
HC ਨੇ BBMB, ਕੇਂਦਰ ਤੇ ਹਰਿਆਣਾ ਸਰਕਾਰ ਨੂੰ ਕੀਤਾ ਨੋਟਿਸ ਜਾਰੀ
BBMB News: ਪੰਜਾਬ ਸਰਕਾਰ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਹੁਕਮ ‘ਤੇ ਮੁੜ ਵਿਚਾਰ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕਰਕੇ 20 ਮਈ ਤੱਕ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।
ਦੱਸ ਦਈਏ ਕਿ ਹਰਿਆਣਾ ਅਤੇ ਪੰਜਾਬ ਵਿਚਾਲੇ ਚੱਲ ਰਹੇ ਪਾਣੀ ਵਿਵਾਦ ਦੇ ਵਿਚਕਾਰ, ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਇੱਕ ਸਮੀਖਿਆ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਹਾਈ ਕੋਰਟ ਨੇ ਕੇਂਦਰ ਸਰਕਾਰ, ਹਰਿਆਣਾ ਅਤੇ ਬੀਬੀਐਮਬੀ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ, ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਮਈ ਨੂੰ ਹੋਵੇਗੀ। ਹਾਈ ਕੋਰਟ ਵੱਲੋਂ ਨੋਟਿਸ ਜਾਰੀ ਕਰਨ ਨੂੰ ਮਾਨ ਸਰਕਾਰ ਦੀ ਵੱਡੀ ਜਿੱਤ ਮੰਨਿਆ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਣੀ ਦੇ ਮੁੱਦੇ ‘ਤੇ ਹਰਿਆਣਾ ਨੂੰ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਪੰਜਾਬ ਦੀ ਸਮੀਖਿਆ ਪਟੀਸ਼ਨ ਨੂੰ ਗੰਭੀਰ ਮੰਨਦੇ ਹੋਏ, ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਭੇਜਿਆ ਹੈ। ਸੀਐਮ ਮਾਨ ਨੇ ਕਿਹਾ ਕਿ ਅਦਾਲਤ ਨੇ ਪਾਣੀ ਦੀ ਵੰਡ ‘ਤੇ ਬੀਬੀਐਮਬੀ ਚੇਅਰਮੈਨ ਦੇ ਬਦਲੇ ਹੋਏ ਸਟੈਂਡ ‘ਤੇ ਵੀ ਜਵਾਬ ਮੰਗਿਆ ਹੈ। ਹਾਈ ਕੋਰਟ ਨੇ ਪੁੱਛਿਆ ਕਿ ਹਰਿਆਣਾ ਨੂੰ ਵਾਧੂ ਪਾਣੀ ਦੀ ਲੋੜ ਕਿਉਂ ਹੈ? ਬੀਬੀਐਮਬੀ ਅਤੇ ਹਰਿਆਣਾ ਦੋਵਾਂ ਨੂੰ ਸਪੱਸ਼ਟੀਕਰਨ ਦੇਣਾ ਪਵੇਗਾ।
ਮਾਨ ਨੇ ਐਕਸ ‘ਤੇ ਲਿਖਿਆ ਕਿ ਉਹ ਪੰਜਾਬ ਦੇ ਹੱਕਾਂ ਨੂੰ ਖੋਹਣ ਨਹੀਂ ਦੇਣਗੇ ਅਤੇ ਹਰ ਪਲੇਟਫਾਰਮ ‘ਤੇ ਪਾਣੀ ਲਈ ਲੜਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਪਾਣੀਆਂ ਦੇ ਅਧਿਕਾਰਾਂ ਸਬੰਧੀ ਇੱਕ ਨਵਾਂ ਮੋੜ ਸਾਬਤ ਹੋਵੇਗਾ।