
ਲੋਕਾਂ ਦੇ ਇਕ-ਇਕ ਪੈਸੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ
ਫ਼ਿਰੋਜਪੁਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁੱਕਰਵਾਰ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਜਾਰੀ ਰੱਖਦਿਆਂ ਐਲਾਨ ਕੀਤਾ ਕਿ ਸੂਬਾ ਸਰਕਾਰ ਲੋਕਾਂ ਦੇ ਇਕ-ਇਕ ਪੈਸੇ ਦੇ ਨੁਕਸਾਨ ਦਾ ਮੁਆਵਜਾ ਦੇਵੇਗੀ। ਬਚਾਅ ਤੇ ਰਾਹਤ ਕਾਰਜਾਂ ਦਾ ਨਿਰੀਖਣ ਕਰਨ ਲਈ ਪਿੰਡ ਨਿਹਾਲਾ ਲਵੇਰਾ ਦਾ ਦੌਰਾ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰਾਂ ਦੇ ਨੁਕਸਾਨ ਦਾ ਪਤਾ ਲਾਉਣ ਲਈ ਵਿਸੇਸ ਗਿਰਦਾਵਰੀ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਡਿਪਟੀ ਕਮਿਸਨਰਾਂ ਨੂੰ ਬਰਸਾਤ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ‘ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਨ ਲਈ ਡਿਪਟੀ ਕਮਿਸਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜਮੀਨੀ ਪੱਧਰ ‘ਤੇ ਸਥਿਤੀ ਦਾ ਜਾਇਜਾ ਲੈਣ ਲਈ ਵਿਆਪਕ ਪੱਧਰ ‘ਤੇ ਕੋਸ਼ਿਸ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫਰਜ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਹਰੇਕ ਲੋੜਵੰਦ ਵਿਅਕਤੀ ਤੱਕ ਵੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਯਕੀਨੀ ਬਣਾਉਣ ਉਤੇ ਵਿਸੇਸ ਜੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਬੁਰੀ ਤਰ੍ਹਾਂ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਨੂੰ ਨੇਪਰੇ ਚਾੜ੍ਹਨ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਡੈਮ ਸੁਰੱਖਿਅਤ ਹਨ ਅਤੇ ਪਾਣੀ ਖਤਰੇ ਦੇ ਨਿਸਾਨ ਤੋਂ ਹੇਠਾਂ ਵਹਿ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਤੇਜ ਵਹਾਅ ਕਾਰਨ ਕਈ ਥਾਈਂ ਖੇਤਾਂ ਵਿੱਚ ਝੋਨੇ ਦੀ ਫਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਜਲਦੀ ਕਿਸਾਨਾਂ ਨੂੰ ਵੱਧ ਝਾੜ ਦੇਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਪਨੀਰੀ ਮੁਫਤ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਖੇਤੀਬਾੜੀ ਯੂਨੀਵਰਸਿਟੀ, ਪਨਸੀਡ, ਖੇਤੀਬਾੜੀ ਵਿਭਾਗ ਅਤੇ ਹੋਰਾਂ ਨੂੰ ਇਨ੍ਹਾਂ ਕਿਸਮਾਂ ਦੀ ਪਨੀਰੀ ਤਿਆਰ ਕਰਨ ਦੇ ਨਿਰਦੇਸ ਦੇ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਨੀਰੀ ਅਗਲੇ ਚਾਰ-ਪੰਜ ਦਿਨਾਂ ਵਿੱਚ ਤਿਆਰ ਹੋ ਜਾਵੇਗੀ, ਜਿਸ ਤੋਂ ਬਾਅਦ ਇਹ ਕਿਸਾਨਾਂ ਨੂੰ ਮੁਫਤ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਕਰੀਬ 15 ਜ਼ਿਲ੍ਹੇ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਹਨ, ਜਿੱਥੇ ਲੋੜ ਪੈਣ ‘ਤੇ ਇਹ ਪਨੀਰੀ ਅੰਨਦਾਤਿਆਂ ਨੂੰ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਸੂਬੇ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਜਾਣ ਕੇ ਖੁਸੀ ਹੋਈ ਹੈ ਕਿ ਸੂਬੇ ਵਿੱਚ ਹੜ੍ਹ ਦਾ ਪਾਣੀ ਤੇਜੀ ਨਾਲ ਘਟ ਰਿਹਾ ਹੈ, ਜਿਸ ਕਾਰਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜੀ ਆ ਰਹੀ ਹੈ। ਉਨ੍ਹਾਂ ਨੇ ਰਾਹਤ ਕਾਰਜਾਂ ਵਿੱਚ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਲਈ ਬੀ.ਐੱਸ.ਐੱਫ./ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਦੀ ਵੀ ਸਲਾਘਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੁਸਕਲ ਹਾਲਾਤ ਵਿੱਚ ਲੋਕਾਂ ਦੀ ਸੇਵਾ ਕਰਨ ਲਈ ਜਾਣਿਆ ਜਾਂਦਾ ਹੈ ਅਤੇ ਅਸੀਂ ਇਸ ਚੁਣੌਤੀ ਨੂੰ ਵੀ ਪਾਰ ਕਰ ਲਵਾਂਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਇਸ ਸੰਕਟ ਦਾ ਮੁਕਾਬਲਾ ਕਰਨ ਲਈ ਇਕ ਵਾਰ ਫਿਰ ਹੌਸਲਾ ਤੇ ਲਾਮਿਸਾਲ ਸਾਹਸ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹਰ ਤਰ੍ਹਾਂ ਦੀਆਂ ਔਕੜਾਂ ਨਾਲ ਲੜਨ ਦੇ ਅਦੁੱਤੀ ਜਜਬੇ ਦੀ ਬਖਸ਼ਿਸ ਹੈ, ਜਿਸ ਕਾਰਨ ਪੰਜਾਬੀ ਹਰੇਕ ਮੁਸਕਲ ਵਿੱਚੋਂ ਨਿਕਲ ਕੇ ਅੱਜ ਇੱਥੋਂ ਤੱਕ ਪੁੱਜੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਮਾਲ ਦੀ ਸਾਂਝ ਅਤੇ ਸਦਭਾਵਨਾ ਦਿਖਾਉਂਦਿਆਂ ਇਕ ਦੂਜੇ ਦੀ ਮਦਦ ਕੀਤੀ ਹੈ।