
ਵਿਸਾਖੀ ਘਰਾਂ 'ਚ ਮਨਾ ਕੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਪਟਿਆਲਾ, 13 ਅਪ੍ਰੈਲ (ਤੇਜਿੰਦਰ ਫ਼ਤਿਹਪੁਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਾਸੀਆਂ ਨੂੰ ਵਿਸਾਖੀ ਦੇ ਤਿਉਹਾਰ ਮੌਕੇ ਅਪਣੇ ਘਰਾਂ ਵਿਚ ਰਹਿ ਕੇ ਸਵੇਰੇ 11 ਵਜੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਦੀ ਕੀਤੀ ਅਪੀਲ 'ਤੇ ਫੁੱਲ ਚੜ੍ਹਾਉਂਦਿਆਂ ਜ਼ਿਲ੍ਹਾ ਪਟਿਆਲਾ ਵਿਚ ਵੀ ਲੋਕਾਂ ਨੇ ਅਪਣੇ ਘਰਾਂ ਵਿਚ ਰਹਿ ਕੇ ਵਿਸਾਖੀ ਮਨਾਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪਟਿਆਲਾ ਤੋਂ ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਅਪਣੇ ਨਿਵਾਸ ਨਿਊ ਮੋਤੀ ਬਾਗ ਪੈਲੇਸ ਦੀ ਉਪਰਲੀ ਮੰਜ਼ਲ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਵਿਖੇ ਜਾ ਕੇ ਖ਼ਾਲਸਾ ਪੰਥ ਦੀ ਸਾਜਨਾ ਦਿਵਸ, ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
File photo
ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਪੀਲ ਕੀਤੀ ਸੀ ਕਿ ਸਮੂਹ ਪੰਜਾਬੀ ਅਪਣੇ ਘਰਾਂ 'ਚ ਰਹਿ ਕੇ ਹੀ ਪਰਮਾਤਮਾ ਕੋਲ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕਰਨ ਤਾਂ ਕਿ ਅਸੀਂ ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਤੋਂ ਛੁਟਕਾਰਾ ਪਾ ਸਕੀਏ ਅਤੇ ਸਾਰਾ ਪੰਜਾਬ ਤੇ ਦੇਸ਼ ਸੁਖੀ ਵਸੇ।