
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲਿਆਂ ’ਚ ਤਿੰਨ ਲੱਖ ਸਕੂਲੀ ਵਿਦਿਆਰਥੀਆਂ ਨੇ ਲਿਆ ਹਿੱਸਾ: ਵਿਜੈ ਇੰਦਰ ਸਿੰਗਲਾ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਸਾਲ ਭਰ ਚੱਲਣ ਵਾਲੇ ਜਸ਼ਨਾਂ ਤਹਿਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਨਾਂ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਵੀ ਸੂਬੇ ਦੇ ਸਰਕਾਰੀ ਸਕੂਲਾਂ ’ਚ ਵੱਖ-ਵੱਖ ਤਰਾਂ ਦੇ ਮੁਕਾਬਲੇ ਕਰਵਾਕੇ, ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀ ਬਾਣੀ, ਲਾਸਾਨੀ ਸ਼ਹਾਦਤ ਅਤੇ ਸਿੱਖਿਆਵਾਂ ਦੇ ਪਸਾਰ ਲਈ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਮੁਕਾਬਲਿਆਂ ’ਚ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜਦੇ ਲਗਭਗ ਤਿੰਨ ਲੱਖ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।
Vijay Inder Singla
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਫਰਵਰੀ ਮਹੀਨੇ ਦੇ ਪਹਿਲੇ ਪੰਦਰਵਾੜੇ ਦੌਰਾਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਕੁਰਬਾਨੀ ਤੇ ਉਪਦੇਸ਼ਾਂ ਬਾਰੇ ਭਾਸ਼ਣ ਮੁਕਾਬਲੇ ਕਰਵਾਏ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਕੋਰੋਨਾ ਮਹਾਂਮਾਰੀ ਦੌਰਾਨ ਵੀ ਸਕੂਲ ਸਿੱਖਿਆ ਵਿਭਾਗ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 11 ਸਹਿਵਿੱਦਿਅਕ ਆਨਲਾਈਨ ਮੁਕਾਬਲੇ ਕਰਵਾਏ ਜਾ ਚੁੱਕੇ ਹਨ ਜਿਨਾਂ ’ਚ ਦਸਤਾਰਬੰਦੀ, ਸ਼ਬਦ ਗਾਇਨ, ਕਵਿਤਾ ਗਾਇਨ, ਭਾਸ਼ਣ, ਪੀਪੀਟੀ ਮੇਕਿੰਗ, ਗੀਤ ਗਾਇਨ, ਚਿੱਤਰਕਲਾ, ਪੋਸਟਰ ਮੇਕਿੰਗ, ਸਲੋਗਨ ਲਿਖਣਾ, ਸਾਜ ਵਾਦਨ ਤੇ ਸੁਲੇਖ ਰਚਨਾ ਸ਼ਾਮਲ ਸਨ। ਉਨਾਂ ਦੱਸਿਆ ਕਿ ਇਨਾਂ ਮੁਕਾਬਲਿਆਂ ਦੀ ਸ਼ੁਰੂਆਤ ਸਕੂਲ ਪੱਧਰ ਤੋਂ ਹੁੰਦੀ ਹੈ ਅਤੇ ਫਿਰ ਜੇਤੂਆਂ ਵਿਚਕਾਰ ਬਲਾਕ, ਜ਼ਿਲਾ ਅਤੇ ਸੂਬਾ ਪੱਧਰੀ ਮੁਕਾਬਲੇ ਕਰਵਾਏ ਜਾਂਦੇ ਹਨ।
Vijay Inder Singla
ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਨੂੰ ਸਮਰਪਿਤ ਸਮਾਗਮਾਂ ਦਾ ਇੱਕ ਮਕਸਦ ਨਵੀਂ ਪੀੜੀ ਨੂੰ ਗੁਰੂਆਂ ਦੇ ਮਹਾਨ ਜੀਵਨ ਤੋਂ ਜਾਣੂ ਕਰਵਾਕੇ, ਵਿਦਿਆਰਥੀਆਂ ਦੀ ਸਖਸ਼ੀਅਤ ਦਾ ਵਿਕਾਸ ਕਰਨਾ ਹੈ। ਉਨਾਂ ਕਿਹਾ ਕਿ ਇਸ ਲਈ ਸਰਕਾਰੀ ਸਕੂਲ ਮੁਖੀਆਂ, ਅਧਿਆਪਕਾਂ ਤੇ ਮਾਪਿਆਂ ਨੇ ਸਮਾਗਮਾਂ ਨੂੰ ਸਫਲ ਬਣਾਉਣ ਲਈ ਬੱਚਿਆਂ ਨੂੰ ਵੱਧ-ਚੜ ਕੇ ਸਹਿਵਿਦਿਅਕ ਮੁਕਾਬਲਿਆਂ ‘ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸ਼੍ਰੀ ਸਿੰਗਲਾ ਨੇ ਕਿਹਾ ਕਿ ਉਨਾਂ ਨੂੰ ਮਾਣ ਹੈ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਹਮੇਸ਼ਾ ਹੀ ਸੂਬਾ ਸਰਕਾਰ ਦੇ ਹਰ ਤਰਾਂ ਦੇ ਸਮਾਗਮਾਂ ਨੂੰ ਸਫਲ ਬਣਾਉਣ ਲਈ ਵੱਡਾ ਯੋਗਦਾਨ ਪਾਇਆ ਹੈ।