
ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਹੋਈ ਸਮਾਪਤੀ
ਸ੍ਰੀ ਫ਼ਤਹਿਗੜ੍ਹ ਸਾਹਿਬ : ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਕੀਤੀ ਸਰਹਿੰਦ ਫ਼ਤਿਹ ਨੂੰ ਸਮਰਪਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਧਾਰਮਕ ਸਮਾਗਮ ਕਰਵਾਏ ਗਏ। ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸਮੁੱਚੇ ਧਾਰਮਕ ਸਮਾਗਮ ਸਮਾਪਤ ਹੋ ਗਏ ਤੇ ਸਮਾਪਤੀ ਅਰਦਾਸ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਕਥਾਵਾਚਕ ਭਾਈ ਅਜਮੇਰ ਸਿੰਘ ਵਲੋਂ ਕੀਤੀ ਗਈ।
ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਨੇ ਸੰਬੋਧਨ ਕਰਦਿਆਂ ਸਮੁੱਚੀ ਸੰਗਤ ਦਾ ਧਨਵਾਦ ਕੀਤਾ।
ਇਹ ਵੀ ਪੜ੍ਹੋ: ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਭਾਰਤੀ ਮੂਲ ਦੇ ਵਿਦਿਆਰਥੀ ਦੀ ਮੌਤ
ਇਸ ਮੌਕੇ ਬੋਲਦਿਆਂ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ 12 ਮਈ 1710 ਈਸਵੀ ਵਿਚ ਮੁਗਲ ਸਲਤਨਤ ਦਾ ਖ਼ਾਤਮਾ ਕਰ ਕੇ ਪਹਿਲਾਂ ਜਿਥੇ ਪਹਿਲਾ ਸਿੱਖ ਰਾਜ ਸਥਾਪਤ ਕੀਤਾ ਉਥੇ ਹੀ ਜ਼ਿਮੀਂਦਾਰਾਂ ਨੂੰ ਜ਼ਮੀਨਾਂ ਦੇ ਮਾਲਕਾਨਾ ਹੱਕ ਵੀ ਸੌਂਪੇ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਜਾ ਰਹੇ ਇਹ ਧਰਮ ਸਮਾਗਮ ਆਉਣ ਵਾਲੀ ਨੌਜਵਾਨ ਪੀੜ੍ਹੀ ਲਈ ਹਮੇਸ਼ਾਂ ਪ੍ਰੇਰਨਾ ਸਰੋਤ ਬਣੇ ਰਹਿਣਗੇ ਅਤੇ ਇਹ ਅਪਣੇ ਅਮੀਰ ਵਿਰਸੇ ਨਾਲ ਜੋੜ ਕੇ ਨੌਜੁਆਨੀ ਹਮੇਸ਼ਾ ਸੇਧ ਲੈਂਦੀ ਰਹੇਗੀ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਨੇ ਇਨ੍ਹਾਂ ਤਿੰਨ ਰੋਜ਼ਾ ਧਰਮ ਸਮਾਗਮਾਂ ਵਿਚ ਵੱਡੇ ਪੱਧਰ 'ਤੇ ਸ਼ਮੂਲੀਅਤ ਕਰਨ ਵਾਲੀ ਸੰਗਤ ਦਾ ਧਨਵਾਦ ਕੀਤਾ ਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਹਰੇਕ ਸਾਲ ਮਈ ਮਹੀਨੇ ਵਿਚ ਸਰਹੰਦ ਫ਼ਤਹਿ ਦਿਵਸ ਨੂੰ ਸਮਰਪਤ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਂਦੇ ਹਨ, ਜਿਸ ਵਿਚ ਇਲਾਕੇ ਦੀ ਹੀ ਨਹੀਂ ਬਲਕਿ ਦੂਸਰੇ ਜ਼ਿਲ੍ਹਿਆਂ ਦੀ ਸੰਗਤ ਵਲੋਂ ਵੀ ਵੱਡੇ ਪੱਧਰ 'ਤੇ ਸ਼ਮੂਲੀਅਤ ਕਰ ਕੇ ਇਨ੍ਹਾਂ ਧਾਰਮਕ ਸਮਾਗਮਾਂ ਦਾ ਲਾਹਾ ਲਿਆ ਜਾਂਦਾ ਹੈ।
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਕਥਾਵਾਚਕ ਭਾਈ ਅਜਮੇਰ ਸਿੰਘ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਇਕ ਅਜਿਹੇ ਸੂਰਵੀਰ ਯੋਧਾ ਹੋਏ ਹਨ ਜਿਨ੍ਹਾਂ ਨੇ ਮੁਗਲ ਸਲਤਨਤ ਦਾ ਖ਼ਾਤਮਾ ਕੀਤਾ ਅਤੇ ਉਨ੍ਹਾਂ ਅੱਗੇ ਕਿਸੇ ਤਰ੍ਹਾਂ ਦੀ ਵੀ ਈਨ ਨਾ ਮੰਨਦਿਆਂ ਹੋਇਆ ਆਪ ਸ਼ਹੀਦੀਆਂ ਪ੍ਰਾਪਤ ਕੀਤੀਆਂ।