ਛੇ ਲੋਕ ਹੋਏ ਗੰਭੀਰ ਜ਼ਖ਼ਮੀ
ਸੁਲਤਾਨਪੁਰ ਲੋਧੀ–ਡੱਲਾ ਮਾਰਗ ’ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਦੋ ਕਾਰਾਂ ਦੀ ਆਪਸ ਵਿਚ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ ਛੇ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ, ਜ਼ਖ਼ਮੀ ਸ਼ਰਧਾਲੂ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਕੇ ਵਾਪਸ ਜਾ ਰਹੇ ਸਨ। ਇਸ ਦੌਰਾਨ ਡੱਲਾ ਮਾਰਗ ’ਤੇ ਦੋਵਾਂ ਕਾਰਾਂ ਵਿਚਾਲੇ ਅਚਾਨਕ ਟੱਕਰ ਹੋ ਗਈ, ਜਿਸ ਨਾਲ ਮੌਕੇ ’ਤੇ ਅਫ਼ਰਾ-ਤਫ਼ਰੀ ਮਚ ਗਈ।
ਰਾਹਗੀਰਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।
