
Punjab News : ਕੈਬਨਿਟ ਮੰਤਰੀ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ’ਚ ਤਰਸ ਦੇ ਆਧਾਰ 'ਤੇ ਇੱਕ ਕਲਰਕ ਨੂੰ ਸੌਂਪਿਆ ਨਿਯੁਕਤੀ ਪੱਤਰ
Punjab News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ 35 ਮਹੀਨਿਆਂ ਦੌਰਾਨ ਡੇਅਰੀ ਵਿਕਾਸ ਵਿਭਾਗ ਵਿੱਚ ਵੱਖ-ਵੱਖ ਅਹੁਦਿਆਂ ‘ਤੇ 48 ਨੌਜਵਾਨਾਂ ਦੀ ਭਰਤੀ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਤਰਸ ਦੇ ਆਧਾਰ 'ਤੇ ਇੱਕ ਕਲਰਕ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਸਾਂਝੀ ਕੀਤੀ। ਨਵ-ਨਿਯੁਕਤ ਕਲਰਕ ਨੂੰ ਬਿਹਤਰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕੈਬਨਿਟ ਮੰਤਰੀ ਨੇ ਉਸ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।
ਸੂਬੇ ਦੇ ਨੌਜਵਾਨਾਂ ਨੂੰ ਨੌਕਰੀ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੇਅਰੀ ਵਿਕਾਸ ਵਿਭਾਗ ਵਿੱਚ 34 ਨੌਜਵਾਨਾਂ ਨੂੰ ਡੇਅਰੀ ਵਿਕਾਸ ਇੰਸਪੈਕਟਰ ਗ੍ਰੇਡ-2, 10 ਨੌਜਵਾਨਾਂ ਨੂੰ ਕਲਰਕ, ਤਿੰਨ ਨੂੰ ਸਟੈਨੋ-ਟਾਈਪਿਸਟ ਅਤੇ ਇੱਕ ਨੂੰ ਡਰਾਈਵਰ ਵਜੋਂ ਭਰਤੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਨੌਜਵਾਨਾਂ ਨੂੰ 50,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਮੌਕੇ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀ ਕੁਲਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
(For more news apart from 48 youths got jobs in Dairy Development Department: Gurmeet Singh Khudian News in Punjabi, stay tuned to Rozana Spokesman)