
ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਅੱਜ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਜਾ ਰਹੇ ਹਨ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਅੱਜ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਜਾ ਰਹੇ ਹਨ। ਭਗਵੰਤ ਮਾਨ ਸੰਗਰੂਰ ਲੋਕ ਸਭਾ ਹਲਕੇ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਉਹਨਾਂ ਦੇ ਅਸਤੀਫੇ ਤੋਂ ਬਾਅਦ ਸੰਗਰੂਰ ਲੋਕ ਸਭਾ ਸੀਟ 'ਤੇ ਜ਼ਿਮਨੀ ਚੋਣ ਹੋਵੇਗੀ।
ਉਹਨਾਂ ਨੇ ਟਵੀਟ ਕੀਤਾ, “ਅੱਜ ਦਿੱਲੀ ਜਾ ਕੇ ਮੈਂ ਸੰਗਰੂਰ ਦੇ ਸੰਸਦ ਮੈਂਬਰ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ। ਸੰਗਰੂਰ ਦੇ ਲੋਕਾਂ ਨੇ ਇੰਨੇ ਸਾਲ ਮੈਨੂੰ ਬਹੁਤ ਪਿਆਰ ਦਿੱਤਾ, ਇਸ ਲਈ ਉਹਨਾਂ ਦਾ ਧੰਨਵਾਦ। ਹੁਣ ਮੈਨੂੰ ਪੂਰੇ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਸੰਗਰੂਰ ਦੇ ਲੋਕਾਂ ਨਾਲ ਵਾਅਦਾ ਕਰਦਾ ਹਾਂ ਕਿ ਕੁਝ ਹੀ ਮਹੀਨਿਆਂ ਵਿਚ ਉਹਨਾਂ ਦੀ ਆਵਾਜ਼ ਲੋਕ ਸਭਾ 'ਚ ਫ਼ਿਰ ਗੂੰਜੇਗੀ”।
ਦੱਸ ਦੇਈਏ ਕਿ ਭਗਵੰਤ ਮਾਨ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਨਵਾਂਸ਼ਹਿਰ ਜ਼ਿਲ੍ਹੇ ਵਿਚ ਸਥਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਵੇਗਾ। ਪੰਜਾਬ ਵਿਧਾਨ ਸਭਾ ਚੋਣਾਂ 'ਚ 'ਆਪ' ਨੇ 117 'ਚੋਂ 92 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਭਗਵੰਤ ਮਾਨ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਜਿੱਤਣ ਵਿਚ ਕਾਮਯਾਬ ਰਹੇ।