
ਸੂਬੇ ਦੀਆਂ ਵਿੱਤੀ ਔਕੜਾਂ ਦੇ ਬਾਵਜੂਦ ਪੰਜਾਬ ਸਰਕਾਰ ਨੇ ਅਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ) : ਸੂਬੇ ਦੀਆਂ ਵਿੱਤੀ ਔਕੜਾਂ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਲਾਸਾ ਕੀਤਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਵਿਚ ਇਕ ਨਵੰਬਰ, 2019 ਤੋਂ ਤਿੰਨ ਫ਼ੀ ਸਦੀ ਦਾ ਵਾਧਾ ਹੋਵੇਗਾ। ਉਨ੍ਹਾਂ ਦਸਿਆ ਕਿ ਮੁੱਖ ਮੰਤਰੀ ਨੇ ਸਰਕਾਰੀ ਮੁਲਾਜ਼ਮਾਂ ਦੀ ਡਿਊਟੀ ਪ੍ਰਤੀ ਸਮਰਪਤ ਭਾਵਨਾ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਇਹ ਵਾਧਾ ਕਰਨ ਦੇ ਹੁਕਮ ਦਿਤੇ ਹਨ।
Captain Amarinder Singh
ਵਿੱਤ ਮੰਤਰੀ ਨੇ ਕਿਹਾ ਕਿ ਇਸ ਵਾਧੇ ਨਾਲ ਪੰਜਾਬ ਸਰਕਾਰ ਦੇ ਖ਼ਜ਼ਾਨੇ 'ਤੇ ਸਾਲਾਨਾ 480 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਵਿਚ ਵਾਧੇ ਦੇ ਫ਼ੈਸਲਾ ਇਤਫ਼ਾਕਵਸ ਦੀਵਾਲੀ ਦੇ ਖ਼ੁਸ਼ੀਆਂ ਭਰੇ ਤਿਉਹਾਰ ਦੌਰਾਨ ਲਾਗੂ ਹੋਣ ਜਾ ਰਿਹਾ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰਨ ਤੌਰ 'ਤੇ ਵਚਨਬੱਧ ਹੈ ਅਤੇ ਸੂਬੇ ਦੇ ਅਰਥਚਾਰੇ ਦੀ ਮੌਜੂਦਾ ਸਥਿਤੀ ਦੇ ਬਾਵਜੂਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਏ ਦੇ ਨਿਪਟਾਰੇ ਨੂੰ ਯਕੀਨੀ ਬਣਾਉਣਾ ਜਾਰੀ ਰੱਖੇਗੀ।
Employees
ਪੰਜਾਬ ਮੁਲਾਜ਼ਮ ਮੰਚ ਵਲੋਂ ਤਿੰਨ ਫ਼ੀ ਸਦੀ ਮਹਿੰਗਾਈ ਭੱਤਾ ਰੱਦ
ਚੰਡੀਗੜ੍ਹ (ਐਸ.ਐਸ. ਬਰਾੜ): ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਯੂਨੀਅਨਾਂ ਦੇ ਸਾਂਝਾ ਮੁਲਾਜ਼ਮ ਮੰਚ ਨੇ ਪੰਜਾਬ ਸਰਕਾਰ ਵਲੋਂ 3 ਫ਼ੀ ਸਦੀ ਮਹਿੰਗਾਈ ਭੱਤਾ ਜਾਰੀ ਕਰਨ ਦੇ ਐਲਾਨ ਨੂੰ ਰੱਦ ਕਰ ਦਿਤਾ ਹੈ। ਮੁਲਾਜ਼ਮ ਮੰਚ ਦੇ ਕਨਵੀਨਰ ਗੁਰਮੇਲ ਸਿੰਘ ਸਿੱਧੂ ਨੇ ਫ਼ੋਨ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਲੁਧਿਆਣਾ ਵਿਖੇ ਸਾਂਝੇ ਮੰਚ ਦੀ ਮੀਟਿੰਗ ਹੋਈ। ਇਸ ਵਿਚ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਨੇ ਵੀ ਹਿੱਸਾ ਲਿਆ।
dearness allowance
ਇਸ ਮੀਟਿੰਗ ਵਿਚ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ 3 ਫ਼ੀ ਸਦੀ ਮਹਿੰਗਾਈ ਭੱਤਾ ਦੇਣ ਦੇ ਐਲਾਨ ਨੂੰ ਰੱਦ ਕਰ ਦਿਤਾ ਗਿਆ। ਉਨ੍ਹਾਂ ਕਿਹਾ ਕਿ 2018 ਤੋਂ ਲੈ ਕੇ ਅੱਜ ਤਕ ਪੰਜਾਬ ਦੇ ਮੁਲਾਜ਼ਮਾਂ ਦਾ 27 ਫ਼ੀਸਦੀ ਮਹਿੰਗਾਈ ਭੱਤਾ ਦੇਣਾ ਬਣਦਾ ਹੈ। ਇਸ ਤੋਂ ਇਲਾਵਾ ਮਹਿੰਗਾਈ ਭੱਤੇ ਦੀਆਂ ਪਿਛਲੀਆਂ ਕਿਸ਼ਤਾਂ ਦਾ ਬਕਾਇਆ ਵੀ ਨਹੀਂ ਦਿਤਾ ਗਿਆ। ਸ. ਸਿੱਧੂ ਨੇ ਕਿਹਾ ਕਿ ਪਿਛਲੀ ਰਾਤ ਖ਼ਜ਼ਾਨਾ ਮੰਤਰੀ ਨਾਲ ਗੱਲਬਾਤ ਹੋਈ ਤਾਂ ਉਨ੍ਹਾਂ ਨੇ ਸਰਕਾਰ ਦੀ ਮੰਦੀ ਆਰਥਕ ਹਾਲਤ ਦੀ ਗੱਲ ਕਹੀ।
Manpreet Singh Badal
ਜੇਕਰ ਸਰਕਾਰ ਦੀ ਆਰਥਕ ਹਾਲਤ ਮੰਦੀ ਹੈ ਤਾਂ ਸਰਕਾਰ ਨੇ ਸਲਾਹਕਾਰਾਂ ਦੀ ਫ਼ੌਜ ਕਿਉਂ ਖੜੀ ਕੀਤੀ ਹੈ। ਫਿਰ ਵੀ ਮੁਲਾਜ਼ਮ ਆਗੂਆਂ ਨੇ ਮੰਨ ਲਿਆ ਕਿ ਘੱਟੋ ਘੱਟ 2018 ਦੀਆਂ 2 ਕਿਸ਼ਤਾਂ ਦਾ 9 ਫ਼ੀ ਸਦੀ ਮਹਿੰਗਾਈ ਭੱਤਾ ਬਣਦਾ ਹੈ। ਬਾਕੀ ਬਾਅਦ ਵਿਚ ਕੀਤਾ ਜਾ ਸਕਦਾ ਹੈ। ਪ੍ਰੰਤੂ ਖ਼ਜ਼ਾਨਾ ਮੰਤਰੀ ਨੇ 3 ਫ਼ੀ ਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕਰ ਕੇ ਮੁਲਾਜ਼ਮਾਂ ਨਾਲ ਵੱਡਾ ਧੋਖਾ ਕੀਤਾ ਹੈ ਤੇ ਉਹ ਅਪਣਾ ਸੰਘਰਸ਼ ਜਾਰੀ ਰਖਣਗੇ। ਉਨ੍ਹਾਂ ਇਹ ਵੀ ਦਸਿਆ ਕਿ ਸੋਮਵਾਰ ਨੂੰ ਮਨਪ੍ਰੀਤ ਸਿੰਘ ਬਾਦਲ ਨਾਲ ਮੀਟਿੰਗ ਤਹਿ ਹੋਈ ਹੈ। ਇਸ ਮੀਟਿੰਗ ਵਿਚ ਮੁਲਾਜ਼ਮ ਆਗੂ 9 ਫ਼ੀ ਸਦੀ ਮਹਿੰਗਾਈ ਭੱਤਾ ਦੇਣ ਤੋਂ ਘੱਟ ਕੁੱਝ ਵੀ ਪ੍ਰਵਾਨ ਨਹੀਂ ਕਰਨਗੇ। ਅੱਜ ਦੀ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਮੰਚ ਦੇ ਮੁੱਖ ਸੰਚਾਲਕ ਸੁਖਚੈਨ ਸਿੰਘ ਖਹਿਰਾ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਅਮਰ ਸਿੰਘ ਧਾਲੀਵਾਲ ਨੇ ਵੀ ਹਿੱਸਾ ਲਿਆ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ