
ਪੰਜਾਬ ਸਰਕਾਰ ਨੇ ਜੇਲ੍ਹਾਂ ਵਿਚੋਂ ਗਤੀਵਿਧੀਆਂ ਚਲਾਉਂਦੇ ਗੈਂਗਸਟਰਾਂ ਅਤੇ ਅਪਰਾਧੀਆਂ ਖਿਲਾਫ ਵਿੱਢੀ ਕਾਰਵਾਈ ਮੁਹਿੰਮ
ਚੰਡੀਗੜ੍ਹ : ਜੇਲ੍ਹਾਂ ਵਿੱਚੋਂ ਗਤੀਵਿਧੀਆਂ ਚਲਾਉਂਦੇ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਗਠਜੋੜ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ ਜੇਲ੍ਹਾਂ ਵਿੱਚੋਂ 710 ਮੋਬਾਈਲ ਫੋਨ ਬਰਾਮਦ ਕੀਤੇ ਹਨ।
Punjab Government
ਇਸ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ 16 ਮਾਰਚ ਤੋਂ 10 ਮਈ ਤੱਕ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਤਹਿਤ ਕੈਦੀਆਂ ਤੋਂ 710 ਦੇ ਕਰੀਬ ਮੋਬਾਈਲ ਫੋਨ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ 16 ਮਾਰਚ ਤੋਂ 31 ਮਾਰਚ ਤੱਕ 166 ਮੋਬਾਈਲ ਫੋਨ ਬਰਾਮਦ ਕੀਤੇ ਗਏ, ਜਦੋਂ ਇਕ ਤੋਂ 30 ਅਪ੍ਰੈਲ ਤੱਕ 354 ਮੋਬਾਈਲ ਬਰਾਮਦ ਹੋਏ। ਇਸ ਤੋਂ ਇਲਾਵਾ ਇਕ ਤੋਂ 10 ਮਈ ਤੱਕ ਕੀਤੀ ਕਾਰਵਾਈ ਦੌਰਾਨ 190 ਮੋਬਾਈਲ ਫੋਨ ਫੜੇ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਮੋਬਾਈਲ ਫੋਨਾਂ ਦੀ ਵਰਤੋਂ ਗੈਂਗਸਟਰ/ਸਮਗਲਰ ਜੇਲ੍ਹਾਂ ਤੋਂ ਆਪਣੀਆਂ ਕਾਰਵਾਈਆਂ ਚਲਾਉਣ ਲਈ ਕਰਦੇ ਸਨ।
CM Bhagwant Mann
ਮੁੱਖ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਦੇ ਨਾਮ ਉਤੇ ਇਹ ਫੋਨ ਨੰਬਰ ਚੱਲ ਰਹੇ ਹਨ, ਉਨ੍ਹਾਂ ਨੂੰ ਫੜਨ ਲਈ ਜਾਂਚ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਜਲਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਜਿਨ੍ਹਾਂ ਜੇਲ੍ਹਾਂ ਵਿੱਚੋਂ ਮੋਬਾਈਲ ਬਰਾਮਦ ਹੋਏ ਹਨ, ਉਨ੍ਹਾਂ ਦੇ ਅਧਿਕਾਰੀਆਂ ਤੇ ਸਟਾਫ਼ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਜਾਵੇਗੀ।
mobile phone from jail
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜੇਲ੍ਹਾਂ ਵਿੱਚੋਂ ਵੀ.ਆਈ.ਪੀ. ਸੱਭਿਆਚਾਰ ਨੂੰ ਜੜ੍ਹੋਂ ਮਿਟਾਉਣ ਲਈ ਪੰਜਾਬ ਸਰਕਾਰ ਨੇ ਸਾਰੇ ਵੀ.ਆਈ.ਪੀ. ਸੈੱਲਾਂ ਨੂੰ ਖ਼ਤਮ ਕਰਨ ਅਤੇ ਇਨ੍ਹਾਂ ਨੂੰ ਪ੍ਰਬੰਧਕੀ ਬਲਾਕਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜੇਲ੍ਹਾਂ ਵਿੱਚ ਬੰਦੀ ਹਨ, ਉਨ੍ਹਾਂ ਨੂੰ ਅਦਾਲਤਾਂ ਨੇ ਕਾਨੂੰਨ ਤੋੜਨ ਬਦਲੇ ਸਜ਼ਾਵਾਂ ਦਿੱਤੀਆਂ ਹਨ ਅਤੇ ਉਹ ਜੇਲ੍ਹਾਂ ਵਿੱਚ ਬੈਠੇ ਹੋਏ ਸਹੂਲਤਾਂ ਦਾ ਆਨੰਦ ਨਹੀਂ ਮਾਣ ਸਕਦੇ।
Bhagwant mann
ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹਾਂ ਨੂੰ ਹੁਣ ਅਸਲ ਵਿੱਚ ਸੁਧਾਰ ਘਰ ਬਣਾਇਆ ਜਾਵੇਗਾ, ਜਿੱਥੇ ਅਪਰਾਧੀਆਂ ਨੂੰ ਆਪਣੇ ਕੀਤੇ ਗੁਨਾਹਾਂ ਦੀ ਅਸਲ ਮਾਇਨਿਆਂ ਵਿੱਚ ਸਜ਼ਾ ਭੁਗਤਣੀ ਪਵੇਗੀ।