
ਅਮਰੀਕਾ ਤੋਂ ਪਰਤੇ ਸਿੱਧੂ ਨੂੰ ਸ਼ੁੱਕਰਵਾਰ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ
ਚੰਡੀਗੜ੍ਹ: ਬਹੁ-ਕਰੋੜੀ ਸਿੰਚਾਈ ਘੁਟਾਲਾ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਸਪੈਸ਼ਲ ਚੀਫ਼ ਸੈਕਟਰੀ ਕੇਬੀਐਸ ਸਿੱਧੂ ਨੂੰ ਤਲਬ ਕੀਤਾ ਹੈ।
ਅਮਰੀਕਾ ਤੋਂ ਪਰਤੇ ਕੇਬੀਐਸ ਸਿੱਧੂ ਨੂੰ ਵਿਜੀਲੈਂਸ ਹੈੱਡਕੁਆਰਟਰ ਵਿਖੇ ਜਾਂਚ ਟੀਮ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਸਿੱਧੂ ਨੂੰ ਸ਼ੁੱਕਰਵਾਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।ਜ਼ਿਕਰਯੋਗ ਹੈ ਕਿ ਪੰਜਾਬ ਹਰਿਆਣਾ ਹਾਈ ਕੋਰਟ ਨੇ ਪਿਛਲੇ ਮਹੀਨੇ ਸਿੰਚਾਈ ਘੁਟਾਲੇ ਦੇ ਕੇਸ ਵਿੱਚ ਅੰਤ੍ਰਿਮ ਰਾਹਤ ਦਿੰਦਿਆਂ ਵਿਜੀਲੈਂਸ ਬਿਊਰੋ ਪੰਜਾਬ ਨੂੰ 8 ਫਰਵਰੀ ਤੱਕ ਕੇਬੀਐਸ ਸਿੱਧੂ ਵਿਰੁੱਧ ਕੋਈ ਵੀ ਜ਼ਬਰਦਸਤੀ ਕਾਰਵਾਈ ਨਾ ਕਰਨ ਦੇ ਹੁਕਮ ਦਿੱਤੇ ਸਨ।
ਜਸਟਿਸ ਰਾਜ ਮੋਹਨ ਸਿੰਘ ਦੀ ਬੈਂਚ ਨੇ ਕੇਬੀਐਸ ਸਿੱਧੂ ਨੂੰ ਭਾਰਤ ਆਉਣ ਦੀ ਸਲਾਹ ਦਿੱਤੀ ਸੀ। ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਸੇਵਾਮੁਕਤ ਅਧਿਕਾਰੀ ਵਿਰੁੱਧ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਸੀ ਪਰ ਕੇਬੀਐਸ ਸਿੱਧੂ ਵਲੋਂ ਇਸ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਸੀ।