
ਹਾਈ ਕੋਰਟ ਦੇ ਜਸਟਿਸ ਅਨੂਪਇੰਦਰ ਸਿੰਘ ਗਰੇਵਾਲ ਨੇ ਉਨ੍ਹਾਂ ਨੂੰ ਕੇਸ ਦਾ ਫੈਸਲਾ ਹੋਣ ਤਕ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤੈ
ਫ਼ਰੀਦਕੋਟ: ਬੇਅਦਬੀ ਮਾਮਲਿਆਂ ਵਿੱਚ ਨਾਮਜ਼ਦ ਦੋ ਡੇਰਾ ਪ੍ਰੇਮੀਆਂ ਨੂੰ ਪੰਜਾਬ ਤੇ ਹਰਿਆਣਾ ਉੱਚ ਅਦਾਲਤ ਨੇ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਹੈ। ਪ੍ਰੇਮੀਆਂ ਨੂੰ ਜੂਨ 2018 ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਹਾਈ ਕੋਰਟ ਦੇ ਜਸਟਿਸ ਅਨੂਪਇੰਦਰ ਸਿੰਘ ਗਰੇਵਾਲ ਨੇ ਉਨ੍ਹਾਂ ਨੂੰ ਕੇਸ ਦਾ ਫੈਸਲਾ ਹੋਣ ਤਕ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਡੇਰਾ ਸਿਰਸਾ ਦੇ ਪੈਰੋਕਾਰ ਸ਼ਕਤੀ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਆਪਣੇ ਘਰ ਵਿਚ ਧਾਰਮਿਕ ਸਾਖੀਆਂ ਕਥਿਤ ਤੌਰ 'ਤੇ ਇਤਰਾਜ਼ਯੋਗ ਹਾਲਤ ’ਚ ਰੱਖੀਆਂ ਹੋਈਆਂ ਸਨ।
ਪੁਲਿਸ ਨੇ ਇਨ੍ਹਾਂ ਖ਼ਿਲਾਫ਼ 13 ਜੂਨ 2018 ਨੂੰ ਧਾਰਮਿਕ ਭਾਵਨਾਵਾਂ ਭੜਕਾਉਣ, ਅਸਲਾ ਐਕਟ ਤੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ। ਪੁਲਿਸ ਨੇ ਪੜਤਾਲ ਵਿਚ ਦਾਅਵਾ ਕੀਤਾ ਸੀ ਕਿ ਇਨ੍ਹਾਂ ਡੇਰਾ ਪ੍ਰੇਮੀਆਂ ਨੇ ਡੇਰਾ ਮੁਖੀ ਨੂੰ ਸਜ਼ਾ ਤੋਂ ਬਚਾਉਣ ਲਈ ਡੇਰਾ ਪ੍ਰੇਮੀਆਂ ਨੂੰ ਭੜਕਾਇਆ ਅਤੇ ਸਰਕਾਰ ਉੱਪਰ ਦਬਾਅ ਬਣਾਉਣ ਲਈ ਸੜਕਾਂ ਅਤੇ ਰੇਲਾਂ ਰੋਕਣ ਦੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਸੀ।
Punjab And Haryana High Court
ਪੁਲਿਸ ਨੇ ਆਪਣੀ ਪੜਤਾਲ ਵਿਚ ਇਹ ਵੀ ਦਾਅਵਾ ਕੀਤਾ ਸੀ ਕਿ ਉਕਤ ਦੋਵਾਂ ਪ੍ਰੇਮੀਆਂ ਦਾ ਡੇਰੇ ਦੇ ਪ੍ਰਬੰਧਕ ਮਹਿੰਦਰਪਾਲ ਬਿੱਟੂ ਨਾਲ ਕਰੀਬੀ ਰਿਸ਼ਤਾ ਸੀ ਅਤੇ ਘਟਨਾਵਾਂ ਵਾਪਰਨ ਸਮੇਂ ਇਨ੍ਹਾਂ ਦੇ ਖਾਤੇ ਵਿਚ ਕਥਿਤ ਤੌਰ ’ਤੇ 6 ਕਰੋੜ ਦੀ ਕਰੀਬ ਰਾਸ਼ੀ ਦਾ ਵੀ ਲੈਣ ਦੇਣ ਹੋਇਆ। ਹਾਲਾਂਕਿ ਡੇਰਾ ਪ੍ਰੇਮੀ ਖ਼ੁਦ ਨੂੰ ਬੇਕਸੂਰ ਦੱਸਦੇ ਹਨ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦੇ ਹਨ।
ਦੱਸ ਦਈਏ ਕਿ 14 ਅਕਤੂਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ ਵਿਚੋਂ ਦੋ ਨੌਜਵਾਨ ਪੁਲਿਸ ਫਾਇਰਿੰਗ ਵਿੱਚ ਮਾਰੇ ਗਏ ਸਨ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਬਹਿਬਲ ਕਲਾਂ ਅਤੇ ਬਰਗਾੜੀ ਵਿੱਚ ਲੋਕ ਧਰਨਾ ਦੇ ਰਹੇ ਸਨ। ਐਸਆਈਟੀ ਨੇ ਇਸ ਸਾਲ ਫਰਵਰੀ ਵਿੱਚ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ।