
ਹਰਪਾਲ ਚੀਮਾ ਸਮੇਤ ਕਈ ਵਿਧਾਇਕ ਹਿਰਾਸਤ ਵਿਚ
ਚੰਡੀਗੜ੍ਹ : ਪੰਜਾਬ 'ਚ ਬੇਰੁਜ਼ਗਾਰੀ ਦੇ ਮੁੱਦੇ 'ਤੇ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਵੱਲੋਂ ਚੰਨੀ ਸਰਕਾਰ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਨੇ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕੀਤਾ ਸੀ। ਇਸ ਦੌਰਾਨ ਚੰਡੀਗੜ੍ਹ ਪੁਲਿਸ ਵੱਲੋਂ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਸਮੇਤ ਕਈ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ।
AAP Protest
ਉਹਨਾਂ ਨੂੰ ਹਿਰਾਸਤ ਵਿਚ ਲੈ ਕੇ ਸੈਕਟਰ 3 ਦੇ ਠਾਣੇ 'ਚ ਲਿਜਾਇਆ ਗਿਆ ਹੈ। ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮੰਤਰੀਆਂ ਅਤੇ ਵਿਧਾਇਕਾਂ ਦੇ ਰਿਸ਼ਤੇਦਾਰਾਂ ਨੂੰ ਨੌਕਰੀਆਂ ਦੇ ਰਹੀ ਹੈ ਪਰ ਪੰਜਾਬ ਦਾ ਨੌਜਵਾਨ ਬੇਰੁਜ਼ਗਾਰ ਹੈ ਅਤੇ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ।
ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਹੁਣ ਤਾਂ ਸਰਕਾਰ ਦਾ ਕਾਰਜਕਾਲ ਵੀ ਖ਼ਤਮ ਹੋ ਰਿਹਾ ਹੈ ਪਰ ਅਜੇ ਤੱਕ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ ਗਈਆਂ।
AAP Protest
ਉਨ੍ਹਾਂ ਕਿਹਾ ਕਿ ਸਿਰਫ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਦੇ ਰਿਸ਼ਤੇਦਾਰਾਂ ਨੂੰ ਹੀ ਰੁਜ਼ਗਾਰ ਦੀ ਪ੍ਰਾਪਤੀ ਹੋਈ ਹੈ, ਜਦੋਂ ਕਿ ਪੰਜਾਬ ਦੇ ਨੌਜਵਾਨ ਰੁਜ਼ਗਾਰ ਦੀ ਮੰਗ ਲਈ ਥਾਂ-ਥਾਂ ਧਰਨੇ ਲਾ ਕੇ ਬੈਠੇ ਹੋਏ ਹਨ ਅਤੇ ਟੈਂਕੀਆਂ 'ਤੇ ਚੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੂਠੇ ਅੰਕੜੇ ਤਿਆਰ ਕਰਕੇ ਵੱਡੇ-ਵੱਡੇ ਬੋਰਡ ਤੇ ਇਸ਼ਤਿਹਾਰ ਲਾਏ ਜਾ ਰਹੇ ਹਨ। ਹਰਪਾਲ ਚੀਮਾ ਨੇ ਕਿਹਾ ਕਿ ਪਹਿਲਾਂ ਕਾਂਗਰਸ ਦੀ ਕੈਪਟਨ ਸਰਕਾਰ ਅਤੇ ਹੁਣ ਚੰਨੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਤੋਂ ਵੋਟਾਂ ਲੈ ਕੇ ਸੱਤਾ 'ਚ ਆਈ ਪੰਜਾਬ ਸਰਕਾਰ ਨੇ ਨੌਜਵਾਨਾਂ ਦੀਆਂ ਪਿੱਠਾਂ 'ਚ ਛੁਰਾ ਮਾਰਿਆ ਹੈ।