਤੰਤਰਤਾ ਸੰਗਰਾਮੀਆਂ ਬਾਰੇ ਭਲਾਈ ਮੰਤਰੀ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ, ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਤੇ ਬੇਰੁਜ਼ਗਾਰ ਲੜਕੀਆਂ ਨੂੰ ਇਕ ਅਟੈਂਡੈਂਟ ਸਮੇਤ ਪੰਜਾਬ ਸਰਕਾਰ ਦੀਆਂ ਬਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ ਹੈ। ਜਿਨ੍ਹਾਂ ਸੰਘਰਸ਼ੀ ਯੋਧਿਆਂ ਨੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਪੰਜਾਬੀ ਸੂਬਾ ਮੋਰਚਾ ਅਤੇ ਸੰਕਟਕਾਲ (ਐਮਰਜੈਂਸੀ) ਖ਼ਿਲਾਫ਼ ਮੋਰਚੇ ਵਿਚ ਭਾਗ ਲਿਆ ਅਤੇ ਤਿੰਨ ਮਹੀਨਿਆਂ ਤਕ ਜੇਲ ਕੱਟੀ, ਉਨ੍ਹਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿਤੀ ਜਾ ਰਹੀ ਹੈ।