
ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਅੱਜ ਤਕ ਪੂਰੇ ਨਾ ਹੋਣ ਦਾ ਲਾਇਆ ਦੋਸ਼
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਵਿਚ ਹਰ ਖੇਤਰ ਵਿਚ ਲਏ ਗਏ ਫ਼ੈਸਲਿਆਂ ਨੂੰ ਲੋਕ ਵਿਰੋਧੀ ਦੱਸਦਿਆਂ ਕਿਹਾ ਹੈ ਕਿ ਸਰਕਾਰਾਂ ਲੋਕਾਂ ਦੀ ਭਲਾਈ ਲਈ ਹੁੰਦੀਆਂ ਹਨ ਨਾ ਕਿ ਜਨਤਾ ਉਤੇ ਬੋਝ ਪਾਉਣ ਲਈ। ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਸਮੇਂ ਕੀਤੇ ਵਾਅਦੇ ਅੱਜ ਤਕ ਪੂਰੇ ਨਾ ਹੋਣ ਦਾ ਦੋਸ਼ ਵੀ ਲਗਾਇਆ ਹੈ।
Bhagwant Mann
ਮਾਨ ਨੇ ਕਿਹਾ ਕਿ ਲੋਕਾਂ ਤੋਂ ਵੋਟਾਂ ਲੈ ਕੇ ਕੁਰਸੀ ਮਿਲਦਿਆਂ ਹੀ ਉਹ ਸੱਭ ਭੁੱਲ ਗਏ। ਉਨ੍ਹਾਂ ਕਿਹਾ ਕਿ ਕੈਪਟਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਪੰਜਾਬ ਅਜਿਹਾ ਸੂਬਾ ਬਣ ਗਿਆ ਹੈ ਜਿਥੇ ਸਾਰੇ ਸੂਬਿਆਂ ਨਾਲੋਂ ਮਹਿੰਗੀ ਬਿਜਲੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਜਿਸ ਸੂਬੇ ਵਿਚ ਬਿਜਲੀ ਦੀ ਪੈਦਾਵਰ ਕੀਤੀ ਜਾਂਦੀ ਹੋਵੇ ਉਥੋਂ ਦੇ ਲੋਕਾਂ ਨੂੰ ਸਾਰੇ ਦੇਸ਼ ਨਾਲੋਂ ਵੱਧ ਮਹਿੰਗੀ ਬਿਜਲੀ ਖ਼ਰੀਦਣੀ ਪਵੇ, ਜਦੋਂ ਕਿ ਦਿੱਲੀ ’ਚ ਜਿਥੇ ਬਿਜਲੀ ਦੀ ਪੈਦਾਵਰ ਨਹੀਂ, ਉਥੋਂ ਦੀ ਕੇਜਰੀਵਾਲ ਸਰਕਾਰ ਸੱਭ ਤੋਂ ਸਸਤੀ ਬਿਜਲੀ ਦੇ ਰਹੀ ਹੈ।
Capt Amrinder Singh
ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਸਾਧਨ ਤਾਂ ਆਪਣੇ ਚਹੇਤਿਆਂ ਨੂੰ ਲੁਟਾ ਰਹੇ ਹਨ ਤੇ ਸਰਕਾਰੀ ਖ਼ਜ਼ਾਨਾ ਭਰਨ ਲਈ ਲੋਕਾਂ ਉੱਤੇ ਟੈਕਸ ਮੜ ਰਹੇ ਹਨ ਤੇ ਇਸੇ ਤਰ੍ਹਾਂ ਡੀਜ਼ਲ-ਪਟਰੌਲ ਉੱਤੇ ਟੈਕਸ ਲਗਾ ਕੇ ਮਹਿੰਗਾ ਕੀਤਾ ਜਾ ਰਿਹਾ ਹੈ।
Bhagwant Mann
ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਚਲਦਿਆਂ ਪੰਜਾਬ ਦੇ ਲੋਕ ਆਰਥਕ ਬੋਝ ਹੇਠ ਦਬੇ ਗਏ ਅਤੇ ਕੈਪਟਨ ਸਾਹਿਬ ਹੋਰ ਬੋਝ ਪਾ ਰਹੇ ਹਨ। ਮਾਨ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਰੈਲੀਆਂ, ਧਰਨਿਆਂ ਵਿਚ ਜਾ ਕੇ ਕੈਪਟਨ ਨੇ ਤਨਖ਼ਾਹ ਕਮਿਸ਼ਨ, ਪੂਰੀਆਂ ਤਨਖ਼ਾਹਾਂ ਉੱਤੇ ਪੱਕੇ ਕਰਨ ਦੇ ਵਾਅਦੇ ਕੀਤੇ, ਪ੍ਰੰਤੂ ਕੁਰਸੀ ਦੇ ਨਸ਼ੇ ਵਿਚ ਸੱਭ ਭੁੱਲ ਗਏ।