
ਡਾਕਟਰਾਂ ਦੀਆਂ ਟੀਮਾਂ ਵਲੋਂ ਲੋਕਾਂ ਦੇ ਘਰਾਂ ’ਚ ਖੜ੍ਹੇ ਪਾਣੀ ’ਚੋਂ ਖ਼ਤਮ ਕੀਤਾ ਜਾ ਰਿਹਾ ਲਾਰਵਾ
ਲੁਧਿਆਣਾ: ਡੇਂਗੂ ਅਤੇ ਸਵਾਇਨ ਫਲੂ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹੇ 'ਚ ਡੇਂਗੂ ਦੇ ਹੁਣ ਤੱਕ ਸੈਂਕੜੇ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚ ਸਿਹਤ ਵਿਭਾਗ ਵੱਲੋਂ 61 ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ’ਚ 14 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਡੇਂਗੂ ਅਤੇ ਸਵਾਇਨ ਫਲੂ ਦੇ ਕੇਸਾਂ ਨੂੰ ਖ਼ਤਮ ਕਰਨ ਲਈ ਲੋਕਾਂ ਦੇ ਘਰਾਂ ਵਿਚ ਖੜ੍ਹੇ ਪਾਣੀ ਨੂੰ ਚੈੱਕ ਕੀਤਾ ਜਾ ਰਿਹਾ ਹੈ, ਜੇਕਰ ਪਾਣੀ ਵਿਚ ਲਾਰਵਾ ਮਿਲਦਾ ਹੈ ਤਾਂ ਉਸ ਨੂੰ ਨਸ਼ਟ ਕੀਤਾ ਜਾਂਦਾ ਹੈ। ਇਨ੍ਹਾਂ ’ਚੋਂ 20 ਘਰਾਂ ’ਚ ਡੇਂਗੂ ਦਾ ਲਾਰਵਾ ਮਿਲਿਆ, ਜਦੋਂ ਕਿ 20 ਹੋਰ ਜਗ੍ਹਾ ’ਤੇ ਪਏ ਕੰਟੇਨਰ ’ਚ ਵੀ ਮੱਛਰ ਦਾ ਲਾਰਵਾ ਪਾਇਆ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਤੋਂ ਬਚਾਅ ਲਈ ਆਪਣੇ ਘਰ ਦੇ ਨੇੜੇ ਤੇੜੇ ਛੱਤ ’ਤੇ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਕਿਤੇ ਵੀ ਬਾਰਿਸ਼ ਦਾ ਪਾਣੀ ਖੜ੍ਹਾ ਨਾ ਹੋਣ ਦੇਣ।
ਉੱਥੇ ਹੀ ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਨੂੰ ਬੁਖਾਰ ਆਉਂਦਾ ਹੈ ਤਾਂ ਉਹ ਨਜ਼ਦੀਕ ਹੀ ਸਰਕਾਰੀ ਹਸਪਤਾਲ ਵਿਚ ਚੈੱਕ ਕਰਵਾਏ। ਸਵਾਈਨ ਫਲੂ ਦੇ ਲੱਛਣ ਦੇਖਣ ਤੋਂ ਬਾਅਦ ਡਾਕਟਰਾਂ ਵੱਲੋਂ ਇਲਾਜ ਵੀ ਕੀਤਾ ਜਾਵੇਗਾ।