
ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਲਗਭਗ 100 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਣ ਦੀ ਉਮੀਦ
ਮੁੱਖ ਮੰਤਰੀ ਨੇ ਇਕ ਵਿਧਾਇਕ, ਇਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਮਹਾਨ ਰਾਸ਼ਟਰੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇਕ ਨਿਮਾਣਾ ਯਤਨ ਦੱਸਿਆ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਕ ਵਿਧਾਇਕ ਇਕ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਮ ਆਦਮੀ ਸਰਕਾਰ ਦੀ ਇਕ ਨਿਮਾਣੀ ਜਿਹੀ ਪਹਿਲ ਹੈ। ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਨੇ ਵਰਗ ਰਹਿਤ ਲੋਕਤੰਤਰ ਦੀ ਕਲਪਨਾ ਕੀਤੀ ਸੀ, ਜਿੱਥੇ ਚੁਣੇ ਹੋਏ ਨੁਮਾਇੰਦੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਲੋਕਾਂ ਦੇ ਅਸਲ ਸੇਵਕ ਵਜੋਂ ਕੰਮ ਕਰਨਗੇ।
CM Mann Meeting with Sports Department
ਉਨ੍ਹਾਂ ਨੇ ਅਫ਼ਸੋਸ ਪ੍ਰਗਟਾਇਆ ਕਿ ਪਿਛਲੇ 75 ਸਾਲਾਂ ਵਿੱਚ ਇਹ ਚੁਣੇ ਹੋਏ ਨੁਮਾਇੰਦੇ ਸਰਕਾਰੀ ਖ਼ਜ਼ਾਨੇ ਵਿੱਚੋਂ ਵੱਡੀਆਂ ਤਨਖਾਹਾਂ ਅਤੇ ਪੈਨਸ਼ਨਾਂ ਲੈ ਕੇ ਰਾਜਨੀਤਿਕ ਅਧਿਕਾਰੀ ਬਣ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਦਿੱਤੀ ਜਾਣ ਵਾਲੀ ਇਸ ਸਹੂਲਤ ਦਾ ਸਾਰਾ ਬੋਝ ਕਰਦਾਤਾਵਾਂ 'ਤੇ ਪੈਂਦਾ ਹੈ ਕਿਉਂਕਿ ਲੋਕਾਂ ਦਾ ਪੈਸਾ ਲੋਕ ਭਲਾਈ ਲਈ ਵਰਤਣ ਦੀ ਬਜਾਏ ਇਨ੍ਹਾਂ ਆਗੂਆਂ ਨੂੰ ਕਈ-ਕਈ ਪੈਨਸ਼ਨਾਂ ਦੇਣ 'ਤੇ ਬਰਬਾਦ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਆਮ ਆਦਮੀ ਸਰਕਾਰ ਦਾ ਇਤਿਹਾਸਕ ਫ਼ੈਸਲਾ ਹੈ, ਜੋ ਭਾਰਤੀ ਸਿਆਸੀ ਪ੍ਰਣਾਲੀ ਵਿੱਚ ਕ੍ਰਾਂਤੀ ਅਤੇ ਸੁਧਾਰ ਲਿਆਵੇਗਾ।
CM Bhagwant Mann
ਉਨ੍ਹਾਂ ਕਿਹਾ ਕਿ ਇਹ ਫੈਸਲਾ ਉਨ੍ਹਾਂ ਦੀ ਸਰਕਾਰ ਦੀ ਮਹਾਨ ਸੁਤੰਤਰਤਾ ਸੈਨਾਨੀਆਂ ਅਤੇ ਭਾਰਤੀ ਸੁਤੰਤਰਤਾ ਸੰਗਰਾਮ ਦੇ ਮਹਾਨ ਨਾਇਕਾਂ ਨੂੰ ਵੀ ਨਿਮਾਣੀ ਜਿਹੀ ਸ਼ਰਧਾਂਜਲੀ ਹੈ, ਜਿਨ੍ਹਾਂ ਬਰਾਬਰੀ 'ਤੇ ਆਧਾਰਤ ਸਮਾਜ ਦੀ ਸਿਰਜਣਾ ਲਈ ਮਾਤ ਭੂਮੀ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀਆਂ ਖਾਹਿਸ਼ਾਂ ਨੂੰ ਪੂਰਾ ਕਰਨ ਅਤੇ ਸੂਬੇ ਦੀ 'ਰੰਗਲਾ ਪੰਜਾਬ' ਵਜੋਂ ਪੁਰਾਤਨ ਸ਼ਾਨ ਬਹਾਲ ਕਰਨ ਲਈ ਹਰ ਸੰਭਵ ਯਤਨ ਕਰੇਗੀ।
CM Bhagwant Mann
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਵੱਡਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ, ਲੋਕਾਂ ਦੀ ਸੇਵਾ ਹੈ ਅਤੇ ਇਸ ਨੂੰ ਕਰਦੇ ਹੋਏ ਵਿਧਾਇਕਾਂ ਨੂੰ ਵੱਡੀਆਂ ਪੈਨਸ਼ਨਾਂ ਦੀ ਲੋੜ ਨਹੀਂ ਹੈ ਅਤੇ ਉਹ ਵੀ ਹਰੇਕ ਕਾਰਜਕਾਲ ਲਈ ਵੱਖਰੀ ਪੈਨਸ਼ਨ। ਭਗਵੰਤ ਮਾਨ ਨੇ ਕਿਹਾ ਕਿ ਵਿਧਾਇਕ ਆਪਣੀ ਇੱਛਾ ਅਨੁਸਾਰ ਹੀ ਰਾਜਨੀਤੀ ਵਿੱਚ ਆਏ ਹਨ ਅਤੇ ਲੋਕਾਂ ਦੀ ਇਸ ਸੇਵਾ ਦੇ ਬਦਲੇ ਇਕ ਤੋਂ ਵੱਧ ਪੈਨਸ਼ਨਾਂ ਲੈਣ ਦੀ ਉਨ੍ਹਾਂ ਦੀ ਕੋਈ ਨੈਤਿਕ ਜ਼ਿੰਮੇਵਾਰੀ ਨਹੀਂ ਬਣਦੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਇਤਿਹਾਸਕ ਪਹਿਲਕਦਮੀ ਨਾਲ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ 100 ਕਰੋੜ ਰੁਪਏ ਦੀ ਬੱਚਤ ਹੋਵੇਗੀ।