
ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਤੁਰਤ ਅਮਲ
ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਵਿੱਤ ਮੰਤਰੀ ਨੇ ਪੇਂਡੂ ਵਿਕਾਸ ਤੇ ਪੰਚਾਇਤ, ਮਾਲ, ਸਹਿਕਾਰਤਾ, ਸੈਰ-ਸਪਾਟਾ, ਭੌਂ ਤੇ ਜਲ ਸੰਭਾਲ ਵਿਭਾਗਾਂ ਤੋਂ ਇਲਾਵਾ ਪੰਜਾਬ ਬੁਨਿਆਦੀ ਵਿਕਾਸ ਬੋਰਡ (ਪੀ.ਆਈ.ਡੀ.ਬੀ) ਨੂੰ 565.99 ਕਰੋੜ ਰੁਪਏ ਜਾਰੀ ਕੀਤੇ ਹਨ।
Punjab Infrastructure Development Board
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦਸਿਆ ਕਿ 14ਵੇਂ ਵਿੱਤ ਕਮਿਸ਼ਨ ਗ੍ਰਾਂਟ ਤਹਿਤ ਵਿੱਤੀ ਵਰ੍ਹੇ 2016-17 ਲਈ ਮੁਢਲੀ ਗ੍ਰਾਂਟ ਅਤੇ ਕਾਰਗੁਜ਼ਾਰੀ ਗ੍ਰਾਂਟ ਦੀ ਦੂਜੀ ਕਿਸ਼ਤ ਦੇ ਸੰਦਰਭ ਵਿਚ ਕ੍ਰਮਵਾਰ 305.81 ਕਰੋੜ ਅਤੇ 80.23 ਕਰੋੜ ਰੁਪਏ ਦੇ ਫ਼ੰਡ ਜਾਰੀ ਕੀਤੇ ਹਨ। ਇਸੇ ਤਰ੍ਹਾਂ ਵਿੱਤ ਵਿਭਾਗ ਨੇ ਬਾਂਡਜ਼ ਦੀ ਮੁੜ ਖ਼ਰੀਦ ਲਈ ਪੀ.ਆਈ.ਡੀ.ਬੀ ਨੂੰ 100.80 ਕਰੋੜ ਦੀ ਰਾਸ਼ੀ ਜਾਰੀ ਕੀਤੀ ਹੈ।
Captain Amarinder Singh
ਇਸੇ ਦੌਰਾਨ ਨਾਬਾਰਡ ਤਹਿਤ ਭੌਂ ਤੇ ਜਲ ਸੰਭਾਲ ਵਿਭਾਗ ਦੇ ਸੋਧੇ ਹੋਏ ਪਾਣੀ ਦੀ ਮੁੜ ਵਰਤੋਂ ਅਤੇ ਸੂਖਮ ਸਿੰਜਾਈ ਸਮੇਤ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਲਈ 54.23 ਕਰੋੜ ਜਾਰੀ ਕੀਤੇ ਹਨ। ਕੌਮੀ ਸਹਿਕਾਰੀ ਵਿਕਾਸ ਨਿਗਮ ਰਾਹੀਂ ਭੋਗਪੁਰ ਕੋ-ਆਪ੍ਰੇਟਿਵ ਸ਼ੂਗਰ ਮਿੱਲ ਨੂੰ ਅਪਗ੍ਰੇਡ ਅਤੇ ਆਧੁਨਿਕੀਕਰਨ ਨੂੰ ਯਕੀਨੀ ਬਣਾਉਣ ਲਈ 6.96 ਕਰੋੜ ਰੁਪਏ ਜਾਰੀ ਕੀਤੇ ਹਨ।
Asian Development Bank
ਸੈਰ ਸਪਾਟਾ ਲਈ ਏਸ਼ੀਅਨ ਵਿਕਾਸ ਬੈਂਕ ਦੀ ਸਹਾਇਤਾ ਪ੍ਰਾਪਤ ਬੁਨਿਆਦੀ ਢਾਂਚਾ ਵਿਕਾਸ ਨਿਵੇਸ਼ ਪ੍ਰੋਗਰਾਮ ਤਹਿਤ ਵੱਖ-ਵੱਖ ਸੈਰ-ਸਪਾਟਾ ਪ੍ਰਾਜਕਟਾਂ ਨੂੰ ਅਮਲ ਵਿਚ ਲਿਆਉਣ ਲਈ ਸੈਰ ਸਪਾਟਾ ਵਿਭਾਗ ਨੂੰ 5.96 ਕਰੋੜ ਰੁਪਏ ਦੇ ਫ਼ੰਡ ਅਲਾਟ ਕੀਤੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦਾਂ ਤੇ ਪੰਚਾਇਤ ਸੰਮਤੀਆਂ ਦੇ ਪੈਨਸ਼ਨਰਾਂ ਦੀਆਂ ਪੈਨਸ਼ਨਾਂ ਅਤੇ ਨੰਬਰਦਾਰਾਂ ਦੀਆਂ ਤਨਖ਼ਾਹਾਂ ਦੀ ਅਦਾਇਗੀ ਲਈ ਕ੍ਰਮਵਾਰ 5 ਕਰੋੜ ਰੁਪਏ ਅਤੇ 7 ਕਰੋੜ ਰੁਪਏ ਜਾਰੀ ਕੀਤੇ ਗਏ ਹਨ।