ਦੋ ਸਕੇ ਭਰਾਵਾਂ ਸਣੇ 12 ਸਾਲ ਦੀ ਪੋਤਰੀ ਦੀ ਮੌਤ
ਜ਼ੀਰਾ : ਜ਼ੀਰਾ ਦੇ ਕਸਬਾ ਮਖੂ ਦੇ ਬਿਜਲੀ ਘਰ ਸਾਹਮਣੇ ਮੋਟਰਸਾਈਕਲ ਅਤੇ ਕਾਰ ਦੀ ਭਿਆਨਕ ਟੱਕਰ ਹੋ ਗਈ ਤੇ ਇਸ ਹਾਦਸੇ ਵਿਚ ਦੋ ਸਕੇ ਭਰਾਵਾਂ ਸਣੇ ਤਿੰਨ ਦੀ ਮੌਤ ਹੋ ਗਈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਅਮਰ ਸਿੰਘ ਅਤੇ ਕੁਲਦੀਪ ਸਿੰਘ ਜੋ ਸਕੇ ਭਰਾ ਹਨ ਆਪਣੀ ਕਰੀਬ 12 ਸਾਲ ਦੀ ਪੋਤਰੀ ਨਿਮਰਤਾ ਨੂੰ ਲੈ ਕੇ ਮੋਟਰਸਾਈਕਲ ’ਤੇ ਮਖੂ ਤੋਂ ਆਪਣੇ ਪਿੰਡ ਕੱਦੂਵਾਲ ਨੂੰ ਆ ਰਹੇ ਸਨ।
ਇਸ ਦੌਰਾਨ ਉਨ੍ਹਾਂ ਦੀ ਇਕ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਤਿੰਨ ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦਾ ਪਤਾ ਚੱਲਦਿਆਂ ਹੀ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ੀਰਾ ਨੇ ਦਾਅਵਾ ਕੀਤਾ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਦੱਸਣ ਮੁਤਾਬਕ ਜਿਸ ਕਾਰ ਨਾਲ ਮੋਟਰਸਾਈਕਲ ਦੀ ਟੱਕਰ ਹੋਈ ਸੀ
ਉਸ ਕਾਰ ਵਿਚ ਸਵਾਰ ਲੋਕਾਂ ਦੇ ਪਿੱਛੇ ਪੁਲਿਸ ਲੱਗੀ ਹੋਈ ਸੀ ਜੋ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਸੀ ਕਿਉਂਕਿ ਉਸ ਕਾਰ ਵਿਚ ਵੱਡੀ ਮਾਤਰਾ ਵਿਚ ਹੈਰੋਇਨ ਸੀ। ਉਨ੍ਹਾਂ ਨੇ ਦੱਸਿਆ ਕਿ ਇਸ ਸੰਬੰਧ ਵਿਚ ਉਨ੍ਹਾਂ ਵੱਲੋਂ ਡੀ. ਐੱਸ. ਪੀ. ਜ਼ੀਰਾ ਨਾਲ ਵੀ ਗੱਲਬਾਤ ਕੀਤੀ ਗਈ ਹੈ। ਫਿਲਹਾਲ ਪੁਲਿਸ ਵਲੋਂ ਇਸ ਸਬੰਧੀ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।
ਕਾਰ ਦੇ ਅੰਦਰੋਂ 35 ਕਰੋੜ ਰੁਪਏ ਦੀ ਹੈਰੋਇਨ ਬਰਾਮਦ
ਹਾਦਸੇ ਦੌਰਾਨ ਪੁਲਿਸ ਨੇ ਕਾਰ ਦੇ ਅੰਦਰੋਂ 35 ਕਰੋੜ ਰੁਪਏ ਦੀ 7 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ 1 ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਹਾਦਸੇ ਤੋਂ ਬਾਅਦ ਕਾਰ ਸਵਾਰ ਅਰਸ਼ਦੀਪ ਸਿੰਘ ਉਰਫ ਅਰਸ਼ ਨੂੰ ਕਾਬੂ ਕਰ ਲਿਆ ਗਿਆ। ਉਸ ਕੋਲੋਂ 7 ਕਿਲੋ 30 ਗ੍ਰਾਮ ਹੈਰੋਇਨ ਬਰਾਮਦ ਹੋਈ।
(For more news apart from Punjab Accident News, stay tuned to Rozana Spokesman)