ਪਟੀਸ਼ਨ ਦਾਖਲ ਕਰਕੇ ਭਗੌੜਾ ਐਲਾਨਣ ਦੇ ਹੁਕਮਾਂ ਨੂੰ ਰੱਦ ਕਰਨ ਦੀ ਕੀਤੀ ਮੰਗ
ਪਟਿਆਲਾ : ਬਲਾਤਕਾਰ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਹੁਣ ਆਪਣੇ ਵਿਰੁੱਧ ਚੱਲ ਰਹੀ ਕਾਨੂੰਨੀ ਕਾਰਵਾਈ ਨੂੰ ਚੁਣੌਤੀ ਦਿੰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਪਠਾਣਮਾਜਰਾ ਨੇ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਹੇਠਲੀ ਅਦਾਲਤ ਦੇ ਭਗੌੜਾ ਐਲਾਨਣ ਦੇ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਅਦਾਲਤ ਨੂੰ ਇਸ ਹੁਕਮ ਦੇ ਆਧਾਰ 'ਤੇ ਆਪਣੇ ਵਿਰੁੱਧ ਕਿਸੇ ਵੀ ਸਜ਼ਾ ਜਾਂ ਪੁਲਿਸ ਕਾਰਵਾਈ ਨੂੰ ਰੋਕਣ ਦੀ ਵੀ ਬੇਨਤੀ ਕੀਤੀ ਹੈ।
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਸ ਵਿਰੁੱਧ 1 ਸਤੰਬਰ ਨੂੰ ਬਲਾਤਕਾਰ ਅਤੇ ਧੋਖਾਧੜੀ ਦੇ ਦੋਸ਼ਾਂ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਬਾਅਦ ਵਿੱਚ ਉਸਨੇ ਹੇਠਲੀ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਅਤੇ 20 ਦਸੰਬਰ ਨੂੰ ਜ਼ਿਲ੍ਹਾ ਅਦਾਲਤ ਨੇ ਉਸ ਨੂੰ ਮਾਮਲੇ ਵਿੱਚ ਭਗੌੜਾ ਐਲਾਨ ਦਿੱਤਾ ਸੀ।
‘ਆਪ’ ਵਿਧਾਇਕ ਪਠਾਣਮਾਜਰਾ ਨੇ ਹਾਈ ਕੋਰਟ ’ਚ ਦਾਇਰ ਕੀਤੀ ਪਟੀਸ਼ਨ ਵਿੱਚ ਇਸ ਪੂਰੀ ਘਟਨਾ ਨੂੰ ਗੈਰ-ਕਾਨੂੰਨੀ ਦੱਸਿਆ ਹੈ। ਪਠਾਣਮਾਜਰਾ ਵੱਲੋਂ ਦਲੀਲ ਦਿੱਤੀ ਗਈ ਹੈ ਕਿ ਉਨ੍ਹਾਂ ਦੇ ਮਾਮਲੇ ਵਿੱਚ ਪੁਲਿਸ ਜਾਂਚ ਅਜੇ ਤੱਕ ਪੂਰੀ ਨਹੀਂ ਹੋਈ ਹੈ, ਨਾ ਹੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ ਕਾਨੂੰਨੀ ਪ੍ਰਕਿਰਿਆ ਦੀ ਉਲੰਘਣਾ ਬਲਕਿ ਅਜਿਹੀ ਪ੍ਰਕਿਰਿਆ ਸੰਵਿਧਾਨਕ ਅਧਿਕਾਰਾਂ 'ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਆਧਾਰ 'ਤੇ ਹੀ ਉਨ੍ਹਾਂ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਹਾਈ ਕੋਰਟ ਆਉਣ ਵਾਲੇ ਦਿਨਾਂ ਵਿੱਚ ਇਸ ਪਟੀਸ਼ਨ 'ਤੇ ਸੁਣਵਾਈ ਕਰ ਸਕਦਾ ਹੈ।
