
ਆਰਥਿਕ ਮੰਦੀ ਦੀ ਮਾਰ ਝੱਲ ਰਹੇ ਸੂਬੇ ਦੇ ਲੋਕਾਂ ਲਈ ਮੁਫ਼ਤ ਇਲਾਜ ਦਾ ਪ੍ਰਬੰਧ ਕੀਤਾ ਜਾਵੇ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਿੱਜੀ (ਪ੍ਰਾਈਵੇਟ) ਹਸਪਤਾਲਾਂ ਵੱਲੋਂ ਕੋਰੋਨਾ ਮਰੀਜਾਂ ਦੀ ਮਹਿੰਗੇ ਇਲਾਜ ਦੇ ਨਾਂ 'ਤੇ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਇੱਕ ਨੋਡਲ ਏਜੰਸੀ ਬਣਾਈ ਜਾਵੇ ਅਤੇ ਆਰਥਿਕ ਮੰਦੀ ਦੀ ਮਾਰ ਝੱਲ ਰਹੇ ਸੂਬੇ ਦੇ ਲੋਕਾਂ ਲਈ ਮੁਫ਼ਤ ਇਲਾਜ ਦਾ ਪ੍ਰਬੰਧ ਕੀਤਾ ਜਾਵੇ।
Bhagwant Mann, Captain Amarinder Singh
ਸ਼ੁੱਕਰਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਵਾਇਰਸ ਨੇ ਪੰਜਾਬ ਦੇ ਵਸਨੀਕਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਕੋਰੋਨਾ ਪੀੜਤਾਂ ਦੀ ਗਿਣਤੀ ਵਿੱਚ ਹਰ ਰੋਜ਼ ਵਾਧਾ ਹੋ ਰਿਹਾ ਹੈ, ਪਰ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਪੀੜਤਾਂ ਦੇ ਇਲਾਜ ਲਈ ਲੋੜੀਂਦੇ ਉਪਕਰਨ, ਦਵਾਈਆਂ ਅਤੇ ਵੈਂਟੀਲੇਟਰਾਂ ਦੀ ਕਮੀ ਕਾਰਨ ਲੋਕਾਂ ਨੂੰ ਨਿੱਜੀ ਹਸਪਤਾਲਾਂ ਤੋਂ ਇਲਾਜ ਕਰਾਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।
Bhagwant Mann, Captain Amarinder Singh
ਮਾਨ ਨੇ ਦੋਸ਼ ਲਾਇਆ ਕਿ ਕੋਰੋਨਾ ਪੀੜਤਾਂ ਦੇ ਇਲਾਜ ਨੂੰ ਕੁੱਝ ਨਿੱਜੀ ਹਸਪਤਾਲਾਂ ਨੇ ਲੁੱਟ ਦਾ ਧੰਦਾ ਬਣਾ ਲਿਆ ਹੈ ਅਤੇ ਪੀੜਤਾਂ ਤੋਂ ਇਲਾਜ ਦੇ ਨਾਂ 'ਤੇ 10 ਤੋਂ 15 ਲੱਖ ਰੁਪਏ ਤੱਕ ਵਸੂਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਅਜਿਹੇ ਕੇਸ ਵੀ ਸਾਹਮਣੇ ਆਏ ਹਨ ਕਿ ਨਿੱਜੀ ਹਸਪਤਾਲ ਨੇ ਕੋਰੋਨਾ ਪੀੜਤ ਦਾ 15 ਜਾਂ 20 ਦਿਨ ਇਲਾਜ ਕੀਤਾ ਅਤੇ ਪਰਿਵਾਰ ਤੋਂ 15 ਲੱਖ ਰੁਪਏ ਵੀ ਲੈ ਲਏ, ਪਰ ਮਰੀਜ ਫਿਰ ਵੀ ਮੌਤ ਦੇ ਮੂੰਹ ਵਿੱਚ ਚਲਾ ਗਿਆ।
Bhagwant Mann, Captain Amarinder Singh
ਉਨ੍ਹਾਂ ਕਿਹਾ ਕਿ ਕੋਰੋਨਾ ਦੇ ਕਹਿਰ ਕਾਰਨ ਸੂਬੇ 'ਚ ਕੁੱਝ ਨਿੱਜੀ ਹਸਪਤਾਲਾਂ ਅਤੇ ਹੋਰ ਅਦਾਰਿਆਂ ਵੱਲੋਂ ਇਲਾਜ ਲਈ ਜ਼ਰੂਰੀ ਦਵਾਈਆਂ ਅਤੇ ਮੈਡੀਕਲ ਉਪਕਰਨਾਂ ਦੀ ਕਾਲਾਬਾਜਾਰੀ ਵੀ ਕੀਤੀ ਜਾ ਰਹੀ ਹੈ, ਪਰ ਪੰਜਾਬ ਸਰਕਾਰ ਸੁਪਨਮਈ ਨੀਂਦ ਵਿੱਚ ਸੁੱਤੀ ਪਈ ਹੈ।
Bhagwant Mann
ਭਗਵੰਤ ਮਾਨ ਨੇ ਕਿਹਾ ਕਿ ਕੁੱਝ ਨਿੱਜੀ ਹਸਪਤਾਲਾਂ ਵੱਲੋਂ ਮਰੀਜ਼ਾਂ ਦੀ ਕੀਤੀ ਜਾਂਦੀ ਆਰਥਿਕ ਲੁੱਟ ਦੇ ਲਈ ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ ਰਹੀਆਂ ਅਕਾਲੀ ਦਲ ਬਾਦਲ ਅਤੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਜਿੰਮੇਵਾਰ ਹਨ। ਪਿਛਲੇ 20 ਸਾਲਾਂ ਦੌਰਾਨ ਪੰਜਾਬ ਵਿੱਚ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠੇ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਚੰਗੀਆਂ ਸਿਹਤ ਸੇਵਾਵਾਂ ਵਾਲੇ ਸਰਕਾਰੀ ਢਾਂਚੇ ਦਾ ਨਿਰਮਾਣ ਹੀ ਨਹੀਂ ਕੀਤਾ, ਸਗੋਂ ਪ੍ਰਾਈਵੇਟ ਅਦਾਰਿਆਂ ਨੂੰ ਹੀ ਉਤਸਾਹਿਤ ਕੀਤਾ ਹੈ।
Parkash Badal And Sukhbir Badal
ਉਨ੍ਹਾਂ ਕਿਹਾ ਪ੍ਰਕਾਸ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਜਮੀਨਾਂ ਆਪਣੇ ਹਿਤੈਸੀਆਂ ਨੂੰ ਪ੍ਰਾਈਵੇਟ ਹਸਪਤਾਲ ਉਸਾਰਨ ਲਈ ਕੌਡੀਆਂ ਦੇ ਮੁੱਲ ਦਿੱਤੀਆਂ ਹਨ ਅਤੇ ਹੁਣ ਇਹੀ ਪ੍ਰਾਈਵੇਟ ਹਸਪਤਾਲਾਂ ਦੇ ਮਾਲਕ ਸੂਬੇ ਦੇ ਲੋਕਾਂ ਦੀ ਇਲਾਜ ਦੇ ਨਾਂ 'ਤੇ ਆਰਥਿਕ ਲੁੱਟ ਘਸੁੱਟ ਕਰ ਰਹੇ ਹਨ।
ਮਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨੀਂਦ ਤੋਂ ਜਾਗਣਾ ਚਾਹੀਦਾ ਹੈ ਅਤੇ ਸੂਬੇ ਦੇ ਲੋਕਾਂ ਦੀਆਂ ਜਾਨਾਂ ਬਚਾਉਣ ਅਤੇ ਇਲਾਜ ਦੇ ਨਾਂ 'ਤੇ ਹੁੰਦੀ ਮਰੀਜਾਂ ਦੀ ਆਰਥਿਕ ਲੁੱਟ ਤੋਂ ਬਚਾਉਣ ਲਈ ਇੱਕ ਉਚ ਤਾਕਤਾਂ ਵਾਲੀ ਨੋਡਲ ਏਜੰਸੀ ਦਾ ਗਠਨ ਕਰਨਾ ਚਾਹੀਦਾ ਹੈ।