
ਇਸ ਸਦਨ ਦੀ ਯਾਦ ਆਵੇਗੀ ਪਰ ਹੁਣ ਵੱਡੀ ਜ਼ਿੰਮੇਵਾਰੀ ਨਿਭਾਉਣੀ ਹੈ।
ਚੰਡੀਗੜ੍ਹ - ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰ ਭਗਵੰਤ ਮਾਨ ਨੇ ਸੋਮਵਾਰ ਨੂੰ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪੰਜਾਬ ਦੇ ਨਵੇਂ ਚੁਣੇ ਮੁੱਖ ਮੰਤਰੀ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਸਪੀਕਰ ਓਮ ਬਿਰਲਾ ਨੂੰ ਆਪਣਾ ਅਸਤੀਫ਼ਾ ਦੇਣ ਤੋਂ ਪਹਿਲਾਂ ਆਖਿਰੀ ਵਾਰ ਲੋਕ ਸਭਾ ਵਿਚ ਹਿੱਸਾ ਲਿਆ। ਅਸਤੀਫ਼ਾ ਦੇਣ ਤੋਂ ਬਾਅਦ ਮਾਨ ਨੇ ਕਿਹਾ ਕਿ ਇਸ ਸਦਨ ਦੀ ਯਾਦ ਆਵੇਗੀ ਪਰ ਹੁਣ ਵੱਡੀ ਜ਼ਿੰਮੇਵਾਰੀ ਨਿਭਾਉਣੀ ਹੈ।
ਪੰਜਾਬ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਲੋਕ ਸਭਾ ਵਿਚ ਆਪਣੇ ਆਖਿਰੀ ਦਿਨ ਕਿਹਾ, ‘ਮੈਂ ਇਸ ਸਦਨ ਨੂੰ ਯਾਦ ਕਰਾਂਗਾ। ਪੰਜਾਬ ਦੇ ਲੋਕਾਂ ਨੇ ਮੈਨੂੰ ਪੂਰੇ ਸੂਬੇ ਦੀ ਸੇਵਾ ਲਈ ਇਕ ਵੱਡੀ ਜ਼ਿੰਮੇਵਾਰੀ ਦਿੱਤੀ ਹੈ।’’ ਉਨ੍ਹਾਂ ਕਿਹਾ ਮੈਂ ਇਥੋਂ ਦੇ ਲੋਕਾਂ ਨੂੰ ਵੀ ਵਾਅਦਾ ਕਰਦਾ ਹਾਂ ਕਿ ਸੰਗਰੂਰ ਤੋਂ ਤੁਹਾਡੀ ਇਕ ਹੋਰ ਆਵਾਜ਼ ਛੇਤੀ ਹੀ ਲੋਕ ਸਭਾ ਵਿੱਚ ਗੂੰਜੇਗੀ। ਮਾਨ 16 ਮਾਰਚ ਨੂੰ ਮੁੱਖ ਮੰਤਰੀ ਦੇ ਅਹੁਦੇ ਦਾ ਹਲਫ਼ ਲੈਣਗੇ। ਹਲਫ਼ਦਾਰੀ ਸਮਾਗਮ ਨਵਾਂਸ਼ਹਿਰ ਜ਼ਿਲ੍ਹੇ ਵਿਚ ਸਥਿਤ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਹੋਵੇਗਾ।