
ਮੁਲਜ਼ਮ ਨੇ ਮੈਡੀਕਲ-ਲੀਗਲ ਰਿਪੋਰਟ ਦੀ ਰਸੀਦ ਜਾਰੀ ਕਰਨ ਬਦਲੇ ਮੰਗੀ ਰਿਸ਼ਵਤ
Vigilance Bureau nabs health employee taking Rs 7000 bribe: ਪੰਜਾਬ ਵਿਜੀਲੈਂਸ ਬਿਊਰੋ (VB) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਿਵਲ ਹਸਪਤਾਲ, ਲੁਧਿਆਣਾ ਦੇ ਐਮਰਜੈਂਸੀ ਵਾਰਡ ਵਿੱਚ ਸਹਾਇਕ ਸਤਿੰਦਰ ਕੁਮਾਰ ਨੂੰ 7000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਪਰੋਕਤ ਦੋਸ਼ੀਆਂ ਨੂੰ ਜੱਸਲ ਕਲੋਨੀ, ਲੁਧਿਆਣਾ ਦੇ ਵਸਨੀਕ ਵਿਜੇ ਕੁਮਾਰ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਗਾਇਆ ਹੈ ਕਿ ਉਪਰੋਕਤ ਕਰਮਚਾਰੀ ਨੇ ਮੈਡੀਕਲ-ਲੀਗਲ ਰਿਪੋਰਟ ਦੀ ਰਸੀਦ ਜਾਰੀ ਕਰਨ ਲਈ 10000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਦੋਸ਼ੀ ਬਾਕੀ ਰਕਮ ਦੀ ਮੰਗ ਕਰਨ 'ਤੇ ਪਹਿਲਾਂ ਹੀ ਉਸ ਤੋਂ 3000 ਰੁਪਏ ਲੈ ਚੁੱਕਾ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਸਹਾਇਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਉਕਤ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।