
Punjab News : ਅਮਨ ਅਰੋੜਾ ਨੇ ਕਿਹਾ- ਇਹ ਫ਼ੈਸਲਾ ਇਮਾਨਦਾਰ ਅਫ਼ਸਰਾਂ ਨੂੰ ਉਤਸ਼ਾਹਿਤ ਕਰੇਗਾ ਅਤੇ ਭ੍ਰਿਸ਼ਟ ਅਫ਼ਸਰਾਂ ਖਿਲਾਫ਼ ਕਾਰਵਾਈ ਯਕੀਨੀ ਬਣਾਏਗਾ
Punjab News in Punjabi : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਦੇ ਡੀਸੀ, ਐਸਐਸਪੀ, ਐਸਡੀਐਮ ਅਤੇ ਐਸਐਚਓ ਨੂੰ ਦਿੱਤੇ ਹੁਕਮਾਂ ਦੀ ਸ਼ਲਾਘਾ ਕੀਤੀ ਹੈ ਅਤੇ ਇਸ ਨੂੰ ਇਮਾਨਦਾਰ ਪ੍ਰਸ਼ਾਸਨ ਵੱਲ ਇੱਕ ਵੱਡਾ ਕਦਮ ਕਰਾਰ ਦਿੱਤਾ ਹੈ। 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਇਮਾਨਦਾਰ ਅਤੇ ਕਾਬਲ ਅਫ਼ਸਰਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਭ੍ਰਿਸ਼ਟ ਅਫ਼ਸਰਾਂ ਖਿਲਾਫ਼ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਇਮਾਨਦਾਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਹ ਫ਼ੈਸਲਾ ਸਾਡੀ ਇਸੇ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ।
ਅਰੋੜਾ ਨੇ ਕਿਹਾ ਕਿ ਇਸ ਫੈਸਲੇ ਦਾ ਮੁੱਖ ਮੰਤਵ ਇਹ ਹੈ ਕਿ ਆਮ ਲੋਕ ਹਰ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਬਿਨਾਂ ਕਿਸੇ ਪਰੇਸ਼ਾਨੀ, ਰਿਸ਼ਵਤ ਅਤੇ ਕਾਹਲੀ ਤੋਂ ਪ੍ਰਾਪਤ ਕਰ ਸਕਣ ਅਤੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਤੋਂ ਮੁਕਤੀ ਮਿਲੇ। ਉਨ੍ਹਾਂ ਕਿਹਾ ਕਿ ਇਸ ਦੇ ਲਈ ਆਮ ਲੋਕਾਂ ਅਤੇ ਸਥਾਨਕ ਵਿਧਾਇਕਾਂ ਤੋਂ ਅਧਿਕਾਰੀਆਂ ਬਾਰੇ ਫੀਡਬੈਕ ਲਈ ਜਾਵੇਗੀ। ਪ੍ਰਾਪਤ ਫੀਡਬੈਕ ਅਨੁਸਾਰ ਇਮਾਨਦਾਰ ਅਤੇ ਚੰਗਾ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ, ਜਦਕਿ ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਦੀ ਏਸੀਆਰ ਵੀ ਇਸੇ ਫੀਡਬੈਕ ਦੇ ਆਧਾਰ 'ਤੇ ਲਿਖੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ‘ਆਪ’ ਸਰਕਾਰ ਦੇ ਚੰਗੇ ਸ਼ਾਸਨ ਦੀ ਮਿਸਾਲ ਹੈ। ਅਜਿਹੇ ਫ਼ੈਸਲੇ ਨਾਲ ਸਰਕਾਰੀ ਕੰਮ ਵਿੱਚ ਤੇਜ਼ੀ ਆਵੇਗੀ ਅਤੇ ਆਮ ਲੋਕਾਂ ਦਾ ਸਰਕਾਰ ਪ੍ਰਤੀ ਭਰੋਸਾ ਵੀ ਵਧੇਗਾ। ਅਰੋੜਾ ਨੇ ਲੋਕਾਂ ਨੂੰ ਵੀ ਇਸ ਮੁਹਿੰਮ ’ਚ ਉਤਸ਼ਾਹ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਆਪਣੀ ਰਾਏ ਅਤੇ ਅਧਿਕਾਰੀਆਂ ਦੀ ਫ਼ੀਡਬੈਕ ਸਰਕਾਰ ਨੂੰ ਦੇਣ ਤਾਂ ਜੋ ਪ੍ਰਸ਼ਾਸਨ ’ਚ ਵੱਡੇ ਪੱਧਰ 'ਤੇ ਸੁਧਾਰ ਸੰਭਵ ਹੋ ਸਕੇ।
ਇਸ ਫ਼ੈਸਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ 'ਆਪ' ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਨੂੰ ਲੈ ਕੇ ਪਹਿਲੇ ਦਿਨ ਤੋਂ ਹੀ ਜ਼ੀਰੋ ਟਾਲਰੈਂਸ ਦੀ ਨੀਤੀ ਹੈ। ਇਸ 'ਤੇ ਕੋਈ ਸਮਝੌਤਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸੈਂਕੜੇ ਭ੍ਰਿਸ਼ਟ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ। ਇਸ ਫ਼ੈਸਲੇ ਨਾਲ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਵੀ ਤੈਅ ਹੋਵੇਗੀ ਕਿ ਉਨ੍ਹਾਂ ਦੇ ਖੇਤਰ ’ਚ ਕਿਸੇ ਕਿਸਮ ਦਾ ਭ੍ਰਿਸ਼ਟਾਚਾਰ ਨਾ ਹੋਵੇ।
(For more news apart from Aam Aadmi Party welcomed government's orders stop corruption in district administration News in Punjabi, stay tuned to Rozana Spokesman)