
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਲਾਏ ਘਿਨਾਉਣੇ ਦੋਸ਼ਾਂ ਲਈ ਉਸ ਦੀ ਤਿੱਖੀ ਆਲੋਚਨਾ ਕਰਦਿਆਂ ਆਖਿਆ...
ਚੰਡੀਗੜ੍ਹ (ਸ.ਸ.ਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਲਾਏ ਘਿਨਾਉਣੇ ਦੋਸ਼ਾਂ ਲਈ ਉਸ ਦੀ ਤਿੱਖੀ ਆਲੋਚਨਾ ਕਰਦਿਆਂ ਆਖਿਆ ਕਿ ਉਹ (ਕੈਪਟਨ ਅਮਰਿੰਦਰ ਸਿੰਘ) ਨਹੀਂ ਸਗੋਂ ਸਾਬਕਾ ਮੁੱਖ ਮੰਤਰੀ ਗੈਰ-ਸੰਜੀਦਾ ਬਿਆਨਾਂ ਰਾਹੀਂ ਹਮੇਸ਼ਾ ਹੀ ਸਿੱਖ ਭਾਈਚਾਰੇ ਅਤੇ ਪੰਜਾਬ ਦੇ ਹਿੱਤਾਂ ਨੂੰ ਸਾਬੋਤਾਜ ਕਰਨ ਦੀ ਕੋਸ਼ਿਸ਼ ਕਰਦੇ ਰਹੇ ਹਨ। ਮੁੱਖ ਮੰਤਰੀ ਨੇ ਬਾਦਲ ਵੱਲੋਂ ਕਰਤਾਰਪੁਰ ਲਾਂਘੇ ਨੂੰ ਸਾਬੋਤਾਜ ਕਰਨ ਦੀ ਕੋਸ਼ਿਸ਼ ਕਰਨ ਦੇ ਉਨ੍ਹਾਂ ‘ਤੇ ਲਾਏ ਦੋਸ਼ਾਂ ਤੇ ਪ੍ਰਤੀਕ੍ਰਿਆ ਪ੍ਰਗਟ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲ ਦਾ ਇਹ ਬਿਆਨ ਵੀ ਉਸ ਵੱਲੋਂ ਆਪਣੇ ਸਿਆਸੀ ਹਿੱਤਾਂ ਖਾਤਰ ਧਰਮ ਦੀ ਵਰਤੋਂ ਕਰਨ ਸਬੰਧੀ ਪਹੁੰਚ ਨੂੰ ਹੋਰ ਅੱਗੇ ਵਧਾਉਣ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਇਕ ਵਾਰ ਫਿਰ ਬੇਬੁਨਿਆਦ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀਮਤੀ ਇੰਦਰਾ ਗਾਂਧੀ ਤੋਂ ਲੈ ਕੇ ਡਾਕਟਰ ਮਨਮੋਹਨ ਸਿੰਘ ਤੱਕ | ਕਾਂਗਰਸੀ ਲੀਡਰਸ਼ਿਪ ਹੀ ਸੀ ਜਿਸ ਨੇ ਹਮੇਸ਼ਾ ਹੀ ਕਰਤਾਰਪੁਰ ਲਾਂਘੇ ਨੂੰ ਖੋਲਣ ਲਈ ਸਖ਼ਤ ਜਦੋ-ਜਹਿਦ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਵੱਖਵੱਖ ਮੌਕਿਆਂ ‘ਤੇ ਪਾਕਿਸਤਾਨ ਤੇ ਕੇਂਦਰ ਸਰਕਾਰ ਨਾਲ ਕਰਤਾਰਪੁਰ ਲਾਂਘੇ ਨੂੰ ਖੋਣ ਦਾ ਮੁੱਦਾ ਉਠਾਇਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਕ ਸਿੱਖ ਹੋਣ ਦੇ ਨਾਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਾਸਤੇ ਹਮੇਸ਼ਾ ਖਾਹਿਸ਼ਮੰਦ ਰਹੇ ਹਨ। ਉਨਾਂ ਦੇ ਆਪਣੇ ਪਰਿਵਾਰ ਦੀ ਇਸ ਪਵਿੱਤਰ ਅਸਥਾਨ ਨਾਲ ਇਤਿਹਾਸਕ ਸਾਂਝ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਇਹ ਸੋਚਣਾ ਬਹੁਤ ਮੂਰਖਤਾ ਭਰਿਆ ਹੈ ਕਿ ਉਹ ਲਾਂਘੇ ਨੂੰ ਖੋਲ੍ਹਣ ਵਿੱਚ ਅੜਿੱਕਾ ਡਾਹੁਣ ਅਤੇ ਸਿੱਖ ਭਾਈਚਾਰੇ ਦੀਆਂ ਖਾਹਿਸ਼ਾਂ ਨੂੰ ਪੂਰਾ ਹੋਣ ਨੂੰ ਸਾਬੋਤਾਜ ਦੀ ਕੋਸ਼ਿਸ਼ ਕਰ ਸਕਦੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਛੇਤੀ ਹੀ ਭਾਰਤ ਵਾਲੇ ਪਾਸੇ ਡੇਰਾ ਬਾਬਾ ਨਾਨਕ ਵਿਖੇ ਲੱਖਾਂ ਸਿੱਖ ਸ਼ਰਧਾਲੂਆਂ ਲਈ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਅਤੇ ਸੁਵਿਧਾਵਾਂ ਨੂੰ ਤਿਆਰ ਕਰ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਉਨ੍ਹਾਂ ਦੀ ਸਰਕਾਰ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਮੁਕੰਮਲ ਕਰਨ ਲਈ ਲੋੜੀਦੀ ਯੋਜਨਾ ਅਤੇ ਡਿਜ਼ਾਈਨ ਅਨੁਸਾਰ ਤਿਆਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।