
ਕਿਸਾਨ ਜਥੇਬੰਦੀਆਂ ਹੋਈਆਂ ਦੁਫਾੜ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਜਥੇਬੰਦੀਆਂ ਦੀ ਹੋਣ ਵਾਲੀ ਮੀਟਿੰਗ ਤੋਂ ਕੀਤਾ ਕਿਨਾਰਾ
ਚੰਡੀਗੜ੍ਹ, 12 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੁਫਾੜ ਹੁੰਦੀਆਂ ਨਜ਼ਰ ਆ ਰਹੀਆਂ ਹਨ। ਕੇਂਦਰ ਵਲੋਂ ਮੀਟਿੰਗ ਲਈ ਦਿਤੇ ਸੱਦੇ ਤੋਂ ਬਾਅਦ ਕਿਸਾਨ ਜਥੇਬੰਦੀਆਂ 'ਅਪਣੀ-ਅਪਣੀ ਡਫਲੀ' ਵਜਾਉਣ ਲੱਗ ਪਈਆਂ ਹਨ। ਪੰਜਾਬ ਵਿਚ ਖੇਤੀ ਕਾਨੂੰਨਾਂ ਵਿਰੁਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੇ ਸੱਦੇ 'ਤੇ ਇਕਮੁਠਤਾ ਦਾ ਪ੍ਰਗਟਾਵਾ ਨਹੀਂ ਕੀਤਾ ਜਾ ਰਿਹਾ। ਕੇਂਦਰੀ ਖੇਤੀ ਮੰਤਰਾਲੇ ਦੇ ਸੱਦੇ 'ਤੇ ਇਕ ਕਿਸਾਨ ਜਥੇਬੰਦੀ 'ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ' ਨੇ ਤਾਂ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਤੋਂ ਕੋਰੀ ਨਾਂਹ ਕਰ ਦਿਤੀ ਹੈ ਜਦਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੇਂਦਰ ਦੇ ਸੱਦੇ ਦਾ ਹਾਂ-ਪੱਖੀ ਹੁੰਗਾਰਾ ਭਰਿਆ ਹੈ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਦਾ ਕਹਿਣਾ ਹੈ ਕਿ ਕੇਂਦਰ ਵਲੋਂ 14 ਅਕਤੂਬਰ ਨੂੰ ਨਵੀਂ ਦਿੱਲੀ 'ਚ ਸੱਦੀ ਮੀਟਿੰਗ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਵਲੋਂ ਸ਼ਿਰਕਤ ਕੀਤੀ ਜਾਵੇਗੀ। ਸ਼੍ਰੀ ਕੋਕਰੀ ਨੇ ਕਿਹਾ ਕਿ 31 ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਨੂੰ ਜਥੇਬੰਦੀ ਦੀ ਪੂਰਨ ਹਮਾਇਤ ਹੈ। ਇਸ ਲਈ ਕੇਂਦਰ ਸਰਕਾਰ ਵਲੋਂ ਸੱਦੀ ਮੀਟਿੰਗ ਦੌਰਾਨ ਵੀ ਪੱਖ ਰਖਿਆ ਜਾਣਾ ਜ਼ਰੂਰੀ ਹੈ। ਇਸੇ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸੱਦਾ ਠੁਕਰਾ ਦਿਤਾ ਹੈ ਤੇ ਫ਼ਿਰੋਜ਼ਪੁਰ ਅਤੇ ਅੰਮ੍ਰਿਤਸਰ ਵਿਚ ਰੇਲ ਮਾਰਗਾਂ 'ਤੇ ਦਿਤੇ ਧਰਨੇ ਜਾਰੀ ਰੱਖਣ ਦਾ ਐਲਾਨ ਵੀ ਕੀਤਾ ਹੈ। ਪੰਜਾਬ ਦੀਆਂ ਕੁੱਝ ਜਥੇਬੰਦੀਆਂ ਵਲੋਂ ਇਸ ਮੁੱਦੇ 'ਤੇ ਮੀਟਿੰਗ ਕੀਤੀ ਜਾ ਰਹੀ ਹੈ। ਅਹਿਮ ਗੱਲ ਇਹ ਵੀ ਹੈ ਕਿ 31 ਕਿਸਾਨ ਜਥੇਬੰਦੀਆਂ ਨੇ ਇਸ ਮੁੱਦੇ 'ਤੇ ਭਲਕੇ ਅਹਿਮ ਮੀਟਿੰਗ ਬੁਲਾਈ ਗਈ ਹੈ। ਜਥੇਬੰਦੀਆਂ ਵਲੋਂ ਸਮੂਹਿਕ ਤੌਰ 'ਤੇ ਭਲਕੇ ਹੀ ਫ਼ੈਸਲਾ ਲਿਆ ਜਾਵੇਗਾ। ਹੈਰਾਨੀ ਦੀ ਗੱਲ ਇਹ ਹੈ ਕਿ ਉਗਰਾਹਾਂ ਗਰੁੱਪ ਨੇ ਇਸ ਮੀਟਿੰਗ ਤੋਂ ਵੀ ਕਿਨਾਰਾ ਕਰ ਲਿਆ ਹੈ। ਬੀਤੇ ਕਈ ਦਿਨਾਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਕਿਸਾਨਾਂ ਅੰਦਰ ਕਈ ਅਜਿਹੇ ਲੋਕ ਦਾਖ਼ਲ ਹੋ ਗਏ ਹਨ ਜਿਹੜੇ ਕਿਸਾਨ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਤਤਪਰ ਹਨ। ਪਹਿਲਾਂ ਅਜਿਹੀਆਂ ਚਰਚਾਵਾਂ 'ਤੇ ਭਰੋਸਾ ਨਹੀਂ ਕੀਤਾ ਜਾ ਰਿਹਾ ਸੀ ਪਰ ਹੁਣ ਸਚਾਈ ਜਾਪਣ ਲੱਗ ਪਈ ਹੈ। ਆਖ਼ਰ ਸਿਆਸੀ ਦਖ਼ਲਅੰਦਾਜ਼ੀ ਨਾਲ ਕਿਸਾਨ ਜਥੇਬੰਦੀਆਂ ਅੰਦਰ ਫੁਟ ਸਾਫ਼ ਦਿਖਾਈ ਦੇਣ ਲੱਗ ਪਈ ਹੈ।image