
'ਆਪ' ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪੀੜਤ ਕਿਸਾਨ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ : ਕਾਂਗਰਸ ਸਰਕਾਰ ਦੀ ਗ਼ਲਤ ਨੀਤੀਆਂ ਕਾਰਨ ਸੂਬੇ ਦੇ ਕਿਸਾਨ ਕਰਜ਼ੇ ਦੀ ਮਾਰ ਝੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ 'ਚ ਅਜਿਹਾ ਇੱਕ ਵੀ ਦਿਨ ਨਹੀਂ ਹੁੰਦਾ ਜਦੋਂ ਕੋਈ ਕਿਸਾਨ ਜਾਂ ਖੇਤ ਮਜ਼ਦੂਰ ਕਰਜ਼ੇ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਨਹੀਂ ਕਰਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੀਤਾ।
ਚੀਮਾ ਨੇ ਕਿਹਾ ਕਿ ਪਿਛਲੇ ਦਿਨੀਂ ਨਿਹਾਲ ਸਿੰਘ ਵਾਲਾ ਦੇ ਮਾਣੂੰਕੇ ਪਿੰਡ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਖ਼ੁਦ ਨੂੰ ਗੋਲੀ ਮਾਰ ਲਈ ਸੀ। ਇਸੇ ਤਰ੍ਹਾਂ ਗੁਰੂਹਰਸਹਾਏ ਦੇ ਪਿੰਡ ਸੋਹਨਗੜ੍ਹ 'ਚ ਕਿਸਾਨ ਨੇ ਕੀਟਨਾਸ਼ਕ ਪੀ ਕੇ ਖ਼ੁਦਕੁਸ਼ੀ ਕਰ ਲਈ ਸੀ। ਉਨ੍ਹਾਂ ਕਿਹਾ ਕਿ ਅਖ਼ਬਾਰਾਂ ਦੀਆਂ ਖ਼ਬਰਾਂ ਅਨੁਸਾਰ ਸ਼ੇਰਪੁਰ ਦੇ ਬਾਰੀ ਅਤੇ ਮਲੋਟ ਦੇ ਔਲਖ ਪਿੰਡ ਵਿਚ ਵੀ ਇਸੇ ਤਰ੍ਹਾਂ ਕਿਸਾਨ ਖ਼ੁਦਕੁਸ਼ੀਆਂ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।
ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਚੋਣਾਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲੱਭਣ ਦੇ ਝੂਠੇ ਵਾਅਦੇ ਕੀਤੇ ਸਨ ਪਰ ਉਸ ਮਗਰੋਂ ਉਨ੍ਹਾਂ ਨੇ ਸਭ ਕੁੱਝ ਵਿਸਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਰਜ਼ ਮਾਫ਼ੀ, ਕਿਸਾਨਾਂ ਦੀ ਆਮਦਨ ਵਧਾਉਣ ਸਮੇਤ ਸਾਰੇ ਵਾਅਦਿਆਂ ਤੋਂ ਯੂ-ਟਰਨ ਮਾਰਿਆ ਹੈ।
AAP MLA Kulwant Pandori visits family of diseased farmer
ਪੀੜਤ ਕਿਸਾਨ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕਰਨ ਉਪਰੰਤ ਆਮ ਆਦਮੀ ਪਾਰਟੀ ਦੇ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਕਿਸਾਨ ਖ਼ੁਦਕੁਸ਼ੀਆਂ ਦਾ ਮੁੱਦਾ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵੀ ਚੁੱਕਿਆ ਸੀ ਪਰ ਸਰਕਾਰ ਦੇ ਕੰਨ 'ਤੇ ਜੂੰ ਵੀ ਨਹੀਂ ਸਰਕੀ। ਉਨ੍ਹਾਂ ਕਿਹਾ ਕਿ ਸਰਕਾਰ ਗ਼ਰੀਬ ਕਿਸਾਨਾਂ ਦੀਆਂ ਆਤਮ ਹੱਤਿਆਵਾਂ ਰੋਕਣ ਲਈ ਗੰਭੀਰ ਨਹੀਂ ਹੈ। 'ਆਪ' ਆਗੂਆਂ ਨੇ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਇਸ ਮੁੱਦੇ 'ਤੇ ਵਾਈਟ ਪੇਪਰ ਜਾਰੀ ਕਰਦਿਆਂ ਕਿਸਾਨ ਖ਼ੁਦਕੁਸ਼ੀਆਂ ਦੇ ਸਹੀ ਅੰਕੜੇ ਲੋਕਾਂ ਸਾਹਮਣੇ ਪੇਸ਼ ਕਰੇ।