
ਚੰਡੀਗੜ੍ਹ ਵਿਖੇ ਅਹਿਮ ਪ੍ਰੈੱਸ ਕਾਨਫਰੰਸ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿੱਖਿਆ, ਸਿਹਤ ਅਤੇ ਰੁਜ਼ਗਾਰ ਨੂੰ ਲੈ ਕੇ ਪੰਜਾਬੀਆਂ ਲਈ ਅਹਿਮ ਐਲਾਨ ਕੀਤੇ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੰਡੀਗੜ੍ਹ ਵਿਖੇ ਅਹਿਮ ਪ੍ਰੈੱਸ ਕਾਨਫਰੰਸ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿੱਖਿਆ, ਸਿਹਤ ਅਤੇ ਰੁਜ਼ਗਾਰ ਨੂੰ ਲੈ ਕੇ ਪੰਜਾਬੀਆਂ ਲਈ ਅਹਿਮ ਐਲਾਨ ਕੀਤੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜੇਕਰ ਮੁੜ ਤੋਂ ਕਾਂਗਰਸ ਸਰਕਾਰ ਸੱਤਾ ਵਿਚ ਆਉਂਦੀ ਹੈ ਤਾਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਪੜ੍ਹਾਈ ਮੁਫ਼ਤ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਐਸਸੀ ਅਤੇ ਬੀਸੀ ਵਿਦਿਆਰਥੀਆਂ ਤੋਂ ਇਲਾਵਾ ਜਨਰਲ ਕੈਟਾਗਰੀ ਦੇ ਲੋੜਵੰਦ ਵਿਦਿਆਰਥੀਆਂ ਲਈ ਵੀ ਵਜੀਫ਼ਾ ਸਕੀਮ ਲਿਆਂਦੀ ਜਾਵੇਗੀ। ਇਸ ਦੇ ਨਾਲ ਹੀ ਸਕੂਲਾਂ ਤੇ ਕਾਲਜਾਂ ਦੀ ਫ਼ੀਸ ਨਿਰਧਾਰਿਤ ਕਰਨ ਲਈ ਫੀਸ ਰੈਗੂਲੇਸ਼ਨ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸਾਡੀ ਸਰਕਾਰ ਬਣੀ ਤਾਂ ਮੈਂ ਪਹਿਲੇ ਦਿਨ 1 ਲੱਖ ਸਰਕਾਰੀ ਨੌਕਰੀਆਂ ਦੇ ਫੈਸਲੇ 'ਤੇ ਦਸਤਖਤ ਕਰਾਂਗਾ।
ਉਹਨਾਂ ਕਿਹਾ ਕਿ ਮੈਨੂੰ ਸਿਰਫ 3 ਮਹੀਨੇ ਮਿਲੇ ਸੀ, ਜੇਕਰ ਮੈਨੂੰ 5 ਸਾਲ ਮਿਲੇ ਤਾਂ ਹੋਰ ਵੀ ਬਹੁਤ ਕੁਝ ਕੀਤਾ ਜਾਵੇਗਾ ਜਾਵੇਗਾ। ਨੌਜਵਾਨਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਵਿਆਜ ਮੁਕਤ ਕਰਜ਼ਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਕਿੱਤਾਮੁਖੀ ਪੜ੍ਹਾਈ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਸਿਹਤ ਸਹੂਲਤਾਂ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਸਰਕਾਰੀ ਹਸਪਤਾਲ ’ਚ ਮੁਫ਼ਤ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਜੇਕਰ ਉਹਨਾਂ ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਪੰਜਾਬ ਦੀਆਂ ਸਾਰੀਆਂ ਛੱਤਾਂ ਪੱਕੀਆਂ ਕੀਤੀਆਂ ਜਾਣਗੀਆਂ।
ਆਮ ਆਦਮੀ ਪਾਰਟੀ ’ਤੇ ਵਰ੍ਹੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਵਿਰੋਧੀਆਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਈ ਉਮੀਦਵਾਰਾਂ 'ਤੇ ਅਪਰਾਧਿਕ ਪਰਚੇ ਹਨ। ਅਕਾਲੀ ਦਲ ਦੇ 60 ਬੰਦੇ ਕ੍ਰਿਮੀਨਲ ਰਿਕਾਰਡ ਵਾਲੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜ਼ਿਆਦਾਤਰ ਦੂਜੀਆਂ ਪਾਰਟੀਆਂ ਤੋਂ ਆਏ ਆਗੂਆਂ ਨੂੰ ਉਮੀਦਵਾਰ ਬਣਾਇਆ ਹੈ। ਜਿਨ੍ਹਾਂ ਆਗੂਆਂ ਨੂੰ ਲੋਕਾਂ ਅਤੇ ਹੋਰ ਪਾਰਟੀਆਂ ਨੇ ਨਕਾਰ ਦਿੱਤਾ ਹੈ। ਉਹ ਪੰਜਾਬ ਵਿਚ ਕੀ ਬਦਲਾਅ ਲੈ ਕੇ ਆਉਣਗੇ?”